5 Dariya News

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ

ਸਾਨੂੰ ਯੋਗ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣਾ ਚਾਹੀਦਾ ਹੈ- ਵਧੀਕ ਡਿਪਟੀ ਕਮਿਸ਼ਨਰ ਹਰਚਰਨ ਸਿੰਘ

5 Dariya News

ਫਾਜ਼ਿਲਕਾ 21-Jun-2022

ਅੱਜ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਦਫਤਰ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਫ਼ਾਜ਼ਿਲਕਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਹੁਮੰਤਵੀ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਜਿਸ ਵਿਚ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਹਿੱਸਾ ਲਿਆ। 

ਸਮਾਗਮ ਵਿਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਚਰਨ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੇ ਮੁੱਖ ਮਹਿਮਾਨ ਹਰਚਰਨ ਸਿੰਘ ਨੇ ਆਪਣੇ ਸੰਬੋਧਨ ਮੌਕੇ ਯੋਗਾ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਲੋਕਾਂ ਨੂੰ ਤੰਦਰੁਸਤ ਰਹਿਣ ਲਈ ਵੱਧ ਤੋਂ ਵੱਧ ਯੋਗ ਨਾਲ ਜੁੜਨ ਲਈ ਪ੍ਰੇਰਿਤ ਕੀਤਾ। 

ਉਨ੍ਹਾਂ ਕਿਹਾ ਕਿ ਸਾਨੂੰ ਯੋਗ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣਾ ਚਾਹੀਦਾ ਹੈ, ਕਿਉਂਕਿ ਯੋਗ ਨਾਲ ਜਿੱਥੇ ਸਾਨੂੰ ਸਰੀਰਕ, ਮਾਨਸਿਕ ਅਤੇ ਅਧਿਆਤਮਕ ਤੰਦਰੁਸਤੀ ਮਿਲਦੀ ਹੈ, ਉੱਥੇ ਯੋਗ ਨਾਲ ਸਾਡੀ ਅੱਜ ਦੀ ਰੁਝੇਵੇਂ ਭਰੀ ਜ਼ਿੰਦਗੀ ਤੋਂ ਤਣਾਅ ਨੂੰ ਵੀ ਦੂਰ ਕੀਤਾ ਜਾ ਸਕਦਾ ਹੈ। 

ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਹਵਾ ਪ੍ਰਦੂਸ਼ਣ, ਪਾਣੀ ਪ੍ਰਦੂਸ਼ਣ ਤੋਂ ਇਲਾਵਾ ਵੱਖ ਵੱਖ ਤਰ੍ਹਾਂ ਦੇ ਪ੍ਰਦੂਸ਼ਣ ਨਾਲ ਕਈ ਭਿਆਨਕ ਬਿਮਾਰੀਆਂ ਸਾਹਮਣੇ ਆ ਰਹੀਆਂ ਹਨ ਅਤੇ ਲਗਾਤਾਰ ਗੰਭੀਰ ਹੋ ਰਹੇ ਇਸ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਲਈ ਸਾਨੂੰ ਸਾਰਿਆ ਨੂੰ ਜਿੰਦਗੀ ਵਿੱਚ ਇੱਕ ਰੁੱਖ ਜਰੂਰ ਲਗਾਉਣਾ ਚਾਹੀਦਾ ਹੈ।

 ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਰੁੱਖ ਲਗਾਉਣ ਲਈ ਅਪੀਲ ਕੀਤੀ ਤਾਂ ਜੋ ਪੂਰੇ ਪੰਜਾਬ ਨੂੰ ਤੰਦਰੁਸਤ ਅਤੇ ਸਿਹਤਮੰਦ ਬਣਾਇਆ ਜਾ ਸਕੇ। ਇਸ ਮੌਕੇ ਤਹਿਸੀਲਦਾਰ ਸ਼੍ਰੀ ਰਾਕੇਸ਼ ਅਗਰਵਾਲ ਵਿਸੇਸ਼ ਤੌਰ ਤੇ ਹਾਜ਼ਰ ਸਨ।