5 Dariya News

ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਪਾਤੜਾਂ ਮੰਡੀ ਦਾ ਅਚਨਚੇਤ ਦੌਰਾ, ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ

ਕਿਹਾ, ਭਗਵੰਤ ਮਾਨ ਸਰਕਾਰ ਕਿਸਾਨਾਂ ਨੂੰ ਮੰਡੀਆਂ 'ਚ ਕੋਈ ਮੁਸ਼ਕਿਲ ਨਹੀਂ ਆਉਣ ਦੇਵੇਗੀ

5 Dariya News

ਪਾਤੜਾਂ 02-Oct-2022

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਚਨਚੇਤ ਪਾਤੜਾਂ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਝੋਨੇ ਦੀ ਖਰੀਦ ਦੇ ਸਾਰੇ ਪ੍ਰਬੰਧ ਅਗੇਤੇ ਹੀ ਮੁਕੰਮਲ ਕਰ ਲਏ ਗਏ ਸਨ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ, ਆਮ ਲੋਕਾਂ ਅਤੇ ਕਿਸਾਨਾਂ ਦੀ ਆਪਣੀ ਸਰਕਾਰ ਹੈ, ਇਸ ਲਈ ਉਹ ਹਮੇਸ਼ਾ ਆਪਣੇ ਕਿਸਾਨਾਂ ਦੇ ਨਾਲ ਖੜ੍ਹੇ ਹਨ ਜਿਸ ਕਰਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਫੀਡਬੈਕ ਹਾਸਲ ਕੀਤੀ ਅਤੇ ਭਰੋਸਾ ਦਿੱਤਾ ਕਿ ਮੰਡੀਆਂ ਵਿੱਚ ਵਿਕਣ ਲਈ ਆਈ ਜਿਣਸ ਦਾ ਦਾਣਾ-ਦਾਣਾ ਖਰੀਦ ਕੇ ਇਸ ਦੀ ਅਦਾਇਗੀ ਵੀ 24 ਘੰਟਿਆਂ ਤੋਂ ਪਹਿਲਾਂ-ਪਹਿਲਾਂ ਕਰਨੀ ਯਕੀਨੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਫੇਰ ਵੀ ਕਿਸੇ ਕਿਸਾਨ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਤੁਰੰਤ ਹਲਕਾ ਵਿਧਾਇਕ ਜਾਂ ਅਧਿਕਾਰੀਆਂ ਨਾਲ ਸੰਪਰਕ ਕਰੇ।

ਇੱਥੇ ਕਿਸਾਨਾਂ ਅਤੇ ਆੜਤੀਆਂ ਵੱਲੋਂ ਪਾਤੜਾਂ ਮੰਡੀ ਦਾ ਫੜ੍ਹ ਛੋਟਾ ਹੋਣ ਕਾਰਨ ਨਵੀਂ ਅਨਾਜ ਮੰਡੀ ਬਣਾਉਣ ਦੀ ਮੰਗ ਬਾਰੇ ਖੇਤੀਬਾੜੀ ਮੰਤਰੀ, ਜ਼ਿਨ੍ਹਾਂ ਕੋਲ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਪਰਵਾਸੀ ਮਾਮਲੇ ਵਿਭਾਗ ਵੀ ਹਨ, ਨੇ ਇਸ ਮਸਲੇ ਦਾ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਦੇ ਮੁੱਖ ਮੰਤਰੀ ਹਨ, ਜਿਸ ਲਈ ਪਾਤੜਾਂ ਦੀ ਅਨਾਜ ਮੰਡੀ ਦਾ ਮਸਲਾ ਵੀ ਜਲਦੀ ਹੱਲ ਕਰ ਦਿੱਤਾ ਜਾਵੇਗਾ।

ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਭਾਵੇਂ ਖੇਤੀਬਾੜੀ ਰਹਿੰਦ-ਖੂੰਹਦ ਅਤੇ ਪਰਾਲੀ ਪ੍ਰਬੰਧਨ ਇੱਕ ਵੱਡੀ ਚੁਣੌਤੀ ਹੈ ਪਰੰਤੂ ਇਸ ਨਾਲ ਨਜਿੱਠਣ ਵਾਸਤੇ ਪੰਜਾਬ ਸਰਕਾਰ ਨੇ ਅਗੇਤੇ ਪ੍ਰਬੰਧ ਕਰ ਲਏ ਹਨ, ਜਿਸ ਲਈ ਕਿਸਾਨ ਸੀ.ਆਰ.ਐਮ. ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਨੂੰ ਸੰਭਾਲਣ।

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਹਰੇਕ ਮੰਤਰੀ ਅਤੇ ਵਿਧਾਇਕ ਲੋਕਾਂ ਨਾਲ ਜੁੜਿਆ ਹੋਇਆ ਆਗੂ ਹੋਣ ਕਰਕੇ ਕੰਮ ਕਰਨ 'ਚ ਯਕੀਨ ਕਰਦਾ ਹੈ ਅਤੇ ਇਸੇ ਲਈ ਉਹ ਝੋਨੇ ਦੀ ਨਿਰਵਿਘਨ ਖਰੀਦ ਲਈ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੰਤਰੀ ਵੱਲੋਂ ਕੀਤੇ ਅਚਾਨਕ ਦੌਰੇ ਨੂੰ ਲੈ ਕੇ ਆੜਤੀਆਂ ਅਤੇ ਕਿਸਾਨਾਂ ਨੇ ਖੇਤੀਬਾੜੀ ਮੰਤਰੀ ਧਾਲੀਵਾਲ ਦਾ ਧੰਨਵਾਦ ਕੀਤਾ।