ਪੋਸਟ-ਮੈਟ੍ਰਿਕ ਸਕਾਲਰਸ਼ਿਪ : ਵਿਦਿਆਰਥੀਆਂ ਵੱਲੋਂ 31 ਜੁਲਾਈ ਤੱਕ ਪੋਰਟਲ 'ਤੇ ਕੀਤਾ ਸਕਦੈ ਅਪਲਾਈ : ਵਧੀਕ ਡਿਪਟੀ ਕਮਿਸ਼ਨਰ
5 Dariya News
ਜਲੰਧਰ 05-Jul-2022
ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਲਾਭ ਪ੍ਰਾਪਤ ਕਰਨ ਲਈ ਯੋਗ ਵਿਦਿਆਰਥੀ 31 ਜੁਲਾਈ ਤੱਕ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ (www.scholarships.punjab.gov.in) 'ਤੇ ਸਕਾਲਰਸ਼ਿਪ ਲਈ ਅਪਲਾਈ ਕਰ ਸਕਦੇ ਹਨ।ਇਸ ਸਕੀਮ ਦਾ ਜਾਇਜ਼ਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਨੇ ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਸਕੀਮ ਦੇ ਕਿਸੇ ਵੀ ਲਾਭਪਾਤਰੀ ਨੂੰ ਫੀਸ ’ਚ ਦੇਰੀ ਜਾਂ ਬਕਾਇਆ ਹੋਣ ਦੀ ਸੂਰਤ ਵਿੱਚ ਪ੍ਰੇਸ਼ਾਨ ਨਾ ਕੀਤਾ ਜਾਵੇ।ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ (ਐਸ.ਸੀ.) ਨਾਲ ਸਬੰਧਤ ਵਿਦਿਆਰਥੀਆਂ ਨੂੰ 31 ਜੁਲਾਈ, 2022 ਤੱਕ ਯੋਜਨਾ ਅਧੀਨ ਵਿੱਤੀ ਸਹਾਇਤਾ ਲਈ ਅਪਲਾਈ ਕਰਨ ਦੀ ਸਹੂਲਤ ਦੇਣ ਵਾਸਤੇ ਸੂਬਾ ਸਰਕਾਰ ਵੱਲੋਂ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ 8 ਜੂਨ ਨੂੰ ਖੋਲ੍ਹਿਆ ਗਿਆ ਸੀ।
ਵਧੀਕ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਵਿੱਦਿਅਕ ਸੰਸਥਾਵਾਂ 31 ਜੁਲਾਈ ਤੱਕ ਸੋਧ ਉਪਰੰਤ ਸਕਾਲਰਸ਼ਿਪ ਦੇ ਮੁਕੰਮਲ ਕੇਸਾਂ ਨੂੰ ਪ੍ਰਵਾਨਗੀ ਅਥਾਰਟੀ ਨੂੰ ਭੇਜ ਸਕਦੀਆਂ ਹਨ, ਜੋ ਕਿ ਪ੍ਰਵਾਨਗੀ ਅਥਾਰਟੀ ਵੱਲੋਂ 15 ਅਗਸਤ ਤੱਕ ਆਨਲਾਈਨ ਪ੍ਰਸਤਾਵਾਂ ਲਈ ਲਾਈਨ ਵਿਭਾਗਾਂ ਨੂੰ ਭੇਜੇ ਜਾਣਗੇ। ਇਸ ਤੋਂ ਬਾਅਦ ਲਾਈਨ ਵਿਭਾਗਾਂ ਵੱਲੋਂ 30 ਅਗਸਤ, 2022 ਤੱਕ ਭਲਾਈ ਵਿਭਾਗ ਨੂੰ ਆਨਲਾਈਨ ਪ੍ਰਸਤਾਵ ਭੇਜੇ ਜਾਣਗੇ।
ਅਮਿਤ ਸਰੀਨ ਨੇ ਕਿਹਾ ਕਿ ਇਸ ਸਕੀਮ ਦਾ ਉਦੇਸ਼ ਐਸ.ਸੀ. ਵਰਗ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਮੁਕੰਮਲ ਕਰਨ ਦੇ ਸਮਰੱਥ ਬਣਾਉਣ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਪਛੜੇ ਅਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ।
ਇਸ ਦੌਰਾਨ ਉਨ੍ਹਾਂ ਕਾਲਜ ਪ੍ਰਬੰਧਕਾਂ ਨੂੰ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਲੈ ਕੇ ਕਿਸੇ ਵੀ ਵਿਦਿਆਰਥੀ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਕਿਸੇ ਵੀ ਵਿਦਿਆਰਥੀ ਨੂੰ ਪ੍ਰੀਖਿਆ ਦੇਣ ਤੋਂ ਰੋਕਣਾ ਜਾਂ ਉਸ ਦੀ ਡਿਗਰੀ ਜਾਂ ਰੋਲ ਨੰਬਰ ਰੋਕਣ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇਸ ਮੌਕੇ ਐਸ.ਡੀ.ਐਮ. ਬਲਬੀਰ ਰਾਜ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫ਼ਸਰ ਰਜਿੰਦਰ ਸਿੰਘ ਆਦਿ ਮੌਜੂਦ ਸਨ।