5 Dariya News

ਗਰਮੀ ਦੇ ਮੌਸਮ ਵਿੱਚ ਪੀਣ ਵਾਲੇ ਪਾਣੀ ਦੀ ਸੁਚਾਰੂ ਸਪਲਾਈ ਲਈ ਮੇਅਰ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

ਪੀਣ ਵਾਲੇ ਪਾਣੀ ਦੀ ਨਿਰੰਤਰ ਅਤੇ ਸੁਚਾਰੂ ਸਪਲਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਮੇਅਰ ਜੀਤੀ ਸਿੱਧੂ

5 Dariya News

ਐਸ.ਏ.ਐਸ. ਨਗਰ (ਮੁਹਾਲੀ) 16-May-2023

ਗਰਮੀਆਂ ਦੇ ਮੌਸਮ ਵਿੱਚ ਮੁਹਾਲੀ ਦੇ ਲੋਕਾਂ ਨੂੰ ਪਾਣੀ ਦੀ ਕਿੱਲਤ ਤੋਂ ਬਚਾਉਣ ਲਈ ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਜਨ ਸਿਹਤ ਵਿਭਾਗ ਅਤੇ ਮੁਹਾਲੀ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ  ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਹਾਜਰ ਰਹੇ।

ਮੀਟਿੰਗ ਵਿੱਚ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਪਿਛਲੇ ਦਿਨੀਂ ਗਮਾਡਾ ਵੱਲੋਂ ਕਜੌਲੀ ਵਿਖੇ ਸ਼ਟ ਡਾਊਨ ਲਿਆ ਗਿਆ ਸੀ ਜਿਸ ਕਾਰਨ ਪੀਣ ਵਾਲੇ ਪਾਣੀ ਦੀ ਕਿੱਲਤ ਆਈ ਹੈ। ਉਨ੍ਹਾਂ ਕਿਹਾ ਕਿ ਇਸ ਦੀ ਜਾਣਕਾਰੀ ਲੋਕਾਂ ਨੂੰ ਸਮੇਂ ਸਿਰ ਨਹੀਂ ਦਿੱਤੀ ਗਈ ਜਿਸ ਕਾਰਨ ਲੋਕਾਂ ਨੇ ਪਾਣੀ ਦੀ ਅਗਾਊ ਵਿਵਸਥਾ ਨਹੀਂ ਕੀਤਾ ਤੇ  ਇਹ ਸਮੱਸਿਆ ਵਿਕਰਾਲ ਰੂਪ ਵਿੱਚ ਸਾਹਮਣੇ ਆ ਗਈ। 

ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਨੂੰ ਸੂਚਿਤ ਕੀਤਾ ਗਿਆ ਹੁੰਦਾ ਅਤੇ ਲੋਕਾਂ ਨੇ ਪੀਣ ਵਾਲੇ ਪਾਣੀ ਦੀ ਵਿਵਸਥਾ ਕੀਤੀ ਹੁੰਦੀ ਤਾਂ ਪਾਣੀ ਦੀ ਸਮੱਸਿਆ ਨਾ ਆਉਂਦੀ। ਉਨ੍ਹਾਂ ਖਾਸ ਤੌਰ ਤੇ ਜਨ ਸਿਹਤ ਅਧਿਕਾਰੀਆਂ ਨੂੰ ਇਸ ਸਬੰਧੀ ਲੋਕਾਂ ਨੂੰ ਅਗਾਊਂ ਸੂਚਿਤ ਕਰਨ ਲਈ ਕਿਹਾ। ਇਸ ਤੋਂ ਇਲਾਵਾ ਮੇਅਰ ਨੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਗਰਮੀਆਂ ਦੇ ਮੌਸਮ ਵਿੱਚ ਮੁਹਾਲੀ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਵਿੱਚ ਕਿਸੇ ਤਰ੍ਹਾਂ ਦੀ ਕਿੱਲਤ ਨਾ ਆਵੇ ਇਸ ਲਈ ਅਗਾਊਂ ਪ੍ਰਬੰਧ ਕਰ ਲਏ ਜਾਣ। 

ਮੇਅਰ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਵਿਸ਼ੇਸ਼ ਟੀਮਾਂ ਬਣਾ ਕੇ ਪਾਣੀ ਦੀ ਦੁਰਵਰਤੋਂ ਕਰਨ ਵਾਲੇ ਲੋਕਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੁਹਾਲੀ ਨਗਰ ਨਿਗਮ ਮੁਹਾਲੀ ਦੇ ਵਸਨੀਕਾਂ ਨੂੰ ਸਾਫ-ਸੁਥਰਾ ਪੀਣ ਵਾਲਾ ਪਾਣੀ ਨਿਰੰਤਰ ਅਤੇ ਸੁਚਾਰੂ ਢੰਗ ਨਾਲ ਸਪਲਾਈ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਵਿੱਚ ਕਿਸੇ ਵੀ ਤਰਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਮੌਕੇ ਨਗਰ ਨਿਗਮ ਦੀ ਜੁਆਇੰਟ ਕਮਿਸ਼ਨਰ ਕਿਰਨ ਸ਼ਰਮਾ ਜਨ ਸਿਹਤ ਵਿਭਾਗ ਦੇ ਐਕਸੀਅਨ ਰੋਹਿਤ ਕੁਮਾਰ, ਐਸਈ  ਮੁਹਾਲੀ ਨਗਰ ਨਿਗਮ ਨਰੇਸ਼ ਬੱਤਾ, ਐਕਸੀਅਨ ਮੋਹਨ ਲਾਲ, ਐਕਸੀਅਨ ਸੁਨੀਲ ਕੁਮਾਰ ਸਮੇਤ ਨਿਗਮ ਅਤੇ ਜਨ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਹਾਜਰ ਸਨ