ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ
ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪਾਰਚ ਪਾਸਟ
5 Dariya News
ਅੰਮ੍ਰਿਤਸਰ 24-Jan-2023
26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸ੍ਰੀ ਹਰਪ੍ਰੀਤ ਸਿੰਘ ਸੂਦਨ ਵੱਲੋਂ ਪਰੇਡ ਦਾ ਮੁਆਇਨਾ ਕੀਤਾ ਗਿਆ।
ਇਸ ਉਪਰੰਤ ਪਰੇਡ ਕਮਾਂਡਰ ਏ.ਸੀ.ਪੀ. ਸ੍ਰੀ ਵਰਿੰਦਰ ਸਿੰਘ ਖੋਸਾ ਦੀ ਕਮਾਂਡ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ ਅਤੇ ਪੰਜਾਬ ਪੁਲਿਸ ਦੇ ਬੈਂਡ ਵੱਲੋਂ ਸ਼ਾਨਦਾਰ ਪਾਰਚ ਪਾਸਟ ਕੀਤਾ ਗਿਆ। ਇਸ ਤੋਂ ਬਾਅਦ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਕੋਰਿਓਗ੍ਰਾਫੀ, ਗਿੱਧਾ, ਭੰਗੜਾ ਸਮੇਤ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ 26 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਕਰਵਾਇਆ ਜਾਵੇਗਾ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੂਬੇ ਦੇ ਵਿੱਤ ਮੰਤਰੀ ਸ: ਹਰਪਾਲ ਸਿੰਘ ਚੀਮਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਲਾਜ਼ਮੀ ਹੈ ਅਤੇ ਸਾਰੇ ਆਪਣਾ ਫ਼ਰਜ ਸਮਝਦੇ ਹੋਏ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ।
ਇਸਦੇ ਨਾਲ ਹੀ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋ ਕੇ ਰੌਣਕਾਂ ਨੂੰ ਵਧਾਉਣ।ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਸਮਾਗਮ ਦੀ ਸਫਲਤਾ ਲਈ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ, ਪੁਲਿਸ ਕਮਿਸ਼ਨਰ ਸ: ਜਸਕਰਨ ਸਿੰਘ, ਡੀ.ਸੀ.ਪੀ. ਪੀ.ਐਸ. ਭੰਡਾਲ, ਐਸ.ਡੀ.ਐਮ.-1 ਸ: ਮਨਕੰਵਲ ਸਿੰਘ ਚਾਹਲ, ਐਸ.ਡੀ.ਐਮ-2. ਸ੍ਰੀ ਹਰਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਹਰਨੂਰ ਢਿੱਲੋਂ, ਮੈਡਮ ਗੁਰਸਿਮਰਨ ਕੌਰ, ਸ੍ਰੀ ਸਚਿਨ ਪਾਠਕ, ਜਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਸ਼ਰਮਾ ਅਤੇ ਸ: ਜੁਗਰਾਜ ਸਿੰਘ, ਡੀ.ਪੀ.ਆਰ.ਓ. ਸ੍ਰੀ ਸ਼ੇਰਜੰਗ ਸਿੰਘ ਹੁੰਦਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।