5 Dariya News

ਮੁਹਾਲੀ ਨੂੰ ਸਮਾਰਟ ਸਿਟੀ ਬਣਾਉਣ ਦੀ ਮੰਗ ਨੂੰ ਲੈ ਕੇ ਕੇਂਦਰੀ ਮੰਤਰੀ ਪੂਰੀ ਨੂੰ ਮਿਲੇ ਸਾਬਕਾ ਸਿਹਤ ਮੰਤਰੀ ਸਿੱਧੂ

ਮੋਹਾਲੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨਾ ਸਮੇਂ ਦੀ ਲੋੜ

5 Dariya News

ਮੋਹਾਲੀ 02-Mar-2023

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਬਲਬੀਰ ਸਿੰਘ ਸਿੱਧੂ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, (ਕੇਂਦਰੀ ਆਵਾਸ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ) ਨੂੰ ਬੇਨਤੀ ਕੀਤੀ ਹੈ ਕਿ ਮੋਹਾਲੀ ਨੂੰ ਸਮਾਰਟ ਸਿਟੀ ਬਣਾਇਆ ਜਾਵੇ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਵਿਸ਼ੇਸ਼ ਤੌਰ ਤੇ ਉਹਨਾ ਦੇ ਨਾਲ ਹਾਜਰ ਸਨ। 

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਇਕ ਮੀਟਿੰਗ ਦੌਰਾਨ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੋਹਾਲੀ ਇਕ ਅਤਿ ਮਹੱਤਵਪੂਰਨ ਸ਼ਹਿਰ ਹੈ ਜਿਸ ਦਾ ਲਗਾਤਾਰ ਵਿਸਤਾਰ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼-ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਅਤੇ ਹੋਰਨਾਂ ਸੂਬਿਆਂ ਦੇ ਲੋਕਾਂ ਦੀ ਸਭ ਤੋਂ ਪਹਿਲੀ ਪਸੰਦ ਮੁਹਾਲੀ ਸ਼ਹਿਰ ਹੈ ਜਿੱਥੇ ਉਨਤ ਕਿਸਮ ਦਾ ਬੁਨਿਆਦੀ ਢਾਂਚਾ ਹੈ। 

ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਪ੍ਰਤੀ ਬੇਹੱਦ ਸੁਹਿਰਦ ਹੈ ਅਤੇ ਮੁਹਾਲੀ ਸ਼ਹਿਰ ਪੰਜਾਬ ਦਾ ਅਤਿ ਮਹੱਤਵਪੂਰਨ ਸ਼ਹਿਰ ਹੈ ਜੋ ਕਿ ਪੰਚਕੂਲਾ ਅਤੇ ਚੰਡੀਗੜ੍ਹ ਨਾਲ ਟਰਾਈਸਿਟੀ ਦਾ ਹਿੱਸਾ ਵੀ ਹੈ। ਉਨ੍ਹਾਂ ਕਿਹਾ ਕਿ ਇਹ ਸ਼ਹਿਰ ਰੇਲ ਅਤੇ ਹਵਾਈ ਅੱਡੇ ਨਾਲ ਜੁੜਿਆ ਹੋਇਆ ਹੈ ਅਤੇ ਇੱਥੇ ਵੱਡੀ ਗਿਣਤੀ ਵਿਚ ਐਨ ਆਰ ਆਈ ਲੋਕ ਵਸੇ ਹੋਏ ਹਨ। 

ਉਨ੍ਹਾਂ ਕਿਹਾ ਕਿ ਮੋਹਾਲੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨਾ ਸਮੇਂ ਦੀ ਲੋੜ ਹੈ। ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੇਂਦਰੀ ਮੰਤਰੀ ਸਰਦਾਰ ਹਰਦੀਪ ਸਿੰਘ ਪੁਰੀ ਨੇ ਉਨ੍ਹਾਂ ਦੀ ਇਸ ਮੰਗ ਨੂੰ ਪੁਰੀ ਗੰਭੀਰਤਾ ਨਾਲ ਲਿਆ ਅਤੇ ਭਰੋਸਾ ਦਿਵਾਇਆ ਕਿ ਉਹ ਇਸ ਸਬੰਧੀ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ ਅਤੇ ਮੋਹਾਲੀ ਸ਼ਹਿਰ ਦੀ ਬਿਹਤਰੀ ਅਤੇ ਵਿਕਾਸ ਲਈ ਜੋ ਵੀ ਸੰਭਵ ਹੋ ਸਕਦਾ ਹੈ ਉਹ ਕਦਮ ਚੁੱਕੇ ਜਾਣਗੇ।