5 Dariya News

ਨਿੱਜੀ ਅਦਾਰਿਆਂ ਵਿੱਚ ਵੀ ਸਫਾਈ ਸੇਵਕਾਂ ਨੂੰ ਡੀ ਸੀ ਦਰਾਂ ਅਨੁਸਾਰ ਉਜਰਤਾਂ ਦੇਣੀਆਂ ਯਕੀਨੀ ਬਣਾਈਆਂ ਜਾਣ : ਗੇਜਾ ਰਾਮ ਵਾਲਮੀਕੀ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਭਾਗਾਂ ਦੇ ਮੁਖੀਆਂ ਅਤੇ ਸਫ਼ਾਈ ਕਰਮਚਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ, ਸਫ਼ਾਈ ਸੇਵਕਾਂ ਪਾਸੋਂ ਸਫ਼ਾਈ ਤੋਂ ਬਿਨਾਂ ਹੋਰ ਕੰਮ ਨਾ ਲਿਆ ਜਾਵੇ

5 Dariya News

ਨਵਾਂਸ਼ਹਿਰ 13-May-2022

ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਾਲਮੀਕੀ ਨੇ ਸ਼ੁੱਕਰਵਾਰ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਨਿੱਜੀ ਅਦਾਰਿਆਂ ਵਿੱਚ ਕੰਮ ਕਰਦੇ ਉਹ ਸਫ਼ਾਈ ਸੇਵਕਾਂ ਨੂੰ ਡੀ ਸੀ ਦਰਾਂ ਅਨੁਸਾਰ ਉਜਰਤਾਂ ਯਕੀਨੀ ਬਣਾਉਣ ਅਤੇ ਉਨ੍ਹਾਂ ਦਾ ਈ ਪੀ ਐਫ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਦੌਰਾਨ ਉਨ੍ਹਾਂ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਫ਼ਾਈ ਸੇਵਕ ਭਾਵੇਂ ਠੇਕੇ ਤੇ ਸਰਕਾਰੀ ਦਫਤਰਾਂ ਵਿੱਚ ਹੋਣ ਜਾਂ ਹੋਰ ਥਾਈਂ ਪ੍ਰਾਈਵੇਟ ਨੌਕਰੀ ਕਰਦੇ ਹੋਣ, ਦੇ ਸੋਸ਼ਣ ਨੂੰ ਰੋਕਣ ਲਈ, ਉਨ੍ਹਾਂ ਨੂੰ ਨਿਸ਼ਚਿਤ ਡੀ.ਸੀ. ਰੇਟਾਂ ਅਨੁਸਾਰ ਤਨਖ਼ਾਹਾਂ ਮਿਲਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਦੇ ਈ.ਪੀ.ਐਫ ਦਾ ਹਿੱਸਾ ਵੀ ਤੁਰੰਤ ਉਨ੍ਹਾਂ ਦੇ ਖਾਤਿਆਂ ਵਿੱਚ ਜਮਾਂ ਹੋਣਾ ਚਾਹੀਦਾ ਹੈ।

 ਉਨ੍ਹਾਂ ਕਿਹਾ ਕਿ ਸਾਰੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਹਸਪਤਾਲਾਂ ਹੋਰ ਸੰਸਥਾਵਾਂ ਇਹ ਯਕੀਨੀ ਬਣਾਉਣ ਕਿ ਸਫ਼ਾਈ ਸੇਵਕਾਂ ਨਾਲ ਸਬੰਧਤ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਹਰ ਹਾਲ ਵਿਚ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਅਜਿਹੇ ਸਰਕਾਰੀ ਦਫ਼ਤਰਾਂ ਜਿੱਥੇ ਸਫ਼ਾਈ ਕਰਮਚਾਰੀ ਨਹੀਂ ਹਨ ਜਾਂ ਉਨ੍ਹਾਂ ਦੀ ਘਾਟ ਹੈ, ਬਾਰੇ ਆਪੋ ਆਪਣੇ ਵਿਭਾਗ ਅਤੇ ਸਰਕਾਰ ਨੂੰ ਪੱਤਰ ਲਿਖ ਕੇ ਉਨ੍ਹਾਂ ਦੀਆਂ ਅਸਾਮੀਆਂ ਸਿਰਜਣ/ਵਾਧਾ ਕਰਨ ਲਈ ਆਖਿਆ। ਉਨ੍ਹਾਂ ਨੇ ਜ਼ਿਲ੍ਹੇ ਦੀਆਂ ਚਾਰਾਂ ਨਗਰ ਕੌਂਸਲਾਂ ਵਿੱਚ ਕੰਮ ਕਰ ਰਹੇ ਸਫਾਈ ਸੇਵਕਾਂ ਦੀ ਗਿਣਤੀ ਦਾ ਜਾਇਜ਼ਾ ਵੀ ਲਿਆ ਅਤੇ ਵਾਰਡਾਂ ਦੀ ਗਿਣਤੀ ਅਤੇ ਵਾਓਂ ਵਿੱਚ ਵਾਧੇ ਦੇ ਮੱਦੇਨਜ਼ਰ, ਇਨ੍ਹਾਂ ਦੀ ਗਿਣਤੀ ਵਧਾਉਣ ਲਈ ਵੀ ਆਖਿਆ।  ਉਨ੍ਹਾਂ ਮੀਟਿੰਗ ਦੌਰਾਨ ਸਫ਼ਾਈ ਕਰਮਚਾਰੀਆਂ ਦੀ ਗੱਲ ਵੀ ਸੁਣੀ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਮਸਲੇ ਪਹਿਲ ਦੇ ਆਧਾਰ ਤੇ ਹੱਲ ਕਰਨ ਦੇ ਆਦੇਸ਼ ਦਿੱਤੇ।

ਚੇਅਰਮੈਨ ਗੇਜਾ ਰਾਮ ਨੇ ਸਿਹਤ ਵਿਭਾਗ ਨੂੰ ਇਹ ਵੀ ਕਿਹਾ ਕਿ ਹਰ ਸਫ਼ਾਈ ਸੇਵਕ ਨੂੰ ਕੋਵਿਡ ਵੈਕਸੀਨ ਦੀਆਂ ਤਿੰਨ ਖੁਰਾਕਾਂ ਜ਼ਰੂਰ ਮਿਲਣੀਆਂ ਚਾਹੀਦੀਆਂ ਹਨ ਤਾਂ ਜੋ ਉਨ੍ਹਾਂ ਦੀ ਜਾਨਲੇਵਾ ਬਿਮਾਰੀ ਤੋਂ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।  ਉਨ੍ਹਾਂ ਨੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਵਿਭਾਗ ਅਤੇ ਅਨੁਸੂਚਿਤ ਜਾਤੀ ਕਾਰਪੋਰੇਸ਼ਨ ਨੂੰ ਹਰ ਨਗਰ ਕੌਂਸਲ ਵਿੱਚ ਜਾਗਰੂਕਤਾ ਕੈਂਪ ਲਗਾਉਣ ਲਈ ਵੀ ਕਿਹਾ ਤਾਂ ਜੋ ਸਾਰੇ ਸਫਾਈ ਸੇਵਕਾਂ ਨੂੰ ਕਰਜ਼ਾ ਅਤੇ ਹੋਰ ਭਲਾਈ ਸਕੀਮਾਂ ਦਾ ਲਾਭ ਮਿਲ ਸਕੇ। ਚੇਅਰਮੈਨ ਨੇ ਸਫ਼ਾਈ ਸੇਵਕਾਂ ਨੂੰ ਕੂੜਾ ਨਾ ਸਾੜਨ ਲਈ ਕਿਹਾ ਕਿਉਂਕਿ ਇਸ ਨਾਲ ਪ੍ਰਦੂਸ਼ਣ ਪੈਦਾ ਹੁੰਦਾ ਹੈ ਅਤੇ ਸਿਹਤ ਸਮੱਸਿਆਵਾਂ ਪੈਦਾ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਸਫ਼ਾਈ ਸੇਵਕ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਹਨ ਅਤੇ ਕਮਿਸ਼ਨ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹਾ ਹੈ।

ਉਨ੍ਹਾਂ ਕਿਹਾ ਕਿ ਕਮਿਸ਼ਨ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਕਮਿਸ਼ਨ ਦੇ ਮੈਂਬਰ ਇੰਦਰਜੀਤ ਸਿੰਘ, ਏ ਡੀ ਸੀ (ਡੀ) ਅਮਰਦੀਪ ਬੈਂਸ ਅਤੇ ਐਸ ਪੀ ਮਨਵਿੰਦਰਬੀਰ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾਕਟਰ ਬਲਵਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਰੀਕ ਸਿੰਘ, ਡੀ ਡੀ ਪੀ ਓ ਦਵਿੰਦਰ ਸ਼ਰਮਾ, ਡੀ ਐਫ ਐਸ ਸੀ ਸ਼੍ਰੀਮਤੀ ਮਧੂ, ਕਾਰਜ ਸਾਧਕ ਅਫ਼ਸਰ ਨਵਾਂਸ਼ਹਿਰ ਰਾਜੀਵ ਸਰੀਨ, ਬੰਗਾ ਹਰਨਰਿੰਦਰ ਸਿੰਘ ਸ਼ੇਰਗਿੱਲ, ਵੱਖ ਵੱਖ ਸਫਾਈ ਸੇਵਕ ਯੂਨੀਅਨਾਂ ਦੇ ਨੁਮਾਇੰਦੇ ਅਤੇ ਹੋਰ ਅਧਿਕਾਰੀ ਮੌਜੂਦ ਸਨ।