5 Dariya News

ਜ਼ਿਲ੍ਹਾ ਤਰਨ ਤਾਰਨ ਦੇ ਚਾਰੇ ਵਿਧਾਨ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਚੋਣ ਪ੍ਰਕਿਰਿਆ ਮੁਕੰਮਲ ਹੋਣ ‘ਤੇ ਚੋਣ ਅਮਲੇ, ਪ੍ਰਸ਼ਾਸਨਿਕ ਅਧਿਕਾਰੀਆਂ ਤੇ ਕਰਮਚਾਰੀਆਂ, ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਅਤੇ ਨੁਮਾਇੰਦਿਆਂ ਦਾ ਧੰਨਵਾਦ

5 Dariya News

ਤਰਨ ਤਾਰਨ 10-Mar-2022

ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਜ਼ਿਲ੍ਹਾ ਤਰਨ ਤਾਰਨ ਦੇ ਚਾਰਾਂ ਵਿਧਾਨ ਸਭਾ ਹਲਕਿਆਂ ਲਈ 20 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ ਅੱਜ ਮੁਕੰਮਲ ਹੋ ਗਿਆ।ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਕੁਲਵੰਤ ਸਿੰਘ ਅਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਯੁਕਤ ਚੋਣ ਅਬਜ਼ਰਬਰਾਂ ਦੀ ਨਿਗਰਾਨੀ ਹੇਠ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ ਹੋਇਆ।ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਕਸ਼ਮੀਰ ਸਿੰਘ ਸੋਹਲ, ਵਿਧਾਨ ਸਭਾ ਹਲਕਾ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਸਰਵਨ ਸਿੰਘ ਧੁੰਨ, ਵਿਧਾਨ ਸਭਾ ਹਲਕਾ ਪੱਟੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਲਾਲਜੀਤ ਸਿੰਘ ਭੁੱਲਰ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਜੇਤੂ ਰਹੇ।ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਕਸ਼ਮੀਰ ਸਿੰਘ ਸੋਹਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ੍ਰੀ ਹਰਮੀਤ ਸਿੰਘ ਸੰਧੂ ਨੂੰ 13588 ਵੋਟਾਂ ਦੇ ਫਰਕ ਨਾਲ ਹਰਾਇਆ।ਡਾ. ਕਸ਼ਮੀਰ ਸਿੰਘ ਸੋਹਲ ਨੂੰ 52935 ਅਤੇ ਸ੍ਰੀ ਹਰਮੀਤ ਸਿੰਘ ਸੰਧੂ ਨੂੰ 39347 ਵੋਟਾਂ ਪਈਆਂ।

ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਸਰਵਨ ਸਿੰਘ ਧੁੰਨ ਨੇ  ਸ਼ੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੂੰ 11882 ਵੋਟਾਂ ਨਾਲ ਹਰਾਇਆ।ਸ੍ਰੀ ਸਰਵਨ ਸਿੰਘ ਧੁੰਨ ਨੂੰ 64541 ਵੋਟਾਂ ਅਤੇ ਵਿਰਸਾ ਸਿੰਘ ਵਲਟੋਹਾ ਨੂੰ 52659 ਵੋਟਾਂ ਪਈਆਂ।

ਵਿਧਾਨ ਸਭਾ ਹਲਕਾ ਪੱਟੀ ਤੋਂ ਸ੍ਰੀ ਲਾਲਜੀਤ ਸਿੰਘ ਭੁੱਲਰ ਜੇਤੂ ਰਹੇ। ਉਹਨਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ 10999 ਵੋਟਾਂ ਨਾਲ ਹਰਾਇਆ।ਸ੍ਰੀ ਲਾਲਜੀਤ ਸਿੰਘ ਭੁੱਲਰ ਨੂੰ 57323 ਵੋਟਾਂ ਅਤੇ  ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ 46324 ਵੋਟਾਂ ਪਈਆਂ।ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਜੇਤੂ ਰਹੇ। ਉਹਨਾਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਨਜੀਤ ਸਿੰਘ ਸਹੋਤਾ ਸਿੱਕੀ ਨੂੰ 16491 ਵੋਟਾਂ ਨਾਲ ਹਰਾਇਆ।ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੂੰ 55756 ਵੋਟਾਂ ਅਤੇ ਰਮਨਜੀਤ ਸਿੰਘ ਸਹੋਤਾ ਸਿੱਕੀ ਨੂੰ 39265 ਵੋਟਾਂ ਪਈਆਂ।ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵਲੋਂ ਚੋਣ ਪ੍ਰਕਿਰਿਆ ਮੁਕੰਮਲ ਹੋਣ ‘ਤੇ ਚੋਣ ਅਮਲੇ, ਪ੍ਰਸ਼ਾਸਨਿਕ ਅਧਿਕਾਰੀਆਂ, ਕਰਮਚਾਰੀਆਂ ਅਤੇ ਵੱਖ-ਵੱਖ ਨੋਡਲ ਅਫ਼ਸਰਾਂ ਅਤੇ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਅਤੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ ਗਿਆ।