5 Dariya News

ਪੰਜਾਬ ਵਿਚ ਵਿਕਾਸ ਦਾ ਦੌਰ ਮੁੜ ਸ਼ੁਰੂ ਕਰਨ ਲਈ ਅਕਾਲੀ ਦਲ-ਬਸਪਾ ਗਠਜੋੜ ਪੰਜਾਬੀਆਂ ਵੱਲੋਂ ਇਕ ਮੌਕਾ ਪ੍ਰਾਪਤ ਕਰਨ ਦਾ ਹੱਕਦਾਰ: ਸੁਖਬੀਰ ਸਿੰਘ ਬਾਦਲ

ਕਿਹਾ ਕਿ ਆਪ ਉਸੇ ਤਰੀਕੇ ਪੰਜਾਬੀਆਂ ਨੁੰ ਧੋਖਾ ਦੇਣ ਦਾ ਯਤਨ ਕਰ ਰਹੀ ਹੈ ਜਿਵੇਂ ਕਾਂਗਰਸ ਨੇ ਝੂਠੀਆਂ ਸਹੁੰਆਂ ਚੁੱਕ ਕੇ ਦਿੱਤਾ

5 Dariya News

ਅਮਲੋਹ/ ਰਾਜਪੁਰਾ 06-Feb-2022

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਜੇਕਰ ਪੰਜਾਬ ਵਿਚ ਸਰਵ ਪੱਖੀ ਵਿਕਾਸ, ਸ਼ਾਂਤੀ ਤੇ ਖੁਸ਼ਹਾਲੀ ਮੁੜ ਲਿਆਉਣੀ ਹੈ ਤਾਂ ਫਿਰ ਪੰਜਾਬੀਆਂ ਨੁੰ ਅਕਾਲੀ ਦਲ ਤੇ ਬਸਪਾ ਗਠਜੋੜ ਨੁੰ ਇਕ ਮੌਕਾ ਦੇਣਾ ਚਾਹੀਦਾ ਹੈ ਜਿਸਦਾ ਉਹ ਹੱਕਦਾਰ ਵੀ ਹੈ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਜੋ ਅਮਲੋਹ/ਮੰਡੀਗੋਬਿੰਦਗੜ੍ਹ ਵਿਚ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਬਨੂੜ/ਰਾਜਪੁਰਾ ਵਿਚ ਚਰਨਜੀਤ ਸਿੰਘ ਬਰਾੜ ਦੇ ਹੱਕ ਵਿਚ ਜਨਤਕ ਇਕੱਠਾਂ ਨੁੰ ਸੰਬੋਧਨ ਕਰ ਰਹੇ ਸਨ, ਨੇ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਰਿਕਾਰਡ ਵਿਕਾਸ ਕਰਵਾਇਆ, ਸੂਬੇ ਨੁੰ ਬਿਜਲੀ ਸਰਪਲੱਸ ਬਣਾਇਆ, ਵਿਸ਼ਵ ਪੱਧਰੀ ਸੜਕਾਂ ਬਣਾਈਆਂ ਤੇ ਹਵਾਈ ਸੰਪਰਕ ਬਣਾਇਆ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜ ਸਾਲ ਬਰਬਾਦ ਕਰ ਦਿੱਤੇ ਹਨ ਤੇ ਹੁਣ ਸਾਡੇ ਕੋਲ ਇਕ ਹੋਰ ਖਿਡਾਰੀ ਆਮ ਆਦਮੀ ਪਾਰਟੀ ਆ ਗਈ ਹੈ ਜੋ ਉਸੇ ਤਰੀਕੇ ਪੰਜਾਬੀਆਂ ਨੂੰ ਠੱਗਣਾ ਚਾਹੁੰਦੀ ਹੈ ਜਿਵੇਂ ਕਾਂਗਰਸ ਨੇ ਠੱਗਿਆ।ਪੰਜਾਬੀਆਂ ਨੂੰ ਆਮ ਆਦਮੀ ਪਾਰਟੀ ਦੀਆਂ ਗਰੰਟੀਆਂ ’ਤੇ ਵਿਸ਼ਵਾਸ ਨਾ ਕਰਨ ਲਈ ਕਹਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਸਮੇਤ ਜੋ ਵਾਅਦੇ ਪੰਜਾਬੀਆਂ ਨਾਲ ਕੀਤੇ ਹਨ, ਉਹਨਾਂ ਵਿਚੋਂ ਇਕ ਵੀ ਦਿੱਲੀ ਦੇ ਲੋਕਾਂ ਲਈ ਲਾਗੂ ਨਹੀਂ ਕੀਤਾ ਗਿਆ।  

ਉਹਨਾਂ ਕਿਹਾ ਕਿ ਲੋਕਾਂ ਨੁੰ ਬੁਢਾਪਾ ਪੈਨਸ਼ਨ, ਆਟਾ ਦਾਲ ਸਕੀਮ ਅਤੇ ਸ਼ਗਨ ਸਕੀਮ ਸਮੇਤ ਕਿਸੇ ਵੀ ਸਮਾਜ ਭਲਾਈ ਸਕੀਮ ਦਾ ਲਾਭ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਦਿੱਲੀ ਵਿਚ ਕਿਸਾਨਾਂ ਨੂੰ ਮੁਫਤ ਬਿਜਲੀ ਨਹੀਂ ਮਿਲ ਰਹੀ ਤੇ ਲੋਕਾਂ ਨੁੰ ਬਿਜਲੀ 12 ਤੋਂ 13 ਰੁਪਏ ਪ੍ਰਤੀ ਯੁਨਿਟ ਮਿਲ ਰਹੀ ਹੈ।ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬੀ ਪੰਜਾਬ ਦੇ ਮਾਮਲਿਆਂ ’ਤੇ ਆਮ ਆਦਮੀ ਪਾਰਟੀ ਦੇ ਪਿਛਲੇ ਰਿਕਾਰਡ ਤੋਂ ਭਲੀ ਭਾਂਤ ਜਾਣੂ ਹਨ। ਉਹਨਾਂ ਕਿਹਾ ਕਿ ਇਸਦੀ ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਵਿਚ ਹਲਫੀਆ ਬਿਆਨ ਦਾਇਰ ਕਰ ਕੇ ਪੰਜਾਬ ਦੇ ਪਾਣੀਆਂ ਵਿਚੋਂ ਦਿੱਲੀ ਤੇ ਹਰਿਆਣਾ ਲਈ ਹਿੱਸਾ ਮੰਗਿਆ। ਇਸਨੇ ਪੰਜਾਬ ਦੇ ਚਾਰ ਥਰਮਲ ਪਲਾਂਟ ਬੰਦ ਕਰਨ ਦੀ ਮੰਗ ਕੀਤੀ  ਤੇ ਨਾਲ ਹੀ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੀ ਮੰਗ ਕੀਤੀ। ਉਹਨਾਂ ਨੇ ਪਾਰਟੀ ਦੀਆਂ ਟਿਕਟਾਂ ਦੀ ਸਭ ਤੋਂ ਵੱਧ ਬੋਲੀ ਲਾਉਣ ਵਾਲਿਆਂ ਨੁੰ ਵੇਚਣ ਲਈ ਅਰਵਿੰਦ ਕੇਜਰੀਵਾਲ ਦੀ ਨਿਖੇਧੀ ਵੀ ਕੀਤੀ। ਉਹਨਾਂ ਕਿਹਾ ਕਿ ਪਾਰਟੀ ਅਪਰਾਧਿਕ ਪਿਛੋਕੜ ਵਾਲਿਆਂ ਨੂੰ ਟਿਕਟਾਂ ਦੇ ਕੇ ਪੰਜਾਬ ਦੇ ਸਿਆਸੀ ਮਾਹੌਲ ਨੁੰ ਖਰਾਬ ਕਰ ਰਹੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਬਠਿੰਡਾ ਦਿਹਾਤੀ ਦੀ ਟਿਕਟ ਅਮਿਤ ਰਤਨ ਨੁੰ ਦਿੱਤੀ ਹੈ ਜਿਸਨੁੰ ਅਕਾਲੀ ਦਲ ਨੇ ਲੋਕਾਂ ਨਾਲ ਠੱਗੀ ਮਾਰਦਿਆਂ ਫੜਨ ਮਗਰੋਂ ਪਾਰਟੀ ਵਿਚੋਂ ਕੱਢ ਦਿੱਤਾ ਸੀ। ਉਹਨਾਂ ਕਿਹਾ ਕਿ ਇਸਨੇ ਘਨੌਰ ਵਿਚ ਭਗੌੜੇ ਨੁੰ ਟਿਕਟ ਦੇ ਦਿੱਤੀ ਹੈ।ਕਾਂਗਰਸ ਸਰਕਾਰ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੈ ਜਦੋਂ ਤੁਸੀਂ ਵੇਖਿਆ ਕਿ ਕਾਂਗਰਸ ਦੇ ਹਰਦਿਆਲ ਕੰਬੋਜ ਤੇ ਮਦਨ ਲਾਲ ਜਲਾਲਪੁਰ ਵਰਗੇ ਵਿਧਾਇਕਾਂ ਨੇ ਸ਼ਰਾਬ ਤੇ ਰੇਤਾ ਮਾਫੀਆ ਦੀ ਅਗਵਾਈ ਕੀਤੀ।

ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਰਾਜਕਾਲ ਵਿਚ ਸੇਵਾ ਕੇਂਦਰ ਬੰਦ ਹੋਏ ਤੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਬੰਦ ਕੀਤੀ, ਖੇਡ ਕਿੱਟਾਂ ਦੀ ਵੰਡ ਬੰਦ ਕਰਵਾ ਦਿੱਤੀ ਤੇ ਵਿਸ਼ਵ ਕਬੱਡੀ ਕੱਪ ਦੀ ਮੇਜ਼ਬਾਨੀ ਬੰਦ ਕਰ ਦਿੱਤੀ। ਉਹਨਾਂ ਕਿਹਾ ਕਿ ਇਸ ਸਰਕਾਰ ਨੇ ਪੂਰਨ ਕਿਸਾਨੀ ਕਰਜ਼ੇ ਮੁਆਫ ਕਰਨ, ਘਰ ਘਰ ਨੌਕਰੀ ਦੇਣ, ਬੇਰੋਜ਼ਗਾਰਾਂ ਨੁੰ 2500 ਰੁਪਏ ਪ੍ਰਤੀ ਮਹੀਨਾ ਬੇਰੋਜ਼ਗਾਰੀ ਭੱਤਾ ਦੇਣ, 2500 ਰੁਪਏ ਬੁਢਾਪਾ ਪੈਨਸ਼ਨ ਦੇਣ ਅਤੇ 51000 ਰੁਪਏ ਸ਼ਗਨ ਸਕੀਮ ਤਹਿਤ ਰਾਸ਼ੀ ਦੇਣ ਵਰਗੇ ਸਾਰੇ ਵਾਅਦੇ ਵਿਸਾਰ ਦਿੱਤੇ।ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਕਾਂਗਰਸ ਪਾਰਟੀ ਵਾਂਗ ਝੂਠੀਆਂ ਸਹੁੰਆਂ ਨਹੀਂ ਚੁੱਕਾ। ਅਸੀਂ ਹਮੇਸ਼ਾ ਆਪਣੇ ਵਾਅਦੇ ਪੂਰੇ ਕੀਤੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਗਰੀਬੀ ਰੇਖਾ ਤੋਂ ਹੇਠਲੇ ਪਰਿਵਾਰਾਂ ਦੀ ਅਗਵਾਈ ਕਰਨ ਵਾਲੀਆਂ ਮਹਿਲਾਵਾਂ ਨੂੰ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਸਹਾਇਤਾ ਦੇਵੇਗਾ। ਉਹਨਾਂ ਕਿਹਾ ਕਿ ਅਗਲੀ ਸਰਕਾਰ ਬੇਘਰਿਆਂ ਨੁੰ ਪੰਜ ਪੰਜ ਮਰਲੇ ਦੇ ਪਲਾਟ ਵੀ ਦੇਵੇਗੀ। ਉਹਨਾਂ ਕਿਹਾ ਕਿ ਜਿਹੜੇ ਪਿੰਡਾਂ ਵਿਚ ਸ਼ਾਮਲਾਟ ਜ਼ਮੀਨਾਂ ਨਹੀਂ ਹਨ, ਉਥੇ ਸਰਕਾਰ ਜ਼ਮੀਨ ਖਰੀਦ ਕੇ ਅਜਿਹੇ ਲੋਕਾਂ ਨੁੰ ਪਲਾਟ ਦੇਵੇਗੀ। ਉਹਨਾਂ ਇਹ ਵੀ ਐਲਾਨ ਕੀਤਾ ਕਿ ਜਿਹੜੇ ਲੋਕਾਂ ਕੋਲ ਇਕ ਵੀ ਟਿਊਬਵੈਲ ਕੁਨੈਕਸ਼ਨ ਨਹੀਂ ਹੈ, ਸਰਕਾਰ ਬਣਦਿਆਂ ਹੀ ਤਰਜੀਹ ਦੇ ਆਧਾਰ ’ਤੇ ਉਹਨਾਂ ਨੁੰ ਟਿਊਬਵੈਲ ਕੁਨੈਕਸ਼ਨ ਦਿੱਤੇ ਜਾਣਗੇ।ਸਰਦਾਰ ਬਾਦਲ ਨੇ ਇਹ ਵੀ ਐਲਾਲ ਕੀਤਾ ਕਿ ਸਾਡੀ ਸਰਕਾਰ ਇਕ ਲੱਖ ਸਰਕਾਰੀ ਨੌਕਰੀਆਂ ਤੇ 10 ਲੱਖ ਪ੍ਰਾਈਵੇਟ ਸੈਕਟਰ ਵਿਚ ਨੌਕਰੀਆਂ ਦੇਵੇਗੀ। ਉਹਨਾਂ ਕਿਹਾ ਕਿ ਗਠਜੋੜ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੁੰ ਤਕਨੀਕੀ ਸਿੱਖਿਆ ਸੰਸਥਾਵਾਂ ਵਿਚ 33 ਫੀਸਦੀ ਰਾਖਵਾਂਕਰਨ ਦੇਵੇਗੀ। ਉਹਨਾਂ ਨੇ ਪ੍ਰਾਈਵੇਟ ਸੈਕਟਰ ਵਿਚ ਪੰਜਾਬੀਆਂ ਲਈ 75 ਫੀਸਦੀ ਨੌਕਰੀਆਂ ਰਾਖਵੀਂਆਂ ਰੱਖਣ ਦਾ ਐਲਾਨ ਵੀ ਕੀਤਾ।