ਡੀ ਸੀ ਰੰਧਾਵਾ ਨੇ ਲੋਕਾਂ ਨੂੰ ਹਰਿਆਲੀ ਦੇ ਵਾਹਕ (ਗ੍ਰੀਨ ਅੰਬੈਸਡਰ) ਬਣਨ ਲਈ ਕਿਹਾ
ਵਾਤਾਵਰਣ ਦਿਵਸ ਮੌਕੇ ਵਣ ਵਿਭਾਗ ਨੇ ਜ਼ਿਲ੍ਹੇ ਵਿੱਚ ਵੱਖ ਵੱਖ ਥਾਈਂ ਪੌਦੇ ਲਾ ਕੇ ਵਾਤਾਵਰਣ ਨੂੰ ਬਚਾਉਣ ਦਾ ਅਹਿਦ ਲਿਆ
5 Dariya News
ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) 05-Jun-2022
ਵਿਸ਼ਵ ਵਾਤਾਵਰਣ ਦਿਵਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਐਤਵਾਰ ਨੂੰ ਲੋਕਾਂ ਨੂੰ ਹਰਿਆਵਲ ਦੇ ਦੂਤ ਬਣਨ ਅਤੇ ਇਸ ਨੂੰ ਲੋਕ ਲਹਿਰ ਬਣਾਉਣ ਲਈ ਬੂਟੇ ਲਗਾਉਣ ਦੀ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੂਟੇ ਲਗਾਉਂਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੇ ਮੌਨਸੂਨ ਸੀਜ਼ਨ ਦੌਰਾਨ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ, ਜਿਸ ਨਾਲ ਹਰਿਆਵਲ ਵਿੱਚ ਵਾਧਾ ਹੀ ਨਹੀਂ ਹੋਵੇਗਾ ਸਗੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਧਰਤੀ ਨੂੰ ਰਹਿਣ ਦਾ ਵਧੀਆ ਸਥਾਨ ਵੀ ਮਿਲੇਗਾ।
ਉਨ੍ਹਾਂ ਲੋਕਾਂ ਨੂੰ ਵੱਖ-ਵੱਖ ਮੌਕਿਆਂ ਜਿਵੇਂ ਕਿ ਜਨਮ ਦਿਨ, ਵਿਆਹ, ਵਰ੍ਹੇਗੰਢ ਅਤੇ ਹੋਰਨਾਂ ਮੌਕਿਆਂ 'ਤੇ ਬੂਟੇ ਲਗਾਉਣ ਲਈ ਕਿਹਾ ਤਾਂ ਜੋ ਜ਼ਿੰਦਗੀ ਨਾਲ ਜੁੜੇ ਇਨ੍ਹਾਂ ਪਲਾਂ ਨੂੰ ਹੋਰ ਯਾਦਗਾਰੀ ਬਣਾਇਆ ਜਾ ਸਕੇ ਅਤੇ ਵਾਤਾਵਰਣ ਨੂੰ ਬਚਾਉਣ ਵਿੱਚ ਯੋਗਦਾਨ ਪਾਇਆ ਜਾ ਸਕੇ। ਉਨ੍ਹਾਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਵਿੱਚ ਖਾਲੀ ਪਈਆਂ ਥਾਵਾਂ ਤੇ ਵੱਡੇ ਪੱਧਰ ਤੇ ਪੌਦੇ ਲਗਾ ਕੇ ਮਿੰਨੀ ਜੰਗਲ ਵਿਕਸਤ ਕਰਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਰਖਤ ਆਲਮੀ ਤਪਸ਼ ਦੇ ਪ੍ਰਭਾਵ ਅਤੇ ਪ੍ਰਦੂਸ਼ਣ ਦੇ ਪੱਧਰ ਨੂੰ ਘੱਟ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ, ਕਿਉਂਕਿ ਲੋਕਾਂ ਦੀ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਸਾਫ਼-ਸੁਥਰਾ ਵਾਤਾਵਰਣ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਰੁੱਖ ਹੀ ਆਕਸੀਜਨ ਦਾ ਇੱਕੋ ਇੱਕ ਸਰੋਤ ਹਨ, ਜੋ ਧਰਤੀ ਤੇ ਮਨੁੱਖੀ ਜੀਵਨ ਦਾ ਆਧਾਰ ਹਨ।
ਐਨ.ਪੀ.ਐਸ. ਰੰਧਾਵਾ ਨੇ ਕਿਹਾ ਕਿ ਹਰ ਵਿਅਕਤੀ ਦਾ ਫਰਜ਼ ਬਣਦਾ ਹੈ ਕਿ ਉਹ ਅੱਗੇ ਆਉਣ ਅਤੇ ਬੂਟੇ ਲਗਾ ਕੇ ਵਾਤਾਵਰਣ ਨੂੰ ਬਚਾਉਣ। ਉਨ੍ਹਾਂ ਕਿਹਾ ਕਿ ਪਲਾਸਟਿਕ ਨੂੰ ਨਾਂਹ, ਰੋਜ਼ਾਨਾ ਜੀਵਨ ਵਿੱਚ ਵਾਤਾਵਰਣ ਪੱਖੀ ਵਸਤਾਂ ਨੂੰ ਹਾਂ, ਸਾਫ਼ ਊਰਜਾ ਆਵਾਜਾਈ ਸਾਧਨਾਂ ਦੀ ਵਰਤੋਂ ਅਤੇ ਬਾਲਣ ਅਧਾਰਿਤ ਵਾਹਨਾਂ ਦੀ ਘੱਟ ਤੋਂ ਘੱਟ ਵਰਤੋਂ ਕਰਕੇ ਅਸੀਂ ਵਾਤਾਵਰਣ ਪੱਖੀ ਸੋਚ ਦਾ ਪ੍ਰਗਟਾਵਾ ਕਰ ਸਕਦੇ ਹਾਂ।
ਇਸ ਨੇਕ ਕਾਰਜ ਵਿੱਚ ਲੋਕਾਂ ਦੇ ਪੂਰਣ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਨੇ ਬੂਟਿਆਂ ਦੇ ਸਹੀ ਵਿਕਾਸ ਨੂੰ ਯਕੀਨੀ ਬਣਾਉਣ ਲਈ, ਉਨ੍ਹਾਂ ਦੀ ਸਹੀ ਸੰਭਾਲ ਨੂੰ ਵੀ ਯਕੀਨੀ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਸਵੱਛ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਹੈ।
ਇਸ ਤੋਂ ਪਹਿਲਾਂ, ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਸ਼ਵ ਵਾਤਾਵਰਣ ਦਿਵਸ ਦੇ ਸਬੰਧ ਵਿੱਚ ਆਯੋਜਿਤ ਵਰਚੁਅਲ ਰਾਜ ਪੱਧਰੀ ਸਮਾਗਮ ਵਿੱਚ ਭਾਗ ਲਿਆ, ਜਿਸ ਦੀ ਪ੍ਰਧਾਨਗੀ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਕੀਤੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜੀਵ ਕੁਮਾਰ ਵਰਮਾ, ਅਮਰਦੀਪ ਸਿੰਘ ਬੈਂਸ, ਮੁੱਖ ਖੇਤੀਬਾੜੀ ਅਫ਼ਸਰ ਡਾ: ਰਾਜ ਕੁਮਾਰ, ਡੀ.ਐਫ.ਓ ਸਤਿੰਦਰ ਸਿੰਘ ਆਦਿ ਹਾਜ਼ਰ ਸਨ।