5 Dariya News

ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੱਲੋਂ ਕੇਂਦਰੀ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਕੇਂਦਰੀ ਸਕੀਮਾਂ ਨੂੰ ਵਧੀਆ ਢੰਗ ਨਾਲ ਲਾਗੂ ਕਰਨ ਸਬੰਧੀ ਪ੍ਰਗਟਾਈ ਤਸੱਲੀ

5 Dariya News

ਐਸ.ਏ.ਐਸ ਨਗਰ 31-Aug-2022

ਜਲ ਸ਼ਕਤੀ ਮੰਤਰੀ ਭਾਰਤ ਸਰਕਾਰ ਗਜੇਂਦਰ ਸਿੰਘ ਸ਼ੇਖਾਵਤ ਵੱਲੋਂ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਚਲਾਈਆਂ ਜਾ ਰਹੀਆਂ ਵੱਖ ਵੱਖ ਲੋਕ ਪੱਖੀ ਕੇਂਦਰੀ ਸਕੀਮਾਂ ਦਾ ਜ਼ਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਇਸ ਸਮੀਖਿਆ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਸਮੇਤ ਜ਼ਿਲ੍ਹੇ ਦੇ ਸਮੂਹ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।

ਜਲ ਸ਼ਕਤੀ ਮੰਤਰੀ ਭਾਰਤ ਸਰਕਾਰ ਗਜੇਂਦਰ ਸਿੰਘ ਸ਼ੇਖਾਵਤ ਨੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਪਾਣੀ ਦੇ ਸੋਮਿਆਂ ਦੀ ਸਾਂਭ-ਸੰਭਾਲ ਸੰਬੰਧੀ ਕੀਤੇ ਕੰਮਾਂ ਅਤੇ ਵੱਖ ਵੱਖ ਲੋਕ ਪੱਖੀ ਕੇਂਦਰੀ ਸਕੀਮਾਂ ਅਧੀਨ ਕੀਤੇ ਗਏ ਕੰਮਾਂ ਦਾ ਬਰੀਕੀ ਨਾਲ ਜ਼ਾਇਜ਼ਾ ਲਿਆ। 

ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਚਲਾਈਆ ਜਾ ਰਹੀਆਂ ਕੇਂਦਰੀ ਸਕੀਮਾਂ ਦਾ ਜ਼ਾਇਜਾ ਲੈਂਦੇ ਹੋਏ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਦੇ ਵੇਸਟ ਪਾਣੀ ਨੂੰ ਵਧੀਆ ਢੰਗ ਨਾਲ ਦੁਬਾਰਾ ਵਰਤੋਂ ਵਿੱਚ ਲਿਆਂਦੇ ਜਾ ਰਹੇ ਉਪਰਾਲਿਆਂ ਨੂੰ ਹੋਰ ਵਧਾਇਆ ਜਾਵੇ ਤਾਂ ਜੋ ਧਰਤੀ ਦੇ ਹੇਠ ਡਿੱਗਦੇ ਪਾਣੀ ਦੇ ਪੱਧਰ ਨੂੰ ਉਪਰ ਚੁੱਕਿਆ ਜਾ ਸਕੇ।  ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਹਰਿਆਲੀ ਵਧਾਉਣ ਦੇ ਮੰਤਵ ਨਾਲ ਜੋ ਬੂਟੇ ਲਗਾਏ ਗਏ ਹਨ ਉਹ ਵੀ ਪ੍ਰਦੂਸ਼ਣ ਦੀ ਰੋਕਥਾਮ ਨੂੰ ਦੇਖਦਿਆ ਬਹੁਤ ਮਹੱਤਵਪੂਰਨ ਹਨ।

ਮੀਟਿੰਗ ਦੀ ਸ਼ੁਰੂਆਤ ਵਿੱਚ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਮੀਟਿੰਗ ਦੀ ਅਗਵਾਈ ਕਰਦਿਆਂ ਜਲ ਸ਼ਕਤੀ ਮੁਹਿੰਮ ਅਧੀਨ ਪਾਣੀ ਦੀ ਸਾਂਭ ਸੰਭਾਲ ਸਬੰਧੀ ਬਣਾਏ ਸਰੋਤਾਂ ਅਤੇ ਇਸ ਸਬੰਧੀ ਕੀਤੇ ਕੰਮਾਂ ਬਾਰੇ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਜ਼ਿਲ੍ਹੇ ਵਿਚ ਚਲ ਰਹੀਆਂ ਵੱਖ ਵੱਖ ਕੇਂਦਰੀ ਸਕੀਮਾਂ ਅਧੀਨ ਪੂਰੇ ਕੀਤੇ ਪ੍ਰੋਜੈਕਟਾਂ ਅਤੇ ਮੌਜੂਦਾ ਸਮੇਂ ਚਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਬਾਰੇ ਕੇਂਦਰੀ ਮੰਤਰੀ ਭਾਰਤ ਸਰਕਾਰ ਗਜੇਂਦਰ ਸਿੰਘ ਸ਼ੇਖਾਵਤ ਨੂੰ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ।

ਮੀਟਿੰਗ ਦੌਰਾਨ ਕੰਵਰਦੀਪ ਸਿੰਘ ਜ਼ਿਲ੍ਹਾ ਜੰਗਲਾਤ ਅਫਸਰ ਵੱਲੋਂ ਜੰਗਲਾਤ ਖੇਤਰ ਵਿੱਚ ਬਣੇ ਪਾਣੀ ਦੀ ਸਾਂਭ ਸੰਭਾਲ ਦੇ ਸਰੋਤਾਂ ਬਾਰੇ ਜਾਣੂ ਕਰਵਾਇਆ ਗਿਆ ਜਿਸ ਨੂੰ ਕੇਂਦਰੀ ਮੰਤਰੀ ਵੱਲੋਂ ਸਹੀ ਮੰਨਦੇ ਹੋਏ ਇਸ ਕੰਮ ਨੂੰ ਹੋਰ ਵਧਾਉਣ ਲਈ ਉਪਰਾਲੇ ਕਰਨ ਲਈ ਕਿਹਾ। ਇਸ ਦੌਰਾਨ ਕੇਂਦਰੀ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਮੀਨੀ ਪੱਧਰ ਤੇ ਜਾ ਕੇ ਲੋਕਾਂ ਨੂੰ ਪਾਣੀ ਦੇ ਬਚਾਅ ਅਤੇ ਇਸ ਦੀ ਸਹੀ ਵਰਤੋਂ ਕਰਨ ਬਾਰੇ ਲੋਕਾਂ ਨੂੰ ਸਮੇਂ ਸਮੇਂ ਤੇ ਜਾਗਰੂਕ ਕਰਦੇ ਰਹਿਣ ।  

ਅੰਤ ਵਿੱਚ ਕੇਂਦਰੀ ਮੰਤਰੀ ਵੱਲੋਂ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਕੇਂਦਰੀ ਸਕੀਮਾਂ ਨੂੰ ਵਧੀਆ ਢੰਗ ਨਾਲ ਲਾਗੂ ਕਰਨ ਅਤੇ ਜ਼ਿਲ੍ਹੇ ਦੀ ਤਰੱਕੀ ਤੇ ਤਸੱਲੀ ਪ੍ਰਗਟਾਈ ਗਈ । ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕੇਂਦਰੀ ਮੰਤਰੀ ਦੇ ਜ਼ਿਲ੍ਹੇ ਵਿੱਚ ਆਉਣ ਤੇ ਖੁਸ਼ੀ ਪ੍ਰਗਟਾਉਂਦੇ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਕਮਿਸ਼ਨਰ ਨਗਰ ਨਿਗਮ ਨਵਜੋਤ ਕੌਰ, ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਪੂਜਾ ਐਸ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ ) ਅਮਰਦੀਪ ਸਿੰਘ ਗੁਜਰਾਲ, ਐਸ.ਡੀ.ਐਮ. ਮੋਹਾਲੀ ਸਰਬਜੀਤ ਕੌਰ, ਐਸ.ਡੀ.ਐਮ. ਖਰੜ ਰਵਿੰਦਰ ਸਿੰਘ, ਐਸ.ਡੀ.ਐਮ. ਡੇਰਾਬੱਸੀ ਹਿੰਮਾਸ਼ੂ ਗੁਪਤਾ, ਬੀਜੇਪੀ ਆਗੂ ਬਲਬੀਰ ਸਿੰਘ ਸਿੱਧੂ ਸਮੇਤ ਬੀਜੇਪੀ ਤੇ ਹੋਰ ਆਗੂ ਅਤੇ ਵੱਖ-ਵੱਖ ਵਿਭਾਗਾਂ ਦੇ ਮੁੱਖੀ ਵਿਸ਼ੇਸ ਤੌਰ ਤੇ ਹਾਜ਼ਰ ਸਨ।