5 Dariya News

ਡਿਪਟੀ ਕਮਿਸ਼ਨਰ ਨੇ ਡਾ. ਭੀਮਰਾਓ ਅੰਬੇਦਕਰ ਦੇ ਜਨਮ ਦਿਹਾੜੇ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਬੁੱਤ ’ਤੇ ਸ਼ਰਧਾ ਦੇ ਫੁੱਲ ਕੀਤੇ ਭੇਟ

ਭਾਰਤੀ ਸੰਵਿਧਾਨ ਦੀ ਰਚਨਾ ਕਰਨ ਵਾਲੇ ਬਾਬਾ ਸਾਹਿਬ ਨੇ ਦੇਸ਼ ਦੀ ਤਰੱਕੀ ਵਿਚ ਪਾਇਆ ਵੱਡਾ ਯੋਗਦਾਨ-ਹਿਮਾਂਸ਼ੂ ਅਗਰਵਾਲ

5 Dariya News

ਫ਼ਾਜ਼ਿਲਕਾ 14-Apr-2022

ਅੱਜ ਭਾਰਤੀ ਸੰਵਿਧਾਨ ਦੇ ਨਿਰਮਾਤਾ, ਯੁਗ ਪੁਰਸ਼ ਅਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮਰਾਓ ਅੰਬੇਦਕਰ ਦਾ 131ਵਾਂ ਜਨਮ ਦਿਹਾੜਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਬਾਬਾ ਸਾਹਿਬ ਦੇ ਬੁੱਤ ’ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸ਼ਰਧਾ ਦੇ ਫੁੱਲ ਭੇਟ ਕਰਕੇ ਮਨਾਇਆ।ਇਸ ਮੌਕੇ ਉਨ੍ਹਾਂ ਬਾਬਾ ਸਾਹਿਬ ਦੇ ਜਨਮ ਦਿਹਾੜੇ `ਤੇ ਜ਼ਿਲ੍ਹਾ ਵਾਸੀਆਂ ਨੂੰ ਸੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਬਾ ਸਾਹਿਬ ਬਹੁਤ ਹੀ ਮਹਾਨ ਸ਼ਖ਼ਸੀਅਤ ਸਨ ਅਤੇ ਉਨ੍ਹਾਂ ਨੇ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ। ਇਸ ਕਾਰਨ ਸਮਾਜ ਦੇ ਕਈ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੂਰੇ ਭਾਰਤ ਨੂੰ ਇਸ ਮਹਾਨ ਸ਼ਖਸੀਅਤ ’ਤੇ ਮਾਣ ਹੈ ਸਾਨੂੰ ਸਾਰਿਆਂ ਨੂੰ ਡਾ. ਬੀ.ਆਰ. ਅੰਬੇਦਕਰ ਦੇ ਨਕਸ਼ੇ ਕਦਮਾਂ ’ਤੇ ਚਲਣ ਦੀ ਲੋੜ ਹੈ। ਉਨਾਂ ਕਿਹਾ ਕਿ ਡਾ. ਅੰਬੇਦਕਰ ਨੇ ਆਪਣਾ ਪੂਰਾ ਜੀਵਨ ਸਮਾਜਿਕ ਸਦਭਾਵਨਾ ਅਤੇ ਸਭ ਨੂੰ ਬਰਾਬਰਤਾ ਦੇ ਹੱਕ ਦਿਵਾਉਣ ਲਈ ਸਮਰਪਿਤ ਕੀਤਾ। ਉਨਾਂ ਕਿਹਾ ਕਿ ਉਨਾਂ ਵੱਲੋਂ ਬਣਾਏ ਸੰਵਿਧਾਨ ਸਦਕਾ ਹੀ ਅੱਜ ਸਾਰਾ ਦੇਸ਼ ਵਿਕਾਸ ਦੀਆਂ ਲੀਹਾਂ ਵੱਲ ਵੱਧ ਰਿਹਾ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਸਾਗਰ ਸੇਤੀਆ, ਜ਼ਿਲ੍ਹਾ ਭਲਾਈ ਅਫ਼ਸਰ ਬਰਿੰਦਰ ਸਿੰਘ, ਤਹਿਸੀਲ ਭਲਾਈ ਅਫ਼ਸਰ ਸ੍ਰੀ ਅਸ਼ੋਕ ਕੁਮਾਰ, ਗਜ਼ਟਿਡ/ਨਾਨ ਗਜ਼ਟਿਡ ਐਸ.ਸੀ./ਬੀ.ਸੀ. ਇੰਪਲਾਈਜ਼ ਫ਼ੈਡਰੇਸ਼ਨ ਫ਼ਾਜਿਲਕਾ ਦੇ ਚੇਅਰਮੈਨ ਠਾਕਰ ਦਾਸ (ਸੇਵਾ ਮੁਕਤ ਐਸ.ਡੀ.ਓ), ਦਫਤਰ ਦਾ ਸਟਾਫ ਅਤੇ ਹੋਰ ਨੁਮਾਇੰਦੇ ਮੌਜੂਦ ਸਨ।