ਡਾ. ਚਰਨਜੀਤ ਸਿੰਘ ਵੱਲੋਂ ਪਿੰਡ ਕੋਟਲਾ ਨਿਹੰਗ ਵਿਖੇ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਕੀਤਾ ਨਿਪਟਾਰਾ
5 Dariya News
ਰੂਪਨਗਰ 09-Jun-2023
ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਪਿੰਡ ਪੱਧਰ ’ਤੇ ਲੋਕ ਸਮੱਸਿਆਵਾਂ ਦੇ ਹੱਲ ਲਈ ‘ਜਨ ਸੁਣਵਾਈ ਕੈਂਪਾਂ’ ਦਾ ਆਯੋਜਨ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਪਿੰਡ ਕੋਟਲਾ ਨਿਹੰਗ ਦੇ ਕਮਿਊਨਟੀ ਸੈਂਟਰ ਵਿਖੇ ਕੈਂਪ ਲਗਾ ਕੇ ਪਿੰਡ ਕੋਟਲਾ ਨਿਹੰਗ, ਕੋਟਲਾ ਟੱਪਰੀਆਂ ਅਤੇ ਭਿਓਰਾ ਦੇ ਲੋਕਾਂ ਦੀਆਂ ਵਿਧਾਇਕ ਹਲਕਾ ਸ਼੍ਰੀ ਚਮਕੌਰ ਸਾਹਿਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।
ਇਸ ਕੈਂਪ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਪਿੰਡਾਂ ਵਿੱਚ ਜਾ ਕੇ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਆਮ ਲੋਕਾਂ ਨੂੰ ਬਹੁਤ ਫਾਇਦਾ ਹੋਇਆ ਹੈ ਜੋ ਆਪਣੇ ਪਿੰਡਾਂ ਤੋਂ ਦੂਰ ਸ਼ਹਿਰਾਂ ਵਿੱਚ ਸਰਕਾਰੀ ਦਫ਼ਤਰਾਂ ਵਿੱਚ ਨਹੀਂ ਜਾ ਸਕਦੇ ਸਨ, ਇਨ੍ਹਾਂ ਕੈਂਪਾਂ ਦਾ ਲੋਕਾਂ ਵੱਲੋਂ ਭਰਪੂਰ ਲਾਭ ਉਠਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਇਤਿਹਾਸਕ ਫੈਸਲੇ ਲਏ ਹਨ ਅਤੇ ਬਿਨ੍ਹਾਂ ਕਿਸੇ ਪੱਖਪਾਤ ਤੋਂ ਹਰ ਵਰਗ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਲੋਕਾਂ ਦੀਆਂ ਜੋ ਵੀ ਮੁਸ਼ਕਲਾਂ ਤੇ ਸ਼ਿਕਾਇਤਾਂ ਸੁਣੀਆਂ ਜਾਂਦੀਆਂ ਹਨ ਉਨ੍ਹਾਂ ਦਾ ਤੈਅ ਸਮੇਂ ਅੰਦਰ ਨਿਪਟਾਰਾ ਵੀ ਕੀਤਾ ਜਾਂਦਾ ਹੈ।
ਕੈਂਪ ਦੌਰਾਨ ਪਿੰਡ ਭਿਉਰਾ ਦੇ ਸਰਪੰਚ ਸੁਪਿੰਦਰ ਸਿੰਘ, ਕੋਟਲਾ ਟੱਪਰੀਆ ਦੇ ਗੁਰਮੇਲ ਸਿੰਘ ਅਤੇ ਕੋਟਲਾ ਦੇ ਰਮਨਦੀਪ ਸਿੰਘ ਨੇ ਆਪਣੇ-ਆਪਣੇ ਪਿੰਡ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਿਆ। ਇਸ ਸੜਕਾਂ, ਨਾਲ਼ੀਆਂ, ਸੀਵਰੇਜ਼, ਅਤੇ ਪੀਣ ਵਾਲ਼ੇ ਪਾਣੀ ਦੀ ਸਮੱਸਿਆਵਾਂ ਦੀ ਸੁਣਵਾਈ ਕੀਤੀ ਗਈ ਪੈਨਸ਼ਨ ਵਿਭਾਗ ਦੇ ਕੰਮਾਂ ਸਬੰਧੀ ਲੋਕਾਂ ਵੱਲੋਂ ਆਏ ਮਸਲਿਆਂ ਦਾ ਹੱਲ ਕੀਤਾ ਗਿਆ ਅਤੇ ਹੋਰ ਬਕਾਇਆ ਦਰਖ਼ਾਸਤਾਂ ਦਾ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ।
ਇਸ ਮੌਕੇ ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ, ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਸ. ਬਲਜਿੰਦਰ ਸਿੰਘ, ਤਹਿਸੀਲਦਾਰ ਰੂਪਨਗਰ ਸ. ਜਸਪ੍ਰੀਤ ਸਿੰਘ, ਡੀ.ਐਸ.ਪੀ. ਸ. ਤਰਲੋਚਨ ਸਿੰਘ, ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।