ਖਿਡਾਰੀਆਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾਣਗੇ : ਗੁਰਲਾਲ ਘਨੌਰ
ਪੀ.ਐਸ.ਪੀ.ਸੀ.ਐਲ ਦੇ ਖੇਡ ਵਿਭਾਗ ਦਾ ਪੁਨਰਗਠਨ ਪੰਜਾਬ ਦੀ ਖੇਡ ਜਵਾਨੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ
5 Dariya News
ਪਟਿਆਲਾ 25-Jul-2022
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਹੋਰ ਵੱਡੀ ਪਹਿਲਕਦਮੀ ਕਰਦਿਆਂ 2017 ਤੋਂ ਪੀ.ਐਸ.ਪੀ.ਸੀ.ਐਲ ਦੇ ਬੰਦ ਪਏ ਸਪੋਰਟਸ ਸੈੱਲ ਨੂੰ ਮੁੜ ਸੁਰਜੀਤ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਅੱਜ ਪੀ.ਐਸ.ਪੀ.ਸੀ.ਐਲ ਦੇ ਮੁੱਖ ਦਫ਼ਤਰ ਵਿਖੇ ਕਰਵਾਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਪੋਰਟਸ ਸੈਕਸ਼ਨ ਵੱਲੋਂ ਪੰਜਾਬ ਸਰਕਾਰ ਅਤੇ ਪੀ.ਐਸ.ਪੀ.ਸੀ.ਐਲ ਦੀ ਸਮੁੱਚੀ ਮੈਨੇਜਮੈਂਟ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਤੇ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਖੇਡਾਂ ਦਾ ਮਾਹੌਲ ਬਣਾਉਣ ਲਈ ਢੁਕਵੇਂ ਪ੍ਰਬੰਧ ਕਰ ਰਹੀ ਹੈ। ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਚੰਗੇ ਖਿਡਾਰੀਆਂ ਨੂੰ ਸੂਬੇ 'ਚ ਰੋਜ਼ਗਾਰ ਦੇ ਵੀ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾਣਗੇ।
ਸਮਾਗਮ ਦੌਰਾਨ ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ ਦੇ ਸਪੋਰਟਸ ਸੈੱਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਤਾਂ ਜੋ ਇਥੋਂ ਦੇ ਖਿਡਾਰੀ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਸੂਬੇ ਦਾ ਤੇ ਬਿਜਲੀ ਵਿਭਾਗਾਂ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਕਿਹਾ ਆਉਣ ਵਾਲੇ ਦਿਨਾਂ 'ਚ ਸਪੋਰਟਸ ਸੈੱਲ ਦੇ ਬੁਨਿਆਦੀ ਢਾਂਚੇ 'ਚ ਵੀ ਲੋੜੀਂਦੇ ਸੁਧਾਰ ਕੀਤੇ ਜਾਣਗੇ ਤੇ ਪੰਜਾਬ ਸਰਕਾਰ ਦੀ ਸਪੋਰਟਸ ਪਾਲਿਸੀ ਅਨੁਸਾਰ ਖਿਡਾਰੀਆਂ ਦੀ ਭਰਤੀ ਵੀ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਬੰਦ ਪਏ ਸਪੋਰਟਸ ਵਿਭਾਗ ਦਾ 1 ਜੁਲਾਈ 2022 ਨੂੰ ਹੋਈ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ 'ਚ ਪੁਨਰਗਠਨ ਕਰ ਦਿੱਤਾ ਗਿਆ ਹੈ। ਇਸ ਮੌਕੇ ਅੰਤਰਰਾਸ਼ਟਰੀ ਖਿਡਾਰੀ ਅਮਰਿੰਦਰ ਸਿੰਘ ਦੁੱਲਟ ਨੇ ਦੱਸਿਆ ਕਿ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਐਮ.ਐਲ.ਏ ਗੁਰਲਾਲ ਘਨੌਰ ਦੇ ਅਣਥੱਕ ਯਤਨਾਂ ਅਤੇ ਕੋਸ਼ਿਸ਼ਾਂ ਨਾਲ ਪੀ.ਐਸ.ਪੀ.ਸੀ.ਐਲ ਦੇ ਖੇਡ ਵਿਭਾਗ ਨੂੰ ਚਾਲੂ ਕਰਨ ਦਾ ਫ਼ੈਸਲਾ ਹੋਇਆ ਹੈ ਜੋ ਕਿ 2017 ਵਿੱਚ ਬੰਦ ਕਰ ਦਿੱਤਾ ਗਿਆ ਸੀ ਇਹ ਪੰਜਾਬ ਸਰਕਾਰ ਦਾ ਬਹੁਤ ਹੀ ਸ਼ਲਾਘਾਯੋਗ ਫ਼ੈਸਲਾ ਹੈ।
ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਐੱਮ ਐੱਲ ਏ ਗੁਰਲਾਲ ਘਨੌਰ ਦਾ ਸਪੋਰਟਸ ਸੈੱਲ ਨੇ ਧੰਨਵਾਦ ਕੀਤਾ। ਸਮਾਗਮ 'ਚ ਚੇਅਰਮੈਨ ਬਲਦੇਵ ਸਿੰਘ ਸਰਾਂ, ਵਿਧਾਇਕ ਗੁਰਲਾਲ ਘਨੌਰ, ਸਮੂਹ ਡਾਇਰੈਕਟਰ ਸਾਹਿਬਾਨ, ਸਪੋਰਟਸ ਸੈੱਲ ਦੇ ਮਾਧੁਰੀ ਸਕਸੈਨਾ (ਅਰਜਨ ਐਵਾਰਡੀ), ਤੇਜਪਾਲ ਬਾਂਸਲ, ਅੰਤਰਰਾਸ਼ਟਰੀ ਖਿਡਾਰੀ ਅਮਰਿੰਦਰ ਸਿੰਘ ਦੁੱਲਟ, ਯੋਗਿਤਾ ਸ਼ਰਮਾ, ਰੁਪਿੰਦਰ ਸਿੰਘ, ਖੁਸ਼ਵਿੰਦਰ ਸਿੰਘ, ਬਲਬੀਰ ਸਿੰਘ ਬਿੱਟੂ ਬਾਂਗਰ, ਜਤਿੰਦਰ ਸਿੰਘ ਬੱਲੀ, ਬਿਕਰਮਜੀਤ ਸਿੰਘ ਵਿਸ਼ੇਸ਼ ਤੌਰ 'ਤੇ ਪੁੱਜੇ ਹੋਏ ਸਨ।