ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਤਰਜ਼ੀਹ : ਵਿਧਾਇਕ ਲਖਵੀਰ ਸਿੰਘ ਰਾਏ
ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਤੇ ਇਮਾਨਦਾਰ ਸਰਕਾਰ ਪ੍ਰਦਾਨ ਕਰੇਗੀ
5 Dariya News
ਫ਼ਤਹਿਗੜ੍ਹ ਸਾਹਿਬ 20-Apr-2022
ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਹਸਪਤਾਲਾਂ ਦੇ ਗੇੜੇ ਨਾ ਮਾਰਨੇ ਪੈਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਸਿਹਤ ਵਿਭਾਗ, ਪੰਜਾਬ ਵੱਲੋਂ ਆਜ਼ਾਦੀ ਦੇ ਮਹਾਂਉਤਸਵ ਨੂੰ ਸਮਰਪਿਤ ਲਗਾਏ ਸਿਹਤ ਮੇਲੇ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਪੜਾਅਵਾਰ ਪੂਰਾ ਕੀਤਾ ਜਾਵੇਗਾ ਅਤੇ ਸਰਕਾਰੀ ਹਸਪਤਾਲਾਂ ਵਿੱਚ ਸਟਾਫ ਦੀ ਘਾਟ ਸਬੰਧੀ ਵੀ ਛੇਤੀ ਹੀ ਅਹਿਮ ਕਦਮ ਚੁੱਕੇ ਜਾਣਗੇ।ਵਿਧਾਇਕ ਰਾਏ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਪਿਛਲੇ 70 ਸਾਲਾਂ ਵਿੱਚ ਪੰਜਾਬ ਨੂੰ ਹਰ ਪੱਖੋਂ ਲੁੱਟਣ ਵਿੱਚ ਕੋਈ ਕਸਰ ਨਹੀਂ ਛੱਡੀ ਅਤੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਜੋ ਲੁੱਟ ਕੀਤੀ ਗਈ ਉਸ ਦੀ ਕਿਧਰੇ ਮਿਸਾਲ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੀ ਬਦੌਲਤ ਪੰਜਾਬ ਅੰਦਰ ਸਰਕਾਰੀ ਸਿਹਤ ਕੇਂਦਰ ਬੰਦ ਹੋਣ ਕਿਨਾਰੇ ਪਹੁੰਚ ਗਏ ਜਦੋਂ ਕਿ ਪ੍ਰਾਈਵੇਟ ਹਸਪਤਾਲਾਂ ਵਿੱਚ ਲੋਕਾਂ ਦੀ ਲੁੱਟ ਜਾਰੀ ਰਹੀ ਜਿਸ ਦਾ ਨਤੀਜਾ ਇਹ ਹੋਇਆ ਕਿ ਪੰਜਾਬ ਦੇ ਲੋਕਾਂ ਨੂੰ ਮਜਬੂਰਨ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਕਰਵਾਉਣਾ ਪਿਆ ਜਿਸ ਨਾਲ ਲੋਕਾਂ ਦਾ ਵੱਡੀ ਪੱਧਰ ’ਤੇ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਕੇਂਦਰਾਂ ਨੂੰ ਮੁੜ ਤੋਂ ਲੀਹ ’ਤੇ ਲਿਆ ਕੇ ਲੋਕਾਂ ਨੂੰ ਮੁਫਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਲੋਕ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਇਲਾਜ ਕਰਵਾ ਸਕਣ।
ਸ. ਰਾਏ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਪਹਿਲੇ ਮਹੀਨੇ ਦੇ ਕਾਰਜਕਾਲ ਦੌਰਾਨ ਜੋ ਇਤਿਹਾਸਕ ਫੈਸਲੇ ਕੀਤੇ ਹਨ । ਉਨ੍ਹਾਂ ਕਿਹਾ ਕਿ ਲੋਕਾਂ ਦੇ ਸੁਪਨਿਆਂ ਦੇ ਪੰਜਾਬ ਦੀ ਸਿਰਜਣਾ ਕਰਨ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਫੈਸਲਾ ਵੀ ਕੀਤਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਜਿ਼ਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀ ਪਿੰਡਾਂ ਵਿੱਚ ਜਾ ਕੇ ਬੈਠਣਗੇ ਤਾਂ ਜੋ ਲੋਕਾਂ ਦੀਆਂ ਸਿ਼ਕਾਇਤਾਂ ਦਾ ਨਿਪਟਾਰਾ ਹੋ ਸਕੇ। ਉਨ੍ਹਾਂ ਇਸ ਮੌਕੇ ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋਏ ਤਿੰਨ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇ ਚੈਕ ਵੀ ਭੇਂਟ ਕੀਤੇ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭਾਂਵੇਂ ਕੋਰੋਨਾ ਦਾ ਪ੍ਰਭਾਵ ਘਟ ਹੋ ਰਿਹਾ ਹੈ ਪ੍ਰੰਤੂ ਲੋਕਾਂ ਨੂੰ ਵੈਕਸੀਨੇਸ਼ਨ ਮੁਕੰਮਲ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਵੈਕਸੀਨੇਸ਼ਨ ਮੁਫਤ ਕੀਤੀ ਜਾਂਦੀ ਹੈ ਇਸ ਲਈ ਲੋਕਾਂ ਨੂੰ ਇਸ ਵਿੱਚ ਦੇਰੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਸਿਹਤ ਮੇਲੇ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਇਸ ਮੌਕੇ ਟਿਵਾਣਾ ਫੀਡ ਦੇ ਮਾਲਕ ਮਲਕੀਤ ਸਿੰਘ ਟਿਵਾਣਾ ਵੱਲੋਂ ਚਨਾਰਥਲ ਕਲਾਂ ਦੇ ਹਸਪਤਾਲ ਲਈ 50 ਹਜ਼ਾਰ ਰੁਪਏ ਵੀ ਦਿੱਤੇ।
ਐਸ.ਐਮ.ਓ. ਡਾ: ਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਦੇ ਸਿਹਤ ਮੇਲੇ ਵਿੱਚ ਵੱਖ-ਵੱਖ ਬਿਮਾਰੀਆਂ ਤੋਂ ਪੀੜਤ 2260 ਵਿਅਕਤੀਆਂ ਦਾ ਚੈਕਅੱਪ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਸਿਹਤ ਮੇਲੇ ਵਿੱਚ ਵੱਖ-ਵੱਖ ਰੋਗਾਂ ਦੇ ਮਾਹਰ ਡਾਕਟਰਾਂ ਵੱਲੋਂ ਲੋਕਾਂ ਦਾ ਮੁਫਤ ਵਿੱਚ ਚੈਕਅੱਪ ਕੀਤਾ ਗਿਆ ਅਤੇ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀਆਂ ਵੱਖ-ਵੱਖ ਭਲਾਈ ਸਕੀਮਾਂ ਅਧੀਨ ਲੋਕਾਂ ਦੇ ਕਾਰਡ ਵੀ ਬਣਾਏ ਗਏ। ਇਸ ਤੋਂ ਇਲਾਵਾ ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਨਰਸਿੰਗ ਦੇ ਵਿਦਿਆਰਥੀਆਂ ਵੱਲੋਂ ਨਸਿ਼ਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਾ ਨਾਟਕ ਵੀ ਪੇਸ਼ ਕੀਤਾ ਗਿਆ ਅਤੇ ਇੱਕ ਹੋਰ ਵਿਦਿਆਰਥੀ ਬੂਟਾ ਸਿੰਘ ਵੱਲੋਂ ਕਵਿਤਾ ਵੀ ਸੁਣਾਈ ਗਈ।ਇਸ ਮੌਕੇ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ: ਹਿਮਾਂਸ਼ੂ ਗੁਪਤਾ, ਨਾਇਬ ਤਹਿਸੀਲਦਾਰ ਗੌਰਵ ਬਾਂਸਲ, ਕਾਰਜਕਾਰੀ ਸਿਵਲ ਸਰਜਨ ਡਾ: ਰਾਜੇਸ਼ ਕੁਮਾਰ, ਸਾਬਕਾ ਸਰਪੰਚ ਹਰਮੇਲ ਸਿੰਘ, ਗੁਰਦੀਪ ਸਿੰਘ ਜਖਵਾਲੀ, ਰੋਹੀ ਰਾਮ ਧਤੋਂਦਾ, ਅਮਰੀਕ ਸਿੰਘ ਨੰਬਰਦਾਰ ਛਲੇੜੀ ਕਲਾਂ, ਗੁਰਿੰਦਰ ਸਿੰਘ ਰਾਜਾ, ਸਿਹਤ ਵਿਭਾਗ ਦੇ ਸ਼੍ਰੀ ਮਹਾਂਵੀਰ, ਜਿ਼ਲ੍ਹਾ ਮਾਸ ਮੀਡੀਆ ਅਫਸਰ ਸ਼੍ਰੀ ਅਮਰਜੀਤ ਸਿੰਘ ਸੋਹੀ, ਡਿਪਟੀ ਮਾਸ ਮੀਡੀਆ ਅਫਸਰ ਬਲਜਿੰਦਰ ਸਿੰਘ, ਜਿ਼ਲ੍ਹਾ ਬੀ.ਸੀ.ਸੀ. ਕੁਆਰਡੀਨੇਟਰ ਅਮਰਜੀਤ ਸਿੰਘ, ਜਿ਼ਲ੍ਹਾ ਪ੍ਰੋਗਰਾਮ ਮੈਨੇਜਰ ਕਸੀਤਿਜ ਸੀਮਾ ਤੋਂ ਇਲਾਵਾ ਪਿੰਡਾਂ ਦੇ ਪੰਚ-ਸਰਪੰਚ ਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।