5 Dariya News

ਸੇਵਾ ਕੇਂਦਰਾਂ ਅੰਦਰ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਬੇਲੋੜੀ ਦੇਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ

ਸਮੂਹ ਵਿਭਾਗਾਂ ਦੇ ਜ਼ਿਲ੍ਹਾ ਮੁਖੀਆਂ ਨੂੰ ਸੇਵਾ ਕੇਂਦਰ ਵਲੋਂ ਪ੍ਰਾਪਤ ਬਿਨੈਪੱਤਰਾਂ ਸਬੰਧੀ ਤੁਰੰਤ ਫੈਸਲਾ ਲੈਣ ਦੀ ਹਦਾਇਤ

5 Dariya News

ਤਰਨ ਤਾਰਨ 03-May-2023

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਸੇਵਾ ਕੇਂਦਰਾਂ ਵਿੱਚ ਨਾਗਰਿਕ ਸੇਵਾਵਾਂ ਪੰਜਾਬ ਸਰਕਾਰ ਵਲੋਂ ਨਿਰਧਾਰਿਤ ਸਮੇਂ ਦੇ ਅੰਦਰ ਅੰਦਰ ਦੇਣਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਸੇਵਾ ਕੇਂਦਰਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਦੌਰਾਨ ਸਖਤ ਹਦਾਇਤ ਕੀਤੀ ਕਿ ਸੇਵਾ ਕੇਂਦਰਾਂ ਅੰਦਰ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਬੇਲੋੜੀ ਦੇਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਸਮੂਹ ਵਿਭਾਗਾਂ ਦੇ ਜ਼ਿਲ੍ਹਾ ਮੁਖੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਸੇਵਾ ਕੇਂਦਰ ਵਲੋਂ ਪ੍ਰਾਪਤ ਬਿਨੈਪੱਤਰਾਂ ਸਬੰਧੀ ਫੈਸਲਾ ਤੁਰੰਤ ਲੈਣ ਤਾਂ ਜੋ ਲੋਕਾਂ ਨੂੰ ਸੇਵਾ ਪ੍ਰਦਾਨ ਕਰਨ ਵਿਚ ਕਿਸੇ ਵੀ ਤਰ੍ਹਾਂ ਦੀ ਦੇਰੀ ਨਾ ਹੋ ਸਕੇ। ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ 21 ਸੇਵਾ ਕੇਂਦਰ ਕੰਮ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਨੂੰ ਸ਼ਨੀਵਾਰ ਅਤੇ ਐਤਵਾਰ ਨੂੰ ਵੀ  ਸਵੇਰੇ 09 ਵਜੇ ਤੋਂ ਸ਼ਾਮ 05 ਵਜੇ ਤੱਕ 50 ਫੀਸਦੀ ਸਟਾਫ਼ ਨਾਲ ਖੁੱਲੇ ਰੱਖਣ ਦਾ ਫੈਸਲਾ ਲਾਗੂ ਕੀਤਾ ਗਿਆ ਹੈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਐਸ. ਡੀ. ਐਜ਼ ਆਪੋ ਆਪਣੀਆਂ ਸਬ ਡਵੀਜ਼ਨਾਂ ਦੇ ਕੰਮ-ਕਾਜ ਅਤੇ ਬਕਾਇਆ ਬਿਨੈਪੱਤਰਾਂ ਦੀ ਹਫਤਾਵਰੀ ਸਮੀਖਿਆ ਯਕੀਨੀ ਬਣਾਉਣਗੇ ਤਾਂ ਜੋ ਲੋਕਾਂ ਨੂੰ ਪ੍ਰਸ਼ਾਸਨ ਨਾਲ ਸੇਵਾਵਾਂ ਬਿਨਾਂ ਕਿਸੇ ਦੇਰੀ ਤੋਂ ਪ੍ਰਦਾਨ ਕੀਤੀਆਂ ਜਾ ਸਕਣ।