5 Dariya News

ਬਨਵਾਰੀ ਲਾਲ ਪੁਰੋਹਿਤ ਨੇ ਡਰੋਨਾਂ ਰਾਹੀਂ ਸਰਹੱਦੀ ਸੁਰੱਖਿਆ, ਘੁਸਪੈਠ ਅਤੇ ਨਸੀਲੇ ਪਦਾਰਥਾਂ ਦੀ ਤਸਕਰੀ ਦਾ ਜਾਇਜਾ ਲੈਣ ਲਈ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਪੰਚਾਂ ਸਰਪੰਚਾਂ ਨਾਲ ਕੀਤੀ ਚਰਚਾ

ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਚੌਕਸੀ ਬਣਾਈ ਰੱਖਣ ਲਈ ਕੀਤਾ ਪ੍ਰੇਰਿਤ

5 Dariya News

ਅੰਮ੍ਰਿਤਸਰ 07-Jun-2023

ਸਰਹੱਦੀ ਸੁਰੱਖਿਆ ਨੂੰ ਮਜਬੂਤ ਕਰਨ ਅਤੇ ਘੁਸਪੈਠ ਅਤੇ ਨਸੀਲੇ ਪਦਾਰਥਾਂ ਦੀ ਤਸਕਰੀ ਕਾਰਨ ਪੈਦਾ ਹੋ ਰਹੀਆਂ ਲਗਾਤਾਰ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਦਿ੍ਰੜ ਯਤਨਾਂ ਤਹਿਤ ਸ. ਬਨਵਾਰੀ ਲਾਲ ਪੁਰੋਹਿਤ, ਰਾਜਪਾਲ ਪੰਜਾਬ ਨੇ ਅੱਜ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਪੰਚਾਂ ਸਰਪੰਚਾਂ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੰਡੀਕੇਟ ਹਾਲ ਵਿਖੇ ਵਿਚਾਰ ਚਰਚਾ ਕੀਤੀ। ਇਸ ਦੌਰੇ ਦਾ ਉਦੇਸ ਮੌਜੂਦਾ ਸੁਰੱਖਿਆ ਉਪਾਵਾਂ ਦਾ ਮੁਲਾਂਕਣ ਕਰਨਾ, ਖਤਰੇ ਦੇ ਵਿਕਾਸ ਨੂੰ ਸਮਝਣਾ ਅਤੇ ਸਰਹੱਦੀ ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਦੇ ਮਨੋਬਲ ਨੂੰ ਵਧਾਉਣਾ ਸੀ।

ਇਸ ਮੌਕੇ ਮੁੱਖ ਸਕੱਤਰ ਪੰਜਾਬ ਸ੍ਰੀ ਵੀ:ਕੇ:ਜੰਜੂਆਂ, ਡੀ:ਜੀ:ਪੀ ਪੰਜਾਬ ਸ੍ਰੀ ਗੌਰਵ ਯਾਦਵ, ਸ੍ਰੀ ਰਮੇਸ਼ ਕੁਮਾਰ ਗੈਂਟਾ, ਪ੍ਰਭਾਰੀ ਸੈਕਟਰੀ ਅੰਮ੍ਰਿਤਸਰ,  ਸ੍ਰੀ ਸਰਵਜੀਤ ਸਿੰਘ, ਪ੍ਰਭਾਰੀ ਸੈਕਟਰੀ ਅੰਮ੍ਰਿਤਸਰ, ਸ੍ਰੀ ਕੇ.ਸ਼ਿਵਾ. ਪ੍ਰਸ਼ਾਦ, ਵਧੀਕ ਚੀਫ ਸੈਕਟਰੀ/ਗਵਰਨਰ ਪੰਜਾਬ, ਡਾ: ਜਸਪਾਲ ਸਿੰਘ ਸੰਧੂ, ਵਾਇਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਸ੍ਰੀ ਨੌਨਿਹਾਲ ਸਿੰਘ, ਪੁਲਿਸ ਕਮਿਸ਼ਨਰ ਅੰਮ੍ਰਿਤਸਰ, ਸ੍ਰੀ ਸਤਿੰਦਰ ਸਿੰਘ ਐਸ:ਐਸ:ਪੀ ਅੰਮ੍ਰਿਤਸਰ ਦਿਹਾਤੀ, ਸ੍ਰੀ ਗੁਰਮੀਤ ਸਿੰਘ ਚੌਹਾਨ, ਐਸ:ਐਸ:ਪੀ ਤਰਨਤਾਰਨ, ਸ੍ਰੀ ਸੰਦੀਪ ਰਿਸ਼ੀ, ਕਮਿਸ਼ਨਰ ਨਗਰ ਨਿਗਮ, ਅੰਮ੍ਰਿਤਸਰ ਅਤੇ ਹੋਰ ਸੀਨੀਅਰ ਅਧਿਕਾਰੀ ਹਾਜਰ ਸਨ। ਇਸ ਮੌਕੇ ਰਾਜਪਾਲ ਨੇ ਮੌਜੂਦਾ ਸੁਰੱਖਿਆ ਸਥਿਤੀ ਬਾਰੇ ਜਾਣਕਾਰੀ ਹਾਸਲ ਕਰਨ ਲਈ ਸੁਰੱਖਿਆ ਕਰਮਚਾਰੀਆਂ, ਸਥਾਨਕ ਅਧਿਕਾਰੀਆਂ ਅਤੇ ਸਰਹੱਦੀ ਪਿੰਡਾਂ ਦੇ ਪੰਚਾਂ ਸਰਪੰਚਾਂ ਅਤੇ ਮੋਹਰਬਰ ਵਿਅਕਤੀਆਂ ਨਾਲ ਵਿਆਪਕ ਚਰਚਾ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਰਾਜਪਾਲ ਨੇ ਕਿਹਾ ਕਿ ਪੰਜਾਬ ਸੂਬਾ ਪੂਰੇ ਭਾਰਤ ਵਿੱਚੋ ਵਧੀਆ ਸੂਬਾ ਹੈ ਅਤੇ ਇਸ ਨੇ ਦੇਸ਼ ਦੇ ਅੰਨ ਭੰਡਾਰ  ਨੂੰ ਖੁਸ਼ਹਾਲ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੇ ਬਹਾਦਰ ਵਸਨੀਕਾਂ ਨੇ ਹਮੇਸ਼ਾਂ ਹੀ ਗੁਆਂਢੀ ਦੇਸ਼ ਦੇ ਮਾੜੇ ਮਨਸੂਬਿਆਂ ਨੂੰ ਨਾਕਾਮ ਕੀਤਾ ਹੈ। ਉਨ੍ਹਾਂ ਸਰਪੰਚਾਂ ਪੰਚਾਂ ਨੂੰ ਕਿਹਾ ਕਿ ਉਹ ਚੌਕਸ ਰਹਿਣ ਅਤੇ ਸੁਰੱਖਿਆ ਬਲਾਂ ਦੇ ਅੱਖ ਅਤੇ ਕੰਨ ਵਜੋਂ ਕੰਮ ਕਰਨ ਅਤੇ ਆਸਪਾਸ ਹੋ ਰਹੀ ਕੋਈ ਸ਼ੱਕੀ ਗਤੀਵਿਧੀ ਬਾਰੇ ਸੁਰੱਖਿਆ ਬਲਾਂ ਨੂੰ ਚੌਕਸ ਕਰਨ। 

ਉਨ੍ਹਾਂ ਕਿਹਾ ਕਿ ਸਾਰੀਆਂ ਫੌਰਸਾਂ ਮਿਲ ਕੇ ਕੰਮ ਕਰ ਰਹੀਆਂ ਹਨ ਅਤੇ ਲਗਾਤਾਰ ਦੁਸ਼ਮਣ ਵੱਲੋਂ ਭੇਜੇ ਜਾ ਰਹੇ ਡਰੋਨਾਂ ਨੂੰ ਸੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਨਵੀਂ ਪੀੜ੍ਹੀ ਨੂੰ ਨਸ਼ੇ ਤੋਂ ਬਚਾਉਣ ਲਈ ਰਾਸ਼ਟਰ ਦੀ ਸੁਰੱਖਿਆ ਵਿੱਚ ਅਹਿਮ ਯੋਗਦਾਨ ਪਾਉੋਣਾ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪਿੰਡ ਵਿੱਚ ਕੋਈ ਵਿਅਕਤੀ ਨਸ਼ਾ ਆਦਿ ਵੇਚਦਾ ਹੈ ਤਾਂ ਉਸ ਦਾ ਮੁਕੰਮਲ ਬਾਈਕਾਟ ਕੀਤਾ ਜਾਵੇ। ਰਾਜਪਾਲ ਨੇ ਕਿਹਾ ਕਿ ਜੇਕਰ ਪਿੰਡ ਮਜਬੂਤ ਹੋਵੇਗਾ ਤਾਂ ਦੇਸ਼ ਮਜਬੂਤ ਹੋਵੇਗਾ।

ਸ੍ਰੀ ਪਰੋਹਿਤ ਨੇ ਕਿਹਾ ਕਿ ਪਿੰਡਾਂ ਵਿੱਚ ਵਿਲੈਜ ਡਿਫੈਂਸ ਕਮੇਟੀਆਂ ਸਥਾਪਤ ਕਰਨੀਆਂ ਚਾਹੀਦੀਆਂ ਹਨ ਅਤੇ ਇਨ੍ਹਾਂ ਕਮੇਟੀਆਂ ਵੱਲੋਂ ਲਗਾਤਾਰ ਆਪਸ ਵਿੱਚ ਮਿਲ ਕੇ ਸੂਚਨਾ ਸਾਂਝੀ ਕਰਨੀ ਚਾਹੀਦੀ ਹੈ ਤਾਂ ਜੋ ਮਾੜੇ ਅਨਸਰਾਂ ਬਾਰੇ ਪਤਾ ਚੱਲ ਸਕੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਵਿੱਚ ਯੋਗਦਾਨ ਪਾਉਣਾ ਦੇਸ਼ ਸੇਵਾ ਅਤੇ ਦੇਸ਼ ਭਗਤੀ ਹੈ ਅਤੇ ਸਰਹੱਦੀ ਦੇ ਲੋਕ ਇਸ ਨੂੰ ਬਾਖੂਬੀ ਢੰਗ ਨਾਲ ਨਿਭਾ ਰਹੇ ਹਨ।

ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਵੀ:ਕੇ:ਜੰਜੂਆ ਨੇ ਕਿਹਾ ਕਿ ਨੌਜਵਾਨਾਂ ਨੂੰ ਰੁਜਗਾਰ ਦੇਣ ਉਦੇਸ਼ ਨਾਲ ਸਿਖਿਆ ਅਤੇ ਪੁਲਿਸ ਵਿਭਾਗ ਵਿੱਚ ਹਰ ਸਾਲ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੋਰ ਵਿਭਾਗਾਂ ਵਿੱਚ ਵੀ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਸੂਬਾ ਸਰਕਾਰ ਜਲਦੀ ਹੀ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਕੋਈ ਵੀ ਮੁਲਾਜਮ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ। 

ਹਰੇਕ ਮੁਲਾਜਮ ਨੂੰ ਸਥਾਈ ਨੌਕਰੀਆਂ ਮੁਹੱਈਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਬਜੀਆਂ ਦੇ ਅਯਾਤ ਲਈ ਜਲਦੀ ਹੀ ਕੋਲਡ ਸਟੋਰੇਜ ਚੇਨ ਦੀ ਵਿਵਸਥਾ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਦੀਆਂ ਸਬਜੀਆਂ ਨੂੰ ਦੂਜੇ ਮੁਲਕਾਂ ਵਿੱਚ ਭੇਜਿਆ ਜਾ ਸਕੇ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।

ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਰਾਜਪਾਲ ਪੰਜਾਬ ਅਤੇ ਹੋਰ ਉਚ ਅਧਿਕਾਰੀਆਂ ਦੇ ਇਥੇ ਪੁੱਜਣ ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਸਰਹੱਦ ਪਾਰ ਹੁੰਦੀ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਅਤੇ ਡਰੋਨ ਗਤੀਵਿਧੀਆਂ ਨੂੰ ਰੋਕਣ ਲਈ ਪਿੰਡ ਪੱਧਰ ਤੇ ਵਿਲੇਜ ਡਿਫੈਂਸ ਕਮੇਟੀਆਂ ਗਠਿਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਸਮਾਜ ਵਿਰੋਧੀ ਅਨਸਰਾਂ ਬਾਰੇ ਪ੍ਰਸਾਸ਼ਨ ਨੂੰ ਸੂਚਨਾ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸਾਸ਼ਨ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਹਰ ਤਰ੍ਹਾਂ ਦੀ ਚੌਕਸੀ ਵੀ ਵਰਤੀ ਜਾ ਰਹੀ ਹੈ।