5 Dariya News

ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਦੇ ਕੰਮ ’ਚ ਤੇਜ਼ੀ ਲਿਆਉਣ ਅਧਿਕਾਰੀ : ਸੰਦੀਪ ਹੰਸ

ਡਿਪਟੀ ਕਮਿਸ਼ਨਰ ਨੇ ਈ.ਆਰ.ਓਜ਼ ਤੇ ਸੁਪਰਵਾਈਜ਼ਰਾਂ ਦੀ ਮੀਟਿੰਗ ਦੌਰਾਨ ਦਿੱਤੇ ਨਿਰਦੇਸ਼

5 Dariya News

ਹੁਸ਼ਿਆਰਪੁਰ 04-Nov-2022

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਸੰਦੀਪ ਹੰਸ ਨੇ ਜ਼ਿਲ੍ਹੇ ਦੇ ਸਮੂਹ ਈ.ਆਰ.ਓਜ਼ ਤੇ ਸੁਪਰਵਾਈਜ਼ਰਾਂ ਨੂੰ ਨਿਰਦੇਸ਼ ਦਿੰਦੇ ਹੋਏ ਵੋਟਰ ਕਾਰਡ ਨੁੰ ਆਧਾਰ ਕਾਰਡ ਨਾਲ ਜੋੜਨ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਈ.ਆਰ.ਓਜ਼ ਤੇ ਸੁਪਰਵਾਈਜ਼ਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਦਲਜੀਤ ਕੌਰ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਧਾਨ ਸਭਾ ਹਲਕਿਆਂ ਵਿਚ ਵੋਟਰਾਂ ਦੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਲਈ ਜਾਗਰੂਕ ਕੀਤਾ ਜਾਵੇ, ਤਾਂ ਜੋ ਵੱਧ ਤੋਂ ਵੱਧ ਵੋਟਰਾਂ ਦੇ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਲਿੰਕ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਯੋਗਤਾ ਮਿਤੀ 1-1-2023 ਦੇ ਆਧਾਰ ’ਤੇ 9-11-2022 ਤੋਂ ਸ਼ੁਰੂ ਹੋ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿਚ ਕਿਸੇ ਵੀ ਕਿਸਮ ਦੀ ਦਰੁਸਤੀ ਸਬੰਧੀ ਫਾਰਮ ਨੰਬਰ 8 ਭਰ ਕੇ ਸਬੰਧਤ ਬੀ.ਐਲ.ਓਜ਼ ਜਾਂ ਚੋਣ ਰਜਿਸਟਰੇਸ਼ਨ ਅਫਸਰ ਦੇ ਦਫ਼ਤਰ 9-11-2022 ਤੋਂ 8-12-2022 ਤੱਕ ਦਿੱਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ 5 ਜਨਵਰੀ 2023 ਨੂੰ ਹੋਵੇਗੀ।

ਸ਼੍ਰੀ ਸੰਦੀਪ ਹੰਸ ਨੇ 9 ਨਵੰਬਰ ਤੋਂ 8 ਦਸੰਬਰ ਤੱਕ ਜ਼ਿਲ੍ਹੇ ਭਰ ਵਿਚ ਸਵੀਪ ਗਤੀਵਿਧੀਆਂ ਵੱਧ ਤੋਂ ਵੱਧ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਸਾਰੇ ਪਲਿੰਗ ਬੂਥਾਂ ’ਤੇ 19 ਤੇ 20 ਨਵੰਬਰ ਅਤੇ 3 ਤੇ 4 ਦਸੰਬਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਸਾਰੇ ਈ.ਆਰ.ਓਜ਼ ਨੂੰ ਇਨ੍ਹਾਂ ਮਿਤੀਆਂ ਦੌਰਾਨ ਵਿਸ਼ੇਸ਼ ਕੈਂਪਾਂ ਦਾ ਦੌਰਾ ਕਰਨ ਦੇ ਨਿਰਦੇਸ਼ ਵੀ ਦਿੱਤੇ। 

ਉਨ੍ਹਾਂ ਦੱਸਿਆ ਕਿ ਵੋਟਾਂ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਜਾਣਕਾਰੀ ਲਈ ਟੋਲ ਫਰੀ ਨੰਬਰ 1950 ’ਤੇ ਫੋਨ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਹਿਲੇ ਤੋਂ ਰਜਿਸਟਰਡ ਵੋਟਰ ‘ਵੋਟਰ ਹੈਲਪਲਾਈਨ’ ਐਪ, ਐਨ.ਵੀ.ਐਸ.ਪੀ. ’ਤੇ ਫਾਰਮ ਨੰਬਰ 6-ਬੀ ਰਾਹੀਂ ਆਪਣੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰ ਸਕਦੇ ਹਨ। 

ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਕੋਲ ਆਧਾਰ ਕਾਰਡ ਨਹੀਂ ਹੈ, ਤਾਂ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ 11 ਦਸਤਾਵੇਜ਼ਾਂ ਵਿਚੋਂ ਕਿਸੇ ਇਕ ਦਸਤਾਵੇਜ਼ ਦੀ ਜਾਣਕਾਰੀ ਭਰ ਕੇ ਰਜਿਸਟਰਡ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਸਬੰਧਤ ਬੀ.ਐਲ.ਓਜ਼ ਰਾਹੀਂ ਵੀ ਵੋਟਰਾਂ ਵਲੋਂ ਆਪਣੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਰਜਿਸਟਰਡ ਕਰਵਾਇਆ ਜਾ ਸਕਦਾ ਹੈ।

ਇਸ ਮੌਕੇ ਐਸ.ਡੀ.ਐਮ. ਮੁਕੇਰੀਆਂ ਸ਼੍ਰੀ ਕੰਵਲਜੀਤ ਸਿੰਘ, ਐਸ.ਡੀ.ਐਮ. ਦਸੂਹਾ ਸ਼੍ਰੀ ਓਜਸਵੀ ਅਲੰਕਾਰ, ਐਸ.ਡੀ.ਐਮ. ਹੁਸ਼ਿਆਰਪੁਰ ਤੇ ਗੜ੍ਹਸ਼ੰਕਰ ਸ਼੍ਰੀ ਪ੍ਰੀਤਇੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਵਿਓਮ ਭਾਰਦਵਾਜ, ਤਹਿਸੀਲਦਾਰ ਚੋਣਾਂ ਸ਼੍ਰੀ ਹਰਮਿੰਦਰ ਸਿੰਘ, ਕਾਨੂੰਗੋ ਦੀਪਕ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।