ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸ਼ਹਾਦਤ ਰਹਿੰਦੀ ਦੁਨੀਆਂ ਤੱਕ ਚਾਨਣ ਮੁਨਾਰੇ ਦਾ ਕੰਮ ਕਰੇਗੀ
ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਦੀਆਂ ਕੋਸ਼ਿਸ਼ਾਂ ਜਾਰੀ
5 Dariya News
ਫ਼ਤਿਹਗੜ੍ਹ ਸਾਹਿਬ 28-Sep-2022
ਅੱਜ ਜਦੋਂ ਕਿ ਸਮਾਜ ਵਿੱਚ ਕਈ ਕੁਰੀਤੀਆਂ ਨਿਰੰਤਰ ਵੱਧਦੀਆਂ ਜਾ ਰਹੀਆਂ ਹਨ ਤਾਂ ਉਸ ਸਮੇਂ ਸਾਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ ਕਿਉਂਕਿ ਜਿਸ ਤਰ੍ਹਾਂ ਉਨ੍ਹਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਜ਼ਾਲਮ ਅੰਗਰੇਜ ਹਕੂਮਤ ਦੀਆਂ ਜੜ੍ਹਾਂ ਹਿਲਾਈਆਂ ਸਨ ਉਸੇ ਤਰ੍ਹਾਂ ਇਨ੍ਹਾਂ ਕੁਰੀਤੀਆਂ ਦਾ ਖਾਤਮਾ ਵੀ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਹੀ ਕੀਤਾ ਜਾ ਸਕਦਾ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਅਤੇ ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਜ਼ਿਲ੍ਰਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇ ਗੰਢ ਮੌਕੇ ਕਰਵਾਏ ਗਏ ਸ਼ਰਧਾਂਜਲੀ ਸਮਾਰੋਹ ਦੌਰਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਇਸੇ ਮੰਤਵ ਲਈ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਜਿਥੇ ਪਹਿਲਾਂ ਸਿਆਸੀ ਲੋਕਾਂ ਦੀਆਂ ਫੋਟੋਆਂ ਲਗਾਈਆਂ ਜਾਂਦੀਆਂ ਸਨ, ਉਥੇ ਹੁਣ ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੀਆਂ ਫੋਟੋਆਂ ਲਗਵਾਈਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਇਹ ਦੋਵੇਂ ਉਹ ਨਾਇਕ ਹਨ ਜਿਨ੍ਹਾਂ ਦਾ ਦੇਣਾ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬੀ ਦੁਨੀਆਂ ਭਰ ਵਿੱਚ ਆਪਣੀ ਬਹਾਦਰੀ ਕਾਰਨ ਜਾਣੇ ਜਾਂਦੇ ਹਨ ਅਤੇ ਸ਼ਹੀਦ ਭਗਤ ਸਿੰਘ ਦਾ ਜੀਵਨ ਰਹਿੰਦੀ ਦੁਨੀਆਂ ਤੱਕ ਬਹਾਦਰ ਪੰਜਾਬੀਆਂ ਲਈ ਚਾਨਣ ਮੁਨਾਰੇ ਦਾ ਕੰਮ ਕਰੇਗਾ। ਉਨ੍ਹਾਂ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਆਪਣੇ ਵਿਰਸੇ ਤੇ ਸੱਭਿਆਚਾਰ ਨਾਲ ਜੁੜਨ ਲਈ ਸਾਨੂੰ ਆਪਣੇ ਮਹਾਨ ਦੇਸ਼ ਭਗਤਾਂ ਦੀਆਂ ਜੀਵਨੀਆਂ ਪੜ੍ਹਨੀਆਂ ਚਾਹੀਦੀਆਂ ਹਨ ਕਿਉਂਕਿ ਇਹ ਉਹ ਅਨਮੋਲ ਖਜ਼ਾਨਾ ਹੈ ਜਿਸ ਤੋਂ ਹਮੇਸ਼ਾਂ ਲਾਭ ਹੀ ਮਿਲਦਾ ਹੈ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਹੱਸਦਾ, ਵੱਸਦਾ ਤੇ ਖੇਡਦਾ ਪੰਜਾਬ ਸਿਰਜਣ ਦਾ ਬੀੜਾ ਚੁੱਕਿਆ ਹੈ ਅਤੇ ਅਸੀਂ ਬਹੁਤ ਛੇਤੀ ਇਸ ਵਿੱਚ ਸਫਲ ਵੀ ਹੋਵਾਂਗੇ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੌਜਵਾਨ ਪੰਜਾਬੀਆਂ ਦੇ ਹੀਰੋ ਹਨ ਜਿਨ੍ਹਾਂ ਦਾ ਜੀਵਨ ਨੌਜਵਾਨ ਵਰਗ ਨੂੰ ਸਹੀ ਸੇਧ ਪ੍ਰਦਾਨ ਕਰਦਾ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੇ ਸਾਡੇ ਕੱਲ ਲਈ ਆਪਣਾ ਅੱਜ ਵਾਰ ਦਿੱਤਾ ਅਤੇ ਹੱਸਦੇ-ਹੱਸਦੇ ਫਾਂਸੀ ਦਾ ਰੱਸਾ ਚੁੰਮ ਲਿਆ ਸੀ, ਪੰਜਾਬੀ ਮਾਂ ਦੇ ਇਸ ਮਹਾਨ ਯੌਧੇ ਨੂੰ ਇਤਿਹਾਸ ਹਮੇਸ਼ਾਂ ਨਤਮਸਤਕ ਹੁੰਦਾ ਰਹੇਗਾ।
ਉਨ੍ਹਾਂ ਦੱਸਿਆ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੀ 115ਵੀਂ ਜਨਮ ਵਰ੍ਹੇ ਗੰਢ ਮੌਕੇ ਨੌਜਵਾਨ ਵਰਗ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਸਾਇਕਲ ਰੈਲੀ, ਪ੍ਰਦਰਸ਼ਨੀ ਮੈਚ ਅਤੇ ਕੈਂਡਲ ਲਾਇਟ ਮਾਰਚ ਪ੍ਰਮੁੱਖ ਹਨ ਤਾਂ ਜੋ ਸਾਡੇ ਨੌਜਵਾਨ ਇਸ ਮਹਾਨ ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾ ਸਕਣ।
ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸਲਾਮੀ ਵੀ ਦਿੱਤੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੋਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਨੋਦ ਵਸ਼ਿਸ਼ਟ, ਐਸ.ਪੀ. (ਹੈ/ਕੁ) ਰਮਿੰਦਰ ਸਿੰਘ, ਡੀ.ਐਸ.ਪੀ. ਸੁਖਬੀਰ ਸਿੰਘ, ਡੀ.ਐਸ.ਪੀ. ਜਸਇੰਦਰ ਸਿੰਘ ਗਿੱਲ, ਡੀ.ਐਸ.ਪੀ. ਰਵਿੰਦਰਪਾਲ ਸਿੰਘ, ਸਹਾਇਕ ਕਮਿਸ਼ਨਰ (ਜ) ਅਸ਼ੋਕ ਕੁਮਾਰ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਹਰਪ੍ਰੀਤ ਸਿੰਘ ਅਟਵਾਲ, ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ ਬਾਦਲਦੀਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ।