5 Dariya News

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਹੀਦ ਭਗਤ ਸਿੰਘ ਢਢੋਗਲ ਨੂੰ ਦਿੱਤੀਆਂ ਸ਼ਰਧਾਂਜਲੀਆਂ

ਸ਼ਹੀਦ ਦੀ ਯਾਦ ’ਚ ਸਟੇਡੀਅਮ ਉਸਾਰਨ ਦੇ ਨਾਲ-ਨਾਲ ਛੀਂਟਾਂਵਾਲਾ ਤੋਂ ਮਲੇਰਕੋਟਲਾ ਵਾਇਆ ਢਢੋਗਲ ਸੜਕ ਨੂੰ ਕੀਤਾ ਜਾਵੇਗਾ 18 ਫੁੱਟ ਚੌੜਾ : ਹਰਪਾਲ ਸਿੰਘ ਚੀਮਾ

5 Dariya News

ਢਢੋਗਲ (ਧੂਰੀ) ਸੰਗਰੂਰ 09-Aug-2022

ਅਖੰਡ ਭਾਰਤ ਦੀ ਆਜ਼ਾਦੀ ਲਈ ਅਤੇ ਆਮ ਜਨਤਾ ਨੂੰ ਰਾਜ-ਭਾਗ ਦਾ ਹਿੱਸੇਦਾਰ ਬਣਾਉਣ ਲਈ 10 ਅਗਸਤ 1938 ਨੂੰ ਜ਼ਿੰਦਗੀ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ ਢਢੋਗਲ ਨੂੰ ਸ਼ਰਧਾ ਦੇ ਫ਼ੁੱਲ ਭੇਂਟ ਕਰਨ ਲਈ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਅੱਜ ਸ਼ਹੀਦੀ ਸਮਾਗਮ ’ਚ ਸ਼ਿਰਕਤ ਕੀਤੀ। ਪੰਜਾਬ ਰਿਆਸਤੀ ਪਰਜਾ ਮੰਡਲ ਦੇ ਪ੍ਰਧਾਨ ਰਹੇ ਸ਼ਹੀਦ ਭਗਤ ਸਿੰਘ ਢਢੋਗਲ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਂਟ ਕਰਨ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇਸ਼ ਦੀ ਆਜ਼ਾਦੀ ਲਈ ਬਲੀਦਾਨ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦਾ ਤਹਿ-ਦਿਲੋਂ ਸਨਮਾਨ ਕਰਦੀ ਹੈ। 

ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਹਦਾਇਤ ਕੀਤੀ ਗਈ ਹੈ ਕਿ ਸ਼ਹੀਦ ਦੇ ਸਨਮਾਨ ’ਚ ਢਢੋਗਲ ਪਿੰਡ ਨੂੰ ਇੱਕ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇ। ਕੈਬਨਿਟ ਮੰਤਰੀ ਸ. ਚੀਮਾ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਹਰ ਇੱਕ ਮੰਗ ਸੂਬਾ ਸਰਕਾਰ ਵੱਲੋਂ ਪ੍ਰਵਾਨ ਕੀਤੀ ਗਈ ਹੈ ਅਤੇ ਇਸੇ ਤਹਿਤ ਹੀ ਢਢੋਗਲ ਪਿੰਡ ਨੂੰ ਮਾਲੇਰਕੋਟਲਾ ਅਤੇ ਲਾਗਲੇ ਰੇਲਵੇ ਸਟੇਸ਼ਨ ਛੀਂਟਾਂਵਾਲਾ ਨਾਲ ਜੋੜਨ ਵਾਲੀ ਸੜਕ ਨੂੰ 18 ਫ਼ੁੱਟ ਚੌੜਾ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਇਸਦੇ ਨਾਲ ਹੀ ਪਿੰਡ ’ਚ ਸਟੇਡੀਅਮ ਵਿਕਸਤ ਕੀਤਾ ਜਾਵੇਗਾ ਜਿਸ ਦਾ ਨਾਂ ਸ਼ਹੀਦ ਭਗਤ ਸਿੰਘ ਢਢੋਗਲ ਦੇ ਨਾਂ ’ਤੇ ਰੱਖਿਆ ਜਾਵੇਗਾ। 

ਉਨਾਂ ਕਿਹਾ ਕਿ ਇਸਦੇ ਨਾਲ ਹੀ ਪਿੰਡ ਦੇ ਸਕੂਲ ’ਚ ਲੋੜੀਂਦੀਆਂ ਸੁਵਿਧਾਵਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਾਲ-ਨਾਲ ਸਰਕਾਰੀ ਸਿਹਤ ਸੰਸਥਾ ਨੂੰ ਵੀ ਨਮੂਨੇ ਦਾ ਸਿਹਤ ਕੇਂਦਰ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਇਸਦੇ ਨਾਲ ਹੀ ਢਢੋਗਲ ਪਿੰਡ ’ਚ ਹਰਿਆਲੀ ਬਰਕਰਾਰ ਰੱਖਣ ਲਈ ਲਾਏ ਗਏ ਦਰੱਖਤਾਂ ਨੂੰ ਬਚਾਉਣ ਲਈ ਬਿਜਲੀ ਦੀਆਂ ਤਾਰਾਂ ਨੂੰ ਬਦਲਾਉਣ ਦਾ ਕੰਮ ਵੀ ਜਲਦ ਕਰਵਾਇਆ ਜਾਵੇਗਾ। ਸ. ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਮੁੱਖ ਮੰਤਰੀ ਵੱਲੋਂ ਹਰ ਹਲਕੇ ’ਚ ਦਫ਼ਤਰ ਖੋਲੇ ਜਾ ਰਹੇ ਹਨ ਜਿੱਥੇ ਜਾ ਕੇ ਲੋਕ ਆਪਣੀ ਸਮੱਸਿਆ ਜਾਂ ਲੋੜਾਂ ਦੱਸ ਸਕਦੇ ਹਨ। 

ਉਨਾਂ ਵਿਸ਼ਵਾਸ ਦਵਾਇਆ ਕਿ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਵਾਈਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਖੱਜਲ-ਖਵਾਰ ਹੋਣ ਤੋਂ ਬਚਾਇਆ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਮ.ਐਲ.ਏ. ਅਮਰਗੜ੍ਹ ਜਸਵੰਤ ਸਿੰਘ ਗੱਜਣਮਾਜਰਾ, ਐਸ.ਡੀ.ਐਮ. ਧੂਰੀ ਅਮਿਤ ਗੁਪਤਾ, ਤਹਿਸੀਲਦਾਰ ਕੁਲਦੀਪ ਸਿੰਘ ਅਤੇ ਵੱਡੀ ਗਿਣਤੀ ’ਚ ਲੋਕ ਹਾਜ਼ਰ ਸਨ।