5 Dariya News

ਬਾਬਾ ਸਾਹਿਬ ਨੇ ਸੰਵਿਧਾਨ ਰਾਹੀਂ ਦੇਸ਼ ਦੇ ਸਾਰੇ ਵਰਗਾਂ ਨੂੰ ਦਿੱਤੇ ਸਨਮਾਨਪੂਰਵਕ ਅਧਿਕਾਰ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਡਾ. ਭੀਮ ਰਾਓ ਅੰਬੇਦਕਰ ਜੀ ਜੀ ਦੇ ਜਨਮ ਦਿਹਾੜੇ ਬੱਸ ਸਟੈਂਡ ਚੌਕ ਵਿਖੇ ਸਥਾਪਿਤ ਉਨ੍ਹਾਂ ਦੀ ਮੂਰਤੀ ’ਤੇ ਕੀਤੇ ਸ਼ਰਧਾ ਦੇ ਫੁੱਲ ਭੇਟ

5 Dariya News

ਹੁਸ਼ਿਆਰਪੁਰ 14-Apr-2022

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਡਾ. ਬੀ.ਆਰ.ਅੰਬੇਦਕਰ ਜੀ ਨੇ ਦੇਸ਼ ਨੂੰ ਇਕ ਇਸ ਤਰ੍ਹਾਂ ਦਾ ਸੰਵਿਧਾਨ ਦਿੱਤਾ, ਜਿਸ ਕਾਰਨ ਭਾਰਤ ਇਕ ਮਜ਼ਬੂਤ ਲੋਕਤੰਤਰ ਦੇ ਤੌਰ ’ਤੇ ਸਥਾਪਿਤ ਹੋਇਆ ਹੈ। ਉਨ੍ਹਾਂ ਸੰਵਿਧਾਨ ਰਾਹੀਂ ਦੇਸ਼ ਦੇ ਸਾਰੇ ਵਰਗਾਂ ਨੂੰ ਸਨਮਾਨਪੂਰਵਕ ਅਧਿਕਾਰ ਦਿੱਤੇ ਹਨ। ਉਹ ਅੱਜ ਭਾਰਤ ਰਤਨ ਡਾ. ਬੀ.ਆਰ. ਅੰਬੇਦਕਰ ਜੀ ਦੇ ਜਨਮ ਦਿਹਾੜੇ ’ਤੇ ਬਸ ਸਟੈਂਡ ਚੌਕ ਵਿਖੇ ਸਥਾਪਿਤ ਉਨ੍ਹਾਂ ਦੀ ਮੂਰਤੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਬਾ ਸਾਹਿਬ ਜੀ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸਾਰੇ ਵਰਗਾਂ ਦੀ ਭਲਾਈ ਅਤੇ ਉਨਤੀ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੁੰਦੇ ਹੋਏ ਆਪਣੀਆਂ ਜ਼ਿੰਮੇਵਾਰੀਆਂ ਨੂੰ ਵੀ ਨਿਭਾਈਏ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਇਕਜੁੱਟ ਰੱਖਣ ਲਈ ਜੋ ਕੰਮ ਬਾਬਾ ਸਾਹਿਬ ਨੇ ਕੀਤੇ ਹਨ, ਉਨ੍ਹਾਂ ਨੂੰ ਦੇਸ਼ ਕਦੇ ਵੀ ਭੁਲਾ ਨਹੀਂ ਸਕਦਾ। 

ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਇਕ ਮਹਾਨ ਸ਼ਖਸੀਅਤ ਸਨ ਅਤੇ ਦੇਸ਼ ਤੇ ਸਮਾਜ ਲਈ ਉਨ੍ਹਾਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਲੀਪ ਓਹਰੀ, ਵਰਿੰਦਰ ਸ਼ਰਮਾ ਬਿੰਦੂ, ਧੀਰਜ ਸ਼ਰਮਾ, ਜਸਪਾਲ ਸੁਮਨ, ਪ੍ਰਿਤਪਾਲ, ਦਲਜੀਤ ਕੁਮਾਰ, ਹੈਪੀ ਕਲੇਰ, ਹਰਮਿੰਦਰ ਸਿੰਘ, ਧਰਮਿੰਦਰ, ਅਜੇ ਕੁਮਾਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।ਇਸ ਤੋਂ ਕੈਬਨਿਟ ਮੰਤਰੀ ਨੇ ਡਾ. ਬੀ.ਆਰ.ਅੰਬੇਦਕਰ ਜਿਯੰਤੀ ’ਤੇ ਗੁਰਦੁਆਰਾ ਸ੍ਰੀ ਰਾਮਗੜੀਆ ਸਾਹਿਬ ਵਿਖੇ ਆਯੋਜਿਤ ਕੋਵਿਡ ਬਚਾਅ ਸਬੰਧੀ ਵੈਕਸੀਨੇਸ਼ਨ ਕੈਂਪ ਦੀ ਸ਼ੁਰੂਆਤ ਕੀਤੀ। ਉਨ੍ਹਾਂ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹੋਏ ਜ਼ਿਲ੍ਹਾ ਵਾਸੀਆਂ ਨੂੰ ਵਿਸਾਥੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਕੋਵਿਡ ਬਚਾਅ ਸਬੰਧੀ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੋਵਿਡ  ਕਈ ਰੂਪਾਂ ਵਿਚ ਸਾਡੇ ਸਾਹਮਣੇ ਆ ਰਿਹਾ ਹੈ ਅਤੇ ਇਸ ਦੇ ਬਚਾਅ ਦਾ ਸਿਰਫ ਇਕ ਹੀ ਤਰੀਕਾ ਹੈ ਕਿ ਅਸੀਂ ਸਾਰੇ ਟੀਕਾਕਰਨ ਕਰਵਾਈਏ। ਇਸ ਦੌਰਾਨ ਸ੍ਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਤੋਂ ਇਲਾਵਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।