5 Dariya News

ਸਰਹਿੰਦ ਫ਼ਤਹਿ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਤੇ ਜਥੇਬੰਦੀਆਂ ਦੇ ਮੁਖੀਆਂ ਨੇ ਕੀਤੀ ਸ਼ਮੂਲੀਅਤ

5 Dariya News

ਮੋਹਾਲੀ/ਸ੍ਰੀ ਫ਼ਤਹਿਗੜ੍ਹ ਸਾਹਿਬ 12-May-2023

ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਗਈ ਸਰਹਿੰਦ ਫ਼ਤਹਿ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਫ਼ਤਹਿ-ਏ-ਜੰਗ ਸਾਹਿਬ ਚੱਪੜਚਿੜੀ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਫ਼ਤਹਿ ਮਾਰਚ ਸਜਾਇਆ ਗਿਆ। ਸਰਹਿੰਦ ਫ਼ਤਹਿ ਦਾ ਇਤਿਹਾਸ ਸਿੱਖ ਕੌਮ ਲਈ ਬੇਹੱਦ ਅਹਿਮ ਹੈ, ਜਿਸ ਦੇ ਮੱਦੇਨਜ਼ਰ ਹਰ ਸਾਲ ਸਮਾਗਮ ਕੀਤੇ ਜਾਂਦੇ ਹਨ। 

ਇਸੇ ਸਬੰਧ ਵਿਚ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਅੱਜ ਸਜਾਏ ਗਏ ਫ਼ਤਹਿ ਮਾਰਚ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ, ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਸਭਾ ਸੁਸਾਇਟੀਆਂ, ਬੈਂਡ ਤੇ ਗੱਤਕਾ ਪਾਰਟੀਆਂ ਨੇ ਖ਼ਾਲਸਾਈ ਜਾਹੋ-ਜਲਾਲ ਨਾਲ ਸ਼ਮੂਲੀਅਤ ਕੀਤੀ। 

ਆਰੰਭਤਾ ਮੌਕੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸਿਰੋਪਾਓ ਦੇ ਕੇ ਨਿਵਾਜਿਆ। ਫ਼ਤਹਿ ਮਾਰਚ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਜੇ ਧਾਰਮਿਕ ਦੀਵਾਨ ਵਿਚ ਰਾਗੀ, ਢਾਡੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਤੇ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਿਆ। 

ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਥਾਪੜਾ ਲੈ ਕੇ ਜੁਲਮ ਦਾ ਖਾਤਮਾ ਕਰਨ ਤੁਰੇ ਬਾਬਾ ਬੰਦਾ ਸਿੰਘ ਬਹਾਦਰ ਨੇ ਇਸ ਅਸਥਾਨ ’ਤੇ ਜਾਲਮ ਹਕੂਮਤ ’ਤੇ ਫ਼ਤਹਿ ਹਾਸਲ ਕੀਤੀ। ਇਹ ਸਿੱਖ ਇਤਿਹਾਸ ਦਾ ਸੁਨਹਿਰੀ ਪੰਨ੍ਹਾ ਹੈ, ਜੋ ਭਵਿੱਖ ਦੀਆਂ ਪੀੜ੍ਹੀਆਂ ਲਈ ਸਦਾ ਪ੍ਰੇਰਨਾ ਬਣਿਆ ਰਹੇਗਾ। 

ਉਨ੍ਹਾਂ ਆਖਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਦੁਆਰਾ ਸਰਹਿੰਦ ਫ਼ਤਹਿ ਦੇ ਇਤਿਹਾਸ ਤੋਂ ਸੰਗਤਾਂ ਅਤੇ ਖਾਸਕਰ ਨੌਜੁਆਨੀ ਨੂੰ ਸੇਧ ਲੈਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਫ਼ਤਹਿ ਮਾਰਚ ਵਿਚ ਪੁੱਜੀਆਂ ਪ੍ਰਮੁੱਖ ਸ਼ਖਸੀਅਤਾਂ ਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਯੋਧਿਆਂ ਵੱਲੋਂ ਇਸ ਧਰਤੀ ’ਤੇ ਸਿਰਜੇ ਇਤਿਹਾਸ ’ਤੇ ਸਿੱਖ ਕੌਮ ਨੂੰ ਸਦਾ ਮਾਣ ਰਹੇਗਾ। 

ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦੀ ਯਾਦ ਵਿਚ ਹਰ ਸਾਲ ਕੀਤੇ ਜਾਂਦੇ ਸਮਾਗਮਾਂ ਲਈ ਧੰਨਵਾਦ ਕੀਤਾ। ਇਸੇ ਦੌਰਾਨ ਚਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸੰਗਤਾਂ ਵੱਲੋਂ ਫ਼ਤਹਿ ਮਾਰਚ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। 

ਫ਼ਤਹਿ ਮਾਰਚ ਦੀ ਸਮਾਪਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਇਤਿਹਾਸਕ ਥੇਹ ’ਤੇ ਲੱਗੇ ਫ਼ਤਹਿ ਦੇ ਪ੍ਰਤੀਕ ਨਿਸ਼ਾਨ ਸਾਹਿਬ ਨੂੰ ਸਲਾਮੀ ਦੇ ਕੇ ਅਰਦਾਸ ਉਪਰੰਤ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਜਥੇਦਾਰ ਸਤਨਾਮ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਮੈਂਬਰ ਸ. ਅਜਮੇਰ ਸਿੰਘ ਖੇੜਾ, ਸ. ਚਰਨਜੀਤ ਸਿੰਘ ਕਾਲੇਵਾਲ, ਬੀਬੀ ਪਰਮਜੀਤ ਕੌਰ ਲਾਂਡਰਾਂ, ਵਧੀਕ ਸਕੱਤਰ ਸਿਮਰਜੀਤ ਸਿੰਘ, ਸਾਬਕਾ ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਜਰਨਲ ਪ੍ਰਬੰਧਕ ਸ. ਭਗਵੰਤ ਸਿੰਘ ਧੰਗੇੜਾ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਸ. ਗੁਰਦੀਪ ਸਿੰਘ ਕੰਗ, ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਦੇ ਮੈਨੇਜਰ ਸ. ਰਾਜਿੰਦਰ ਸਿੰਘ ਟੌਹੜਾ, ਸ ਨਰਿੰਦਰਜੀਤ ਸਿੰਘ, ਸ. ਮਨਜੀਤ ਸਿੰਘ ਠੇਕੇਦਾਰ, ਕਥਾਵਾਚਕ ਗਿਆਨੀ ਅਜਮੇਰ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।