ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀ ਬਣਵਾਉਣ ਆਪਣਾ ਈ-ਕਾਰਡ - ਰਵਿੰਦਰ ਸਿੰਘ
ਯੋਜਨਾ ਤਹਿਤ ਪੰਜੀਕ੍ਰਿਤ ਪਰਿਵਾਰ ਦੇ ਵਿਅਕਤੀਆਂ ਨੂੰ 5 ਲੱਖ ਤੱਕ ਨਗਦੀ-ਰਹਿਤ ਸਿਹਤ ਬੀਮੇ ਦੀ ਮਿਲਦੀ ਹੈ ਸਹੂਲਤ
5 Dariya News
ਫ਼ਿਰੋਜ਼ਪੁਰ 18-May-2023
ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰੇਕ ਯੋਗ ਲਾਭਪਾਤਰੀ ਨੂੰ ਆਪਣਾ ਈ-ਕਾਰਡ ਜਲਦ ਤੋਂ ਜਲਦ ਬਣਾਉਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਪੰਜ ਲੱਖ ਰੁਪਏ ਤੱਕ ਦੇ ਇਲਾਜ ਦੀ ਮੁਫ਼ਤ ਸੁਵਿਧਾ ਮਿਲ ਸਕੇ। ਇਸ ਯੋਜਨਾ ਤਹਿਤ ਪੰਜੀਕ੍ਰਿਤ ਪਰਿਵਾਰ ਦੇ ਕਿਸੇ ਵੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਹੋਣ ’ਤੇ ਸਲਾਨਾ 5 ਲੱਖ ਰੁਪਏ ਤੱਕ ਦੇ ਨਗਦੀ-ਰਹਿਤ ਸਿਹਤ ਬੀਮੇ ਦੀ ਸਹੂਲਤ ਦਿੱਤੀ ਜਾਂਦੀ ਹੈ।
ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਦੇ ਯੋਗ ਲਾਭਪਾਤਰੀਆਂ ਦੇ 100 ਫੀਸਦੀ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਸਬੰਧੀ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਸੂਰਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਇਹ ਸਿਹਤ ਬੀਮਾ ਯੋਜਨਾ ਕਾਰਡ ਕਿਸਾਨਾਂ, ਛੋਟੇ ਵਪਾਰੀਆਂ, ਲੇਬਰ ਕਿਰਤੀਆਂ, ਪੱਤਰਕਾਰਾਂ, ਨੀਲਾ ਕਾਰਡ ਧਾਰਕਾਂ ਦੇ ਬਣਦੇ ਹਨ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਦੇ ਵਿਭਾਗ ਅਧੀਨ ਜੋ ਕਾਰਡ ਅਜੇ ਤੱਕ ਨਹੀਂ ਬਣੇ ਹਨ ਵੱਖ-ਵੱਖ ਪਿੰਡਾਂ ਵਿੱਚ ਕੈਂਪ ਲਗਾ ਕੇ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਏ ਜਾਣ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਣਵਾਉਣ ਨਾਲ ਲਾਭਪਾਤਰੀ ਅਤੇ ਉਸਦੇ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਸਮੂਹਿਕ ਰੂਪ ਨਾਲ ਹਸਪਤਾਲ ਵਿੱਚ ਹਰ ਸਾਲ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ਼ ਕਰਵਾਉਣ ਦੀ ਸਹੂਲਤ ਮਿਲਦੀ ਹੈ। ਇਸ ਦਾ ਲਾਭ ਦੇਸ਼ ਭਰ ਦੇ ਕਿਸੇ ਵੀ ਸੂਚੀਬੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਵਿੱਚ ਲਿਆ ਜਾ ਸਕਦਾ ਹੈ।
ਉਨ੍ਹਾਂ ਨੇ ਦੱਸਿਆ ਕਿ ਈ-ਕਾਰਡ ਬਣਾਉਣ ਦੀ ਫੀਸ 30 ਰੁਪਏ ਪ੍ਰਤੀ ਕਾਰਡ ਰੱਖੀ ਗਈ ਹੈ। ਜੇਕਰ ਕੋਈ ਜ਼ਿਆਦਾ ਫੀਸ ਦੀ ਮੰਗ ਕਰਦਾ ਹੈ ਤਾਂ ਟੋਲ ਫਰੀ ਨੰਬਰ 104 ’ਤੇ ਸ਼ਿਕਾਇਤ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਸਹਾਇਤਾ ਲਈ ਜਾਂ ਆਪਣੇ ਨੇੜੇ ਦੇ ਸੂਚੀਬੱਧ ਹਸਪਤਾਲ ਦੀ ਜਾਣਕਾਰੀ ਜਾਂ ਕਿਸੇ ਵੀ ਸ਼ਿਕਾਇਤ ਲਈ ਟੋਲ ਫਰੀ ਨੰਬਰ 104 ਅਤੇ 1055 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਇਸ ਸਬੰਧੀ ਵਧੇਰੇ ਜਾਣਕਾਰੀ https://sha.punjab.gov.in ’ਤੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੋ ਇਸ ਕਾਰਡ ਦੇ ਯੋਗ ਹਨ ਉਹ ਨਜ਼ਦੀਕੀ ਦੇ ਸੇਵਾ ਕੇਂਦਰ ਦਾ ਕਾਮਨ ਸਰਵਿਸ ਸੈਂਟਰ ਵਿਖੇ ਪਹੁੰਚ ਕੇ ਆਪਣੇ ਕਾਰਡ ਜ਼ਰੂਰ ਬਣਵਾਉਣ।
ਇਸ ਮੌਕੇ ਸਿਵਲ ਸਰਜਨ ਡਾ. ਰਾਜਿੰਦਰ ਪਾਲ, ਸਹਾਇਕ ਲੇਬਰ ਕਮਿਸ਼ਨਰ ਸ੍ਰੀ ਮੁਸਤਾਨ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜਿੰਦਰ ਮਨਚੰਦਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।