ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਇੰਤਕਾਲ ਅਤੇ ਨਿਸ਼ਾਨਦੇਹੀ ਦੇ ਮਾਮਲੇ ਨਿਰਧਾਰਿਤ ਸਮੇਂ ਅੰਦਰ ਨਿਪਟਾਉਣ ਦੇ ਆਦੇਸ਼
'ਪੰਜਾਬ ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
5 Dariya News
ਸੰਗਰੂਰ 23-Feb-2023
ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਪਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮਾਲ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਇੰਤਕਾਲ ਅਤੇ ਨਿਸ਼ਾਨਦੇਹੀ ਦੇ ਮਾਮਲੇ ਨਿਰਧਾਰਿਤ ਸਮੇਂ ਅੰਦਰ ਨਿਪਟਾਉਣ ਲਈ ਆਖਿਆ। ਉਨ੍ਹਾਂ ਹਰ ਹਫ਼ਤੇ ਸਬ ਡਵੀਜ਼ਨਾਂ ਵਿੱਚ 'ਪੰਜਾਬ ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਵਿੱਚ ਵੱਧ ਤੋਂ ਵੱਧ ਬਿਨੈਕਾਰਾਂ ਦੀਆਂ ਅਰਜ਼ੀਆਂ ਦਾ ਨਿਪਟਾਰਾ ਕਰਨ ਦੀ ਹਦਾਇਤ ਵੀ ਕੀਤੀ।
ਉਨ੍ਹਾਂ ਕਿਹਾ ਕਿ ਰਜਿਸਟਰੀਆਂ ਹੋਣ ਤੋਂ ਬਾਅਦ ਇੰਤਕਾਲ ਦੇ ਕੰਮ ਨੂੰ ਸਰਕਾਰ ਵੱਲੋਂ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੀਤਾ ਜਾਵੇ । ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਰਿਕਵਰੀ ਕੇਸਾਂ ਦੇ ਮਾਮਲੇ 'ਚ ਚੰਗੀ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਨ ਲਈ ਕਿਹਾ। ਉਨ੍ਹਾਂ ਸਮੂਹ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਬਕਾਇਆ ਰਿਕਵਰੀ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਨਜਿੱਠਣ ਦੇ ਆਦੇਸ਼ ਦਿੱਤੇ।
ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਕਰਨ ਲਈ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਨਾਗਰਿਕ ਨੂੰ ਸਰਕਾਰੀ ਸੇਵਾਵਾਂ ਹਾਸਲ ਕਰਨ ਲਈ ਖੱਜਲ ਖੁਆਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਸਮੂਹ ਐਸ.ਡੀ.ਐਮਜ਼ ਵਿਭਾਗੀ ਪੜਤਾਲਾਂ ਦੇ ਬਕਾਇਆ ਕੇਸਾਂ ਨੂੰ ਜਲਦੀ ਤੋਂ ਜਲਦੀ ਨੇਪਰੇ ਚੜਾਉਣਾ ਯਕੀਨੀ ਬਣਾਉਣ।
ਡਿਪਟੀ ਕਮਿਸ਼ਨਰ ਨੇ ਸਬ ਡਵੀਜ਼ਨ ਪੱਧਰ 'ਤੇ ਇੰਤਕਾਲ ਦੇ ਮਾਮਲਿਆਂ, ਕੋਰਟ ਕੇਸਾਂ, ਸਲਾਨਾ ਸਟੈਂਪ ਡਿਊਟੀ, ਚੌਕੀਦਾਰਾ ਟੈਕਸ, ਮੇਰਾ ਘਰ ਮੇਰੇ ਨਾਮ ਸਕੀਮ ਆਦਿ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਬਕਾਇਆ ਮਾਮਲੇ ਪਹਿਲ ਦੇ ਆਧਾਰ 'ਤੇ ਨਿਪਟਾਉਣ ਦੇ ਆਦੇਸ਼ ਦਿੱਤੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਉਪ ਮੰਡਲ ਮੈਜਿਸਟ੍ਰੇਟ ਸੰਗਰੂਰ ਨਵਰੀਤ ਕੌਰ ਸੇਖੋਂ, ਉਪ ਮੰਡਲ ਮੈਜਿਸਟ੍ਰੇਟ ਲਹਿਰਾ ਸੂਬਾ ਸਿੰਘ, ਉਪ ਮੰਡਲ ਮੈਜਿਸਟ੍ਰੇਟ ਦਿੜ੍ਹਬਾ ਰਾਜੇਸ਼ ਸ਼ਰਮਾ, ਉਪ ਮੰਡਲ ਮੈਜਿਸਟ੍ਰੇਟ ਧੂਰੀ ਅਮਿਤ ਗੁਪਤਾ, ਉਪ ਮੰਡਲ ਮੈਜਿਸਟ੍ਰੇਟ ਭਵਾਨੀਗੜ੍ਹ ਵਨੀਤ ਕੁਮਾਰ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਹਰਸਿਮਰਨ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।