ਰੋਜ਼ਾ ਸ਼ਰੀਫ ਦਾ ਸਲਾਨਾਂ ਉਰਸ 24 ਤੋਂ 26 ਸਤੰਬਰ ਤੱਕ ਮਨਾਇਆ ਜਾਵੇਗਾ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ
ਸ਼ਰਧਾਲੂਆਂ ਦੀ ਸੁਰੱਖਿਆ ਲਈ ਕੀਤੇ ਜਾਣਗੇ ਪੁਖਤਾ ਇੰਤਜ਼ਾਮ : ਜ਼ਿਲ੍ਹਾ ਪੁਲਿਸ ਮੁਖੀ
5 Dariya News
ਫ਼ਤਹਿਗੜ੍ਹ ਸਾਹਿਬ 09-Sep-2022
ਹਜ਼ਰਤ ਸ਼ੇਖ ਅਹਿਮਦ ਮੁਜੱਦਦ ਅਲਫਸਾਨੀ ਦੀ ਯਾਦ ਵਿੱਚ ਹਰੇਕ ਸਾਲ ਰੋਜ਼ਾ ਸ਼ਰੀਫ ਵਿਖੇ ਆਯੋਜਿਤ ਕੀਤਾ ਜਾਣ ਵਾਲਾ ਸਲਾਨਾਂ ਉਰਸ ਇਸ ਵਾਰ 24 ਸਤੰਬਰ ਤੋਂ 26 ਸਤੰਬਰ ਤੱਕ ਮਨਾਇਆ ਜਾਵੇਗਾ ਜਿਸ ਵਿੱਚ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੋ਼ਜਾ ਸ਼ਰੀਫ ਦੇ ਸਲਾਨਾਂ ਉਰਸ ਸਬੰਧੀ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਰੋਜ਼ਾ ਸ਼ਰੀਫ ਵਿਖੇ ਹੋਣ ਵਾਲਾ ਸਲਾਨਾਂ ਉਰਸ ਜ਼ਿਲ੍ਹੇ ਦਾ ਇੱਕ ਵੱਡਾ ਸਮਾਗਮ ਹੈ ਇਸ ਲਈ ਸਮੂਹ ਅਧਿਕਾਰੀ ਆਪਣੇ ਫਰਜ਼ਾਂ ਨੂੰ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਅਦਾ ਕਰਨ ਤਾਂ ਜੋ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਸਰਹਿੰਦ ਰੇਲਵੇ ਸਟੇਸ਼ਨ ਤੇ ਸ਼ਰਧਾਲੂਆਂ ਦੀ ਸਹੂਲਤ ਲਈ ਹੈਲਪ ਡੈਸਕ ਅਤੇ ਪੀਣ ਵਾਲੇ ਸਾਫ ਸੁਥਰੇ ਪਾਣੀ ਦਾ ਪ੍ਰਬੰਧ ਕਰਨ ਲਈ ਵੀ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਰੋਜ਼ਾ ਸ਼ਰੀਫ ਵਿਖੇ 40 ਆਰਜ਼ੀ ਪਖਾਨਿਆਂ ਅਤੇ 10 ਆਰਜ਼ੀ ਪਖਾਨੇ ਪਿੰਡ ਬਰਾਸ ਵਿਖੇ ਬਣਾਉਣ ਲਈ ਵੀ ਕਿਹਾ। ਉਨ੍ਹਾਂ ਪੀ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਸਲਾਨਾਂ ਉਰਸ ਦੌਰਾਨ ਨਿਰਵਿਘਨ ਬਿਜਲੀ ਸਪਲਾਈ, ਸਿਵਲ ਸਰਜਨ ਨੂੰ ਲੋੜੀਂਦੀਆਂ ਮੈਡੀਕਲ ਟੀਮਾਂ ਤੇ ਐਂਬੂਲੈਸ ਦਾ ਪ੍ਰਬੰਧ ਕਰਨ ਲਈ ਵੀ ਕਿਹਾ। ਉਨ੍ਹਾਂ ਰੋਜ਼ਾ ਸ਼ਰੀਫ ਦੇ ਆਲੇ ਦੁਆਲੇ ਸਾਫ ਸਫਾਈ ਦੇ ਪੁਖਤਾ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ।
ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਸਲਾਨਾਂ ਉਰਸ ਦੌਰਾਨ ਕੋਈ ਵੀ ਅਧਿਕਾਰੀ ਆਪਣਾ ਸਥਾਨ ਛੱਡ ਕੇ ਨਾ ਜਾਵੇ ਅਤੇ ਜੇਕਰ ਕਿਸੇ ਐੇਮਰਜੰਸੀ ਕਾਰਨ ਕਿਸੇ ਅਧਿਕਾਰੀ ਨੂੰ ਬਾਹਰ ਜਾਣਾ ਪੈਂਦਾ ਹੈ ਤਾਂ ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਤੇ ਸਹਾਇਕ ਕਮਿਸ਼ਨਰ (ਜਨਰਲ) ਦੇ ਧਿਆਂਨ ਵਿੱਚ ਜਰੂਰ ਲਿਆਂਦਾ ਜਾਵੇ। ਉਨ੍ਹਾਂ ਇਹ ਆਦੇਸ਼ ਵੀ ਦਿੱਤੇ ਕਿ ਬਿਨਾਂ ਆਗਿਆ ਕੋਈ ਵੀ ਅਧਿਕਾਰੀ ਆਪਣਾ ਸਟੇਸ਼ਨ ਛੱਡ ਕੇ ਨਾ ਜਾਵੇ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਕਿਹਾ ਕਿ ਰੋਜ਼ਾ ਸ਼ਰੀਫ ਦੇ ਸਲਾਨਾਂ ਉਰਸ ਮੌਕੇ ਜ਼ਿਲ੍ਹਾ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣਗੇ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਰੋ਼ਜਾ ਸ਼ਰੀਫ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਸਲਾਨਾਂ ਉਰਸ ਮੌਕੇ ਜ਼ਿਆਰਤ ਲਈ ਆਉਣ ਵਾਲੇ ਸ਼ਰਧਾਲੂਆਂ ਬਾਰੇ ਅਗੇਤੀ ਸੂਚਨਾ ਮੁਹੱਈਆ ਕਰਵਾਈ ਜਾਵੇ ਤਾਂ ਜ਼ੋ ਉਸ ਅਨੁਸਾਰ ਸੁਰੱਖਿਆ ਪ੍ਰਬੰਧ ਕੀਤੇ ਜਾ ਸਕਣ।
ਮੀਟਿੰਗ ਵਿੱਚ ਰੋਜ਼ਾ ਸ਼ਰੀਫ ਦੇ ਖਲੀਫਾ ਸਈਅਦ ਸਾਦਿਕ ਰਜ਼ਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੋਹਲ, ਐਸ.ਪੀ. (ਐਚ) ਰਮਿੰਦਰ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਅਸ਼ੋਕ ਕੁਮਾਰ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਹਰਪ੍ਰੀਤ ਸਿੰਘ ਅਟਵਾਲ, ਡੀ.ਐਸ.ਪੀ.(ਐਚ) ਰਵਿੰਦਰਪਾਲ ਸਿੰਘ, ਕਾਰਜਕਾਰੀ ਇੰਜਨੀਅਰ ਜਨ ਸਿਹਤ ਜਸਇੰਦਰ ਸਿੰਘ ਸਿੱਧੂ, ਨਗਰ ਕੌਂਸਲ ਬਸੀ ਪਠਾਣਾ ਦੇ ਕਾਰਜ ਸਾਧਕ ਅਫਸਰ ਮਨਜੀਤ ਸਿੰਘ, ਬੀ.ਡੀ.ਪੀ.ਓ. ਸਰਹਿੰਦ ਮੋਹਿੰਦਰਜੀਤ ਸਿੰਘ, ਬੀ.ਡੀ.ਪੀ.ਓ. ਖੇੜਾ ਰਾਜਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫਸਰ ਸਵਰਨ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।