ਸਰਕਾਰੀ ਸਕੂਲਾਂ ਨੂੰ ਅਪਗ੍ਰੇਡ ਕਰਨਾ ਅਤੇ ਸਿੱਖਿਆ ਦਾ ਪੱਧਰ ਉੱਚਾ ਚੁੱਕਣਾ ਪਹਿਲੀ ਤਰਜੀਹ : ਸੰਜੀਵ ਵਸ਼ਿਸ਼ਟ
5 Dariya News
ਮੋਹਾਲੀ 11-Feb-2022
ਕਾਂਗਰਸ ਸਰਕਾਰ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਬਦਲਣ ਦੇ ਦਾਅਵੇ ਕਰਦੀ ਆ ਰਹੀ ਹੈ। ਪਰ ਜੇਕਰ ਮੋਹਾਲੀ ਜ਼ਿਲ੍ਹੇ ਦੇ ਸਕੂਲਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੂੰ ਦੇਖ ਕੇ ਪਤਾ ਲੱਗਦਾ ਹੈ ਕਿ ਕੁੱਲ ਕਿੰਨੇ ਸਮਾਰਟ ਹੋ ਗਏ ਹਨ। ਸਿਰਫ਼ ਸਕੂਲਾਂ ਦੇ ਬਾਹਰ ਵਧੀਆ ਪੇਂਟ ਕਰਵਾ ਕੇ ਸਕੂਲਾਂ ਨੂੰ ਸਮਾਰਟ ਨਹੀਂ ਬਣਾਇਆ ਜਾ ਸਕਦਾ । ਸਗੋਂ ਉੱਥੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦੀ ਲੋੜ ਹੁੰਦੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਸੰਜੀਵ ਵਸ਼ਿਸ਼ਟ ਨੇ ਸ਼ੁੱਕਰਵਾਰ ਨੂੰ ਆਪਣੇ ਚੋਣ ਪ੍ਰਚਾਰ ਦੌਰਾਨ ਪਿੰਡ ਬਡ ਮਾਜਰਾ ਇਕ ਚੋਣ ਮੀਟਿੰਗ ਵਿਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਇਸ ਦੌਰਾਨ ਲੋਕਾਂ ਦਾ ਭਾਰੀ ਇਕੱਠ ਵੇਖਦੇ ਹੋਏ ਵਸ਼ਿਸ਼ਟ ਨੇ ਕਿਹਾ ਕਿ ਲੋਕਾਂ ਦੇ ਇੰਨੇ ਪਿਆਰ ਸਦਕਾ ਉਨ੍ਹਾਂ ਦੀ ਜਿੱਤ ਯਕੀਨੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ ਵਿਚ ਸਕੂਲ ਵਿਚ ਪੜ੍ਹਾਉਣ ਵਾਲੇ ਅਧਿਆਪਕ ਜਮਾਤਾਂ ਨਾਲੋਂ ਵੱਧ ਸੜਕਾਂ 'ਤੇ ਰੋਸ ਪ੍ਰਦਰਸ਼ਨ ਕਰਦੇ ਨਜ਼ਰ ਆਉਂਦੇ ਨਜ਼ਰ ਆਏ । ਅਜਿਹੇ 'ਚ ਸਕੂਲਾਂ ਦੇ ਅੰਦਰ ਕਿਸ ਤਰ੍ਹਾਂ ਦੀ ਸਮਾਰਟ ਐਜੂਕੇਸ਼ਨ ਚੱਲ ਰਹੀ ਹੋਵੇਗੀ, ਇਸ ਦਾ ਅੰਦਾਜਾ ਲਗਾਇਆ ਜਾ ਸਕਦਾ ਹੈ।
ਇਸ ਮੌਕੇ ਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਅਤੇ ਪੰਚਕੂਲਾ ਦੇ ਵਿਧਾਇਕ ਗਿਆਨ ਚੰਦ ਗੁਪਤਾ, ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ, ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਸੰਜੇ ਟੰਡਨ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਦੇ ਵਰਕਰ ਹਾਜ਼ਰ ਸਨ।ਵਸ਼ਿਸ਼ਟ ਨੇ ਕਿਹਾ ਕਿ ਉਹ ਲੋਕਾਂ ਨਾਲ ਵਾਅਦਾ ਕਰਦੇ ਹਨ ਕਿ ਜੇਕਰ ਉਨ੍ਹਾਂ ਨੂੰ ਲੋਕਾਂ ਦਾ ਪਿਆਰ ਅਤੇ ਸਹਿਯੋਗ ਮਿਲਿਆ ਤਾਂ ਉਨ੍ਹਾਂ ਦੀ ਪਹਿਲੀ ਤਰਜੀਹ ਜ਼ਿਲ੍ਹੇ ਦੇ ਸਰਕਾਰੀ ਸਕੂਲ ਨੂੰ ਅਪਗ੍ਰੇਡ ਕਰਕੇ ਸਿੱਖਿਆ ਦਾ ਮਿਆਰ ਉੱਚਾ ਚੁੱਕਣਾ ਹੋਵੇਗੀ। ਤਾਂ ਜੋ ਬੱਚਿਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ ਅਤੇ ਉਨ੍ਹਾਂ ਦਾ ਭਵਿੱਖ ਉੱਜਵਲ ਹੋ ਸਕੇ। ਇਸ ਦੇ ਨਾਲ ਜ਼ਿਲ੍ਹੇ ਦੇ ਵਸਨੀਕ ਵਿਦਿਆਰਥੀਆਂ ਨੂੰ ਪਹਿਲੀ ਤੋਂ ਪੋਸਟ ਗ੍ਰੈਜ਼ੂਏਸ਼ਨ ਦੀ ਸਿੱਖਿਆਂ ਵੀ ਮੁਫ਼ਤ ਕਰਵਾਈ ਜਾਵੇਗੀ।ਉਨ੍ਹਾਂ ਕਿਹਾ ਕਿ ਕਈ ਸਿਆਸੀ ਪਾਰਟੀਆਂ ਲੋਕਾਂ ਨੂੰ ਮੁਫ਼ਤ ਸਾਮਾਨ ਦੇਣ ਦਾ ਲਾਲਚ ਦਿੰਦੀਆਂ ਹਨ, ਪਰ ਲੋਕਾਂ ਨੂੰ ਇਲਾਜ ਲਈ ਚੰਗੀ ਸਿੱਖਿਆ ਅਤੇ ਚੰਗੇ ਹਸਪਤਾਲਾਂ ਦੀ ਲੋੜ ਹੈ ਨਾ ਕਿ ਮੁਫ਼ਤ ਸਾਮਾਨ ਦੀ। ਜੇਕਰ ਸਿਆਸੀ ਪਾਰਟੀਆਂ ਇਸ ਨੂੰ ਸਮਝ ਕੇ ਇਸ ਦਿਸਾ ਵਿਚ ਕੰਮ ਕਰਨ ਤਾਂ ਉਨ੍ਹਾਂ ਨੂੰ ਚੋਣਾਂ ਦੇ ਦਿਨਾਂ ਵਿਚ ਲੋਕਾਂ ਨੂੰ ਵੋਟਾਂ ਮੰਗਣ ਲਈ ਤਰ੍ਹਾਂ-ਤਰ੍ਹਾਂ ਦੇ ਭਰਮਾਉਣ ਦੀ ਲੋੜ ਨਹੀਂ ਪਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਰੀ ਬਿਹਤਰ ਸਕੀਮਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਇਸ ਵਾਰ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਦੇ ਲੋਕਾਂ ਨੂੰ ਵੀ ਇਨ੍ਹਾਂ ਸਹੂਲਤਾਂ ਦਾ ਲਾਭ ਦਿੱਤਾ ਜਾਵੇਗਾ।