5 Dariya News

75ਵਾਂ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਸੂਬਾ ਸਰਕਾਰ ਨਾਲ ਮਿਲਕੇ ਕੇਂਦਰ ਦੀਆਂ ਯੋਜਨਾਵਾਂ ਦਾ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਲਾਭ : ਸੋਮ ਪ੍ਰਕਾਸ਼

ਕੇਂਦਰੀ ਰਾਜ ਮੰਤਰੀ ਨੇ ਉੱਜਵਲ ਭਾਰਤ-ਉਜਵਲ ਭਵਿਸ਼ਿਆ ਊਰਜਾ@ 2047 ਬਿਜਲੀ ਉਤਸਵ ਤਹਿਤ ਪ੍ਰੋਗਰਾਮ ਵਿੱਚ ਬਿਜਲੀ ਵਿਭਾਗ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ

5 Dariya News

ਹੁਸ਼ਿਆਰਪੁਰ 26-Jul-2022

 ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਰਾਜ ਸਰਕਾਰ ਨਾਲ ਮਿਲਕੇ ਕੇਂਦਰ ਸਰਕਾਰ ਆਪਣੀਆਂ ਲੋਕ ਹਿਤੈਸ਼ੀ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾ ਰਹੀ ਹੈ।  ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਦੇਸ਼ ਦੇ ਹਰ ਖੇਤਰ ਵਿੱਚ ਬਿਜਲੀ ਪਹੁੰਚਾਉਣ ਅਤੇ ਘਰ-ਘਰ ਬਿਜਲੀ ਕੁਨੈਕਸ਼ਨ ਦੇਣ ਲਈ ਬਿਜਲੀ ਖੇਤਰ ਵਿੱਚ ਬੇਮਿਸਾਲ ਵਿਕਾਸ ਕੀਤਾ ਗਿਆ ਹੈ, ਜਿਸ ਕਾਰਨ ਸੂਬੇ ਵਿੱਚ ਬਿਜਲੀ ਨੈੱਟਵਰਕ ਪ੍ਰਣਾਲੀ ਵੀ ਮਜ਼ਬੂਤ ਹੋਈ ਹੈ। ਉਹ ਅੱਜ ਸਵਾਮੀ ਸਰਵਾਨੰਦ ਗਿਰੀ ਖੇਤਰੀ ਕੇਂਦਰ ਪੰਜਾਬ ਯੂਨੀਵਰਸਿਟੀ ਵਿਖੇ ਉੱਜਵਲ ਭਾਰਤ -ਉੱਜਵਲ ਭਵਿਸ਼ਿਆ ਊਰਜਾ@ 2047 ਬਿਜਲੀ ਉਤਸਵ ਤਹਿਤ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ।  

ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਦਸੂਹਾ ਸ੍ਰੀ ਕਰਮਵੀਰ ਸਿੰਘ ਘੁੰਮਣ, ਸਾਬਕਾ ਮੰਤਰੀ ਸ੍ਰੀ ਤੀਕਸ਼ਨ ਸੂਦ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਅਮਿਤ ਮਹਾਜਨ ਅਤੇ ਐਸ.ਡੀ.ਐਮ.  ਹੁਸ਼ਿਆਰਪੁਰ ਸ਼੍ਰੀ ਸ਼ਿਵਰਾਜ ਸਿੰਘ ਬੱਲ ਵੀ ਮੌਜੂਦ ਸਨ।  ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਊਰਜਾ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪੀ.ਐਸ.ਪੀ.ਸੀ.ਐਲ. ਅਤੇ ਐਸ.ਜੇ.ਵੀ.ਐਨ.ਐਲ ਵੱਲੋਂ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਕੇਂਦਰੀ ਰਾਜ ਮੰਤਰੀ ਨੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਖਾਸ ਕਰਕੇ ਬਿਜਲੀ ਵਿਭਾਗ ਦੀਆਂ ਸਕੀਮਾਂ ਬਾਰੇ

ਵਿਸਥਾਰ ਵਿੱਚ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ 75ਵੇਂ ਅਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਤਹਿਤ ਦੇਸ਼ ਭਰ ਵਿੱਚ ਇੱਕ ਹਫ਼ਤੇ ਲਈ ਬਿਜਲੀ ਉਤਸਵ ਮਨਾਇਆ ਜਾ ਰਿਹਾ ਹੈ ਅਤੇ ਇੱਕ ਹਫ਼ਤੇ ਬਾਅਦ ਦੇਸ਼ ਦੇ ਪ੍ਰਧਾਨ ਮੰਤਰੀ ਦੇਸ਼ ਨੂੰ ਸੰਬੋਧਨ ਕਰਨਗੇ।  ਉਨ੍ਹਾਂ ਕਿਹਾ ਕਿ ਸਾਡੀ ਬਿਜਲੀ ਉਤਪਾਦਨ ਸਮਰੱਥਾ ਸਾਲ 2014 ਵਿੱਚ 2,48,554 ਮੈਗਾਵਾਟ ਤੋਂ ਵੱਧ ਕੇ 4 ਲੱਖ ਮੈਗਾਵਾਟ ਹੋ ਗਈ ਹੈ, ਜੋ ਕਿ ਸਾਡੀ ਮੰਗ ਨਾਲੋਂ 1,85,000 ਮੈਗਾਵਾਟ ਵੱਧ ਹੈ।  ਇਹੀ ਕਾਰਨ ਹੈ ਕਿ ਭਾਰਤ ਹੁਣ ਆਪਣੇ ਗੁਆਂਢੀ ਦੇਸ਼ਾਂ ਨੂੰ ਵੀ ਬਿਜਲੀ ਨਿਰਯਾਤ ਕਰ ਰਿਹਾ ਹੈ।  ਇਸ ਦੌਰਾਨ ਉਨ੍ਹਾਂ ਨੇ ਕਾਰਗਿਲ ਦਿਵਸ 'ਤੇ ਕਾਰਗਿਲ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਨਮਨ ਕੀਤਾ।

 ਪ੍ਰੋਗਰਾਮ ਦੇ ਵਿਸ਼ੇਸ਼ ਮਹਿਮਾਨ ਵਿਧਾਇਕ ਦਸੂਹਾ ਸ਼੍ਰੀ ਕਰਮਵੀਰ ਸਿੰਘ ਘੁੰਮਣ ਨੇ ਵੀ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਪਾਵਰ ਕਾਰਪੋਰੇਸ਼ਨ ਵੱਲੋਂ ਲੋਕਾਂ ਨੂੰ ਦਿੱਤੀ ਜਾ ਰਹੀ ਨਿਰਵਿਘਨ ਬਿਜਲੀ ਸਪਲਾਈ ਲਈ ਵਧਾਈ ਦਿੱਤੀ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਦੇਣ ਲਈ ਗੰਭੀਰ ਹੈ।  ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਦੇਣ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। 

 ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਦੇ ਨਾਲ ਮਿਲਕੇ ਲੋਕ ਹਿੱਤ ਵਿੱਚ ਸੂਬੇ ਦੇ ਲੋਕਾਂ ਨੂੰ ਹਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।  ਇਸ ਦੌਰਾਨ ਬਿਜਲੀ ਖੇਤਰ ਦੇ ਵਿਕਾਸ ਨਾਲ ਸਬੰਧਤ ਵੀਡੀਓਜ਼ ਵੀ ਦਿਖਾਈਆਂ ਗਈਆਂ।  ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਹਾਲ ਦੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਪੇਸ਼ ਕੀਤਾ ਗਿਆ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਦੀਆਂ ਵਿਦਿਆਰਥਣਾਂ ਵੱਲੋਂ ਦੇਸ਼ ਭਗਤੀ ਦੇ ਗੀਤਾਂ ’ਤੇ ਪੇਸ਼ਕਾਰੀ ਕੀਤੀ ਗਈ।

 ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਿਤ ਮਹਾਜਨ, ਪੰਜਾਬ ਪਾਵਰ ਕਾਰਪੋਰੇਸ਼ਨ ਦੇ ਡਿਪਟੀ ਚੀਫ਼ ਇੰਜੀਨੀਅਰ ਹਰਮਿੰਦਰ ਸਿੰਘ, ਡਿਪਟੀ ਜਨਰਲ ਮੈਨੇਜਰ ਐਸ.ਜੇ.ਵੀ.ਐਨ.ਐਲ ਰੋਸ਼ਨ ਕੁਮਾਰ ਨੇ ਵੀ ਸੰਬੋਧਨ ਕੀਤਾ।  ਇਸ ਦੌਰਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪ੍ਰੀਤ ਕੋਹਲੀ, ਜ਼ਿਲ੍ਹਾ ਭਾਜਪਾ ਪ੍ਰਧਾਨ ਨਿਪੁਨ ਸ਼ਰਮਾ, ਪ੍ਰੋ.  ਬ੍ਰਿਜੇਸ਼ ਸ਼ਰਮਾ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।