5 Dariya News

ਵਿਧਾਇਕ ਸ਼ੈਰੀ ਕਲਸੀ ਨੇ ਡਾ. ਭੀਮਰਾਓ ਅੰਬੇਦਕਰ ਦੇ ਜਨਮ ਦਿਹਾੜੇ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ

ਭਾਰਤੀ ਸੰਵਿਧਾਨ ਦੀ ਰਚਨਾ ਕਰਨ ਵਾਲੇ ਬਾਬਾ ਸਾਹਿਬ ਨੇ ਦੇਸ਼ ਦੀ ਤਰੱਕੀ ਵਿਚ ਪਾਇਆ ਵੱਡਾ ਯੋਗਦਾਨ - ਸ਼ੈਰੀ ਕਲਸੀ

5 Dariya News

ਬਟਾਲਾ 14-Apr-2022

ਅੱਜ ਭਾਰਤੀ ਸੰਵਿਧਾਨ ਦੇ ਨਿਰਮਾਤਾ, ਯੁਗ ਪੁਰਸ਼ ਅਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮਰਾਓ ਅੰਬੇਦਕਰ ਦਾ 131ਵਾਂ ਜਨਮ ਦਿਹਾੜਾ ਬਟਾਲਾ ਦੇ ਕਪੂਰੀ ਗੇਟ ਦੇ ਬਾਹਰਵਾਰ ਸਥਾਪਿਤ ਬਾਬਾ ਸਾਹਿਬ ਦੇ ਬੁੱਤ ’ਤੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਸ਼ਰਧਾ ਦੇ ਫੁੱਲ ਭੇਟ ਕਰਕੇ ਮਨਾਇਆ।ਇਸ ਮੌਕੇ ਉਨਾਂ ਬਾਬਾ ਸਾਹਿਬ ਦੇ ਜਨਮ ਦਿਹਾੜੇ ’ਤੇ ਸਮੂਹ ਦੇਸ਼ ਵਾਸੀਆਂ ਨੂੰ ਸੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਾਬਾ ਸਾਹਿਬ ਬਹੁਤ ਹੀ ਮਹਾਨ ਸ਼ਖ਼ਸੀਅਤ ਸਨ ਅਤੇ ਉਨਾਂ ਨੇ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ। ਇਸ ਕਾਰਨ ਸਮਾਜ ਦੇ ਕਈ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ ਹੈ। ਉਨਾਂ ਕਿਹਾ ਕਿ ਬਾਬਾ ਸਾਹਿਬ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਉਨ੍ਹਾਂ ਨੇ ਕਿਹਾ ਕਿ ਪੂਰੇ ਭਾਰਤ ਨੂੰ ਇਸ ਮਹਾਨ ਸ਼ਖਸੀਅਤ ’ਤੇ ਮਾਣ ਹੈ ਅਤੇ ਸਾਨੂੰ ਸਾਰਿਆਂ ਨੂੰ ਡਾ. ਬੀ.ਆਰ. ਅੰਬੇਦਕਰ ਦੇ ਨਕਸ਼ੇ ਕਦਮਾਂ ’ਤੇ ਚਲਣ ਦੀ ਲੋੜ ਹੈ। ਉਨਾਂ ਕਿਹਾ ਕਿ ਡਾ. ਅੰਬੇਦਕਰ ਨੇ ਆਪਣਾ ਪੂਰਾ ਜੀਵਨ ਸਮਾਜਿਕ ਸਦਭਾਵਨਾ ਅਤੇ ਸਭ ਨੂੰ ਬਰਾਬਰਤਾ ਦੇ ਹੱਕ ਦਿਵਾਉਣ ਲਈ ਸਮਰਪਿਤ ਕੀਤਾ। ਉਨਾਂ ਕਿਹਾ ਕਿ ਉਨਾਂ ਵੱਲੋਂ ਬਣਾਏ ਸੰਵਿਧਾਨ ਸਦਕਾ ਹੀ ਅੱਜ ਸਾਰਾ ਦੇਸ਼ ਵਿਕਾਸ ਦੀਆਂ ਲੀਹਾਂ ਵੱਲ ਵੱਧ ਰਿਹਾ ਹੈ।ਇਸ ਮੌਕੇ ਵਿਧਾਇਕ ਅਮਨ ਸ਼ੇਰ ਸਿੰਘ ਨੇ ਸ੍ਰੀ ਵਾਲਮੀਕਿ ਜੀ ਦੇ ਮੰਦਰ ਵਿਖੇ ਮੱਥਾ ਵੀ ਟੇਕਿਆ। ਇਸ ਮੌਕੇ ਉਨ੍ਹਾਂ ਨਾਲ ਵਿਕਰਮ ਚੌਹਾਨ, ਪ੍ਰਿੰਸ ਰੰਧਾਵਾ, ਦਵਿੰਦਰ ਸਿੰਘ, ਮਲਕੀਤ ਸਿੰਘ, ਐਡਵੋਕੇਟ ਭਰਤ, ਬਲਵਿੰਦਰ ਸਿੰਘ ਮਿੰਟਾ, ਪ੍ਰਧਾਨ ਜੰਬਾ, ਮਾਣਕ ਚੌਹਾਨ, ਉਪਦੇਸ਼, ਅਨੁਰਾਗ ਮਹਿਤਾ, ਅੰਕੁਸ਼ ਮਹਿਤਾ, ਅਮਨਦੀਪ ਸਿੰਘ, ਸੁਸ਼ੀਲ ਕੁਮਾਰ ਤੋਂ ਇਲਾਵਾ ਸ਼ਹਿਰ ਦੇ ਹੋਰ ਮੋਹਤਬਰ ਵੀ ਹਾਜ਼ਰ ਸਨ।