5 Dariya News

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸੰਭਾਵੀ ਹੜ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ

ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

5 Dariya News

ਸੰਗਰੂਰ 16-May-2023

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਸੰਭਾਵੀ ਹੜ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸ਼ਨਿਕ ਪੱਧਰ ਤੇ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟ੍ਰੇਟ ਨੂੰ ਹਦਾਇਤ ਕੀਤੀ ਕਿ ਉਹ ਖੁਦ ਸਾਰੇ ਸੰਵੇਦਨਸ਼ੀਲ ਸਥਾਨਾਂ ਦਾ ਦੌਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਕਮੀ ਸਾਹਮਣੇ ਆਉਣ ’ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। 

ਉਨ੍ਹਾਂ ਮੌਨਸੂਨ ਦੇ ਸੀਜਨ ਤੋਂ ਪਹਿਲਾਂ ਪਹਿਲਾਂ ਸਾਰੀਆਂ ਡਰੇਨਾਂ, ਬਰਸਾਤੀ ਨਾਲਿਆਂ ਅਤੇ ਸੀਵਰੇਜ ਵਿਵਸਥਾ ਦੀ ਮੁਕੰਮਲ ਸਫਾਈ ਕਰਵਾਉਣ ਦੇ ਆਦੇਸ਼ ਦਿੱਤੇ ਤਾਂ ਜੋ ਬਰਸਾਤਾਂ ਦੌਰਾਨ ਪਾਣੀ ਦੀ ਨਿਕਾਸੀ ਪੱਖੋਂ ਕੋਈ ਵੀ ਸਮੱਸਿਆ ਪੈਦਾ ਨਾ ਹੋ ਸਕੇ। ਡਿਪਟੀ ਕਮਿਸ਼ਨਰ ਨੇ ਖਨੌਰੀ, ਲਹਿਰਾ ਅਤੇ ਮੂਨਕ ਦੇ ਉਨ੍ਹਾਂ ਦਿਹਾਤੀ ਖੇਤਰਾਂ ਵਿੱਚ ਟੋਭਿਆਂ ਦੀ ਚੰਗੀ ਤਰ੍ਹਾਂ ਸਫਾਈ ਕਰਵਾਉਣ ਦੇ ਹੁਕਮ ਵੀ ਕੀਤੇ ਜਿਹੜੇ ਪਿੰਡਾਂ ਨੂੰ ਹੜ੍ਹਾਂ ਦੀ ਸਥਿਤੀ ਵਿੱਚ ਵਧੇਰੇ ਨੁਕਸਾਨ ਪਹੁੰਚਣ ਦਾ ਡਰ ਹੁੰਦਾ ਹੈ। 

ਡਿਪਟੀ ਕਮਿਸ਼ਨਰ ਨੇ ਸਪੱਸ਼ਟ ਸਬਦਾਂ ਵਿੱਚ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫ਼ੋ ਚੌਕਸੀ ਅਤੇ ਸਮੇ ਸਿਰ ਢੁਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀ ਰਹਿਣੀ ਚਾਹੀਦੀ ਕਿਉਂਕਿ ਪਿਛਲੇ ਸਾਲ ਵਾਂਗ ਇਸ ਸਾਲ ਵੀ ਪੰਜਾਬ ਸਰਕਾਰ ਘੱਗਰ ਦੇ ਕੰਢੇ ਵੱਸਦੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਮੁਸਤੈਦ ਹੈ। ਜਤਿੰਦਰ ਜੋਰਵਾਲ ਨੇ ਲੋੜ ਮੁਤਾਬਕ ਜੇ.ਸੀ.ਬੀ. ਮਸ਼ੀਨਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਡਰੇਨੇਜ਼, ਸਿੰਚਾਈ, ਲੋਕ ਨਿਰਮਾਣ ਵਿਭਾਗ, ਪੰਚਾਇਤੀ ਰਾਜ, ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ ਅਤੇ ਸਮੂਹ ਕਾਰਜਸਾਧਕ ਅਧਿਕਾਰੀਆਂ ਨੂੰ ਠੇਕੇਦਾਰਾਂ ਨਾਲ ਅਗੇਤਾ ਤਾਲਮੇਲ ਰੱਖਣ ਦੀ ਹਦਾਇਤ ਕੀਤੀ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਫਲੱਡ ਕੰਟਰੋਲ ਰੂਮ ਦੀ ਸਥਾਪਨਾ, ਰਾਹਤ ਸਮੱਗਰੀ ਦੀ ਉਪਲੱਬਧਤਾ, ਕਿਸ਼ਤੀ ਚਾਲਕਾਂ ਅਤੇ ਮਾਹਿਰ ਤੈਰਾਕਾਂ, ਮੈਡੀਕਲ ਸੁਵਿਧਾਵਾਂ, ਖਾਣ-ਪੀਣ ਦੀ ਵਸਤਾਂ ਦੇ ਭੰਡਾਰ, ਪਸ਼ੂਆਂ ਦਾ ਚਾਰਾ ਅਤੇ ਡਾਕਟਰੀ ਸੁਵਿਧਾਵਾਂ, ਬਿਜਲੀ ਦੀ ਸਪਲਾਈ, ਸੜਕੀ ਆਵਾਜਾਈ ਚਾਲੂ ਰੱਖਣ, ਪਾਣੀ ਦੇ ਨਿਕਾਸ, ਪੁਲਿਸ ਗਸ਼ਤ, ਟੈਲੀਫੋਨ ਸੇਵਾਵਾਂ, ਉੱਚੇ ਪਿੰਡਾਂ ਦੀ ਸ਼ਨਾਖਤ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਐਸ.ਡੀ.ਐਮ. ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਧੂਰੀ ਅਮਿਤ ਗੁਪਤਾ, ਐਸ.ਡੀ.ਐਮ. ਮੂਨਕ ਸੂਬਾ ਸਿੰਘ, ਐਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਜ਼ਿਲ੍ਹਾਂ ਮਾਲ ਅਫ਼ਸਰ ਹਰਸਿਮਰਨ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਐਕਸੀਅਨ ਅਤੇ ਵਿਭਾਗੀ ਮੁਖੀ ਹਾਜ਼ਰ ਸਨ।