ਨਸ਼ੇ ਵਿਅਕਤੀ ਨੂੰ ਸ਼ਰੀਰਕ ਤੇ ਆਰਥਿਕ ਪੱਖੋਂ ਕਮਜੋਰ ਕਰਦੇ ਹਨ : ਸਿਵਲ ਸਰਜਨ
ਅੰਤਰਰਾਸ਼ਟਰੀ ਨਸ਼ਾ-ਖੋਰੀ ਅਤੇ ਗੈਰ ਕਨੂੰਨੀ ਤਸ਼ਕਰੀ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਕੈਂਪ ਦਾ ਆਯੋਜਨ
5 Dariya News
ਫਤਹਿਗੜ੍ਹ ਸਾਹਿਬ 26-Jun-2023
ਨਸ਼ਾ ਇਕ ਮਾਨਸਿਕ ਰੋਗ ਹੈ ਜੋ ਇਨਸਾਨ ਨੂੰ ਸਰੀਰਕ, ਮਾਨਸਿਕ ਤੇ ਆਰਥਿਕ ਤੌਰ ਤੇ ਕਮਜ਼ੋਰ ਕਰ ਦਿੰਦਾ ਹੈ,ਇਸ ਲਈ ਸਾਨੂੰ ਕਿਸੇ ਵੀ ਕਿਸਮ ਦਾ ਨਸ਼ਾ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਿਆਪਕ ਵਰਤੋਂ ਸਮਾਜ ਲਈ ਇਕ ਚਿੰਤਾ ਦਾ ਵਿਸ਼ਾ ਹੈ ਕਿਉਕਿ ਕਿਸੇ ਵੀ ਦੇਸ਼ ਦੇ ਚੰਗੇ ਭਵਿੱਖ ਲਈ ਉਸ ਦੀ ਤਰੱਕੀ ਦੇ ਰਾਹ ਵਿਚ ਨਸ਼ਾ ਇਕ ਵੱਡੀ ਰੁਕਾਵਟ ਬਣਦਾ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਨੇ "ਅੰਤਰਰਾਸ਼ਟਰੀ ਨਸ਼ਾ ਖੋਰੀ ਅਤੇ ਗੈਰ-ਕਾਨੂੰਨੀ ਤਸ਼ਕਰੀ ਵਿਰੋਧੀ ਦਿਵਸ" ਮੌਕੇ ਸਿਵਲ ਹਸਪਤਾਲ ਵਿਖੇ ਲਗਾਏ ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦਿਆ ਕੀਤਾ। ਸਿਵਲ ਸਰਜਨ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਕਾਰਨ ਨਸ਼ਿਆਂ ਦੀ ਦਲਦਲ ਵਿੱਚ ਫਸਦਾ ਹੈ ਤਾਂ ਇਸਦਾ ਇਲਾਜ ਵੀ ਸੰਭਵ ਹੈ ਤੇ ਉਸਦਾ ਇਹ ਇਲਾਜ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰਾਂ, ਓਟ ਕਲੀਨਿਕਾਂ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਬਿਲਕੁਲ ਮੁਫਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ:ਸਰੀਤਾ ਨੇ ਕਿਹਾ ਕਿ ਸਰਕਾਰੀ ਕੇਂਦਰਾਂ ਵਿੱਚ ਇਲਾਜ ਕਰਵਾਉਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਰਿਕਾਰਡ ਗੁਪਤ ਰੱਖਿਆ ਜਾਂਦਾ ਹੈ । ਮਾਨਸਿਕ ਰੋਗਾਂ ਦੇ ਮਾਹਿਰ ਡਾ: ਸਨਪ੍ਰੀਤ ਕੌਰ ਨੇ ਕੈਂਪ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਜ਼ਿਆਦਾਤਰ ਨੌਜਵਾਨ ਵਰਗ ਨਸ਼ਾ ਕਰਨ ਵੱਲ ਝੁਕ ਰਿਹਾ ਹੈ ।
ਉਨ੍ਹਾਂ ਕਿਹਾ ਕਿ ਨਸ਼ਾ ਇਕ ਨਾ-ਮੁਰਾਦ ਬਿਮਾਰੀ ਹੈ , ਨਸ਼ਿਆਂ ਦੀਆਂ ਆਦਤਾਂ ਵਿੱਚ ਫਸ ਕੇ ਨੌਜਵਾਨ ਆਪਣਾ ਅਤੇ ਆਪਣੇ ਦੇਸ਼ ਦਾ ਭਵਿੱਖ ਖਰਾਬ ਕਰਦੇ ਹਨ ਕਿਉਂਕਿ ਉਹ ਗਲਤ ਅਤੇ ਠੀਕ ਵਿੱਚ ਫਰਕ ਨਹੀਂ ਕਰ ਸਕਦੇ। ਉਨ੍ਹਾਂ ਨਸ਼ਿਆਂ ਦੇ ਕਾਰਨ, ਨਸ਼ਾ ਕਰਨ ਵਾਲੇ ਵਿਅਕਤੀ ਦੇ ਲੱਛਣ, ਨਸ਼ਾ ਕਰਨ ਨਾਲ ਸਰੀਰ ਨੂੰ ਲੱਗਣ ਵਾਲੇ ਹੋਰ ਰੋਗਾਂ ਅਤੇ ਇਹਨਾਂ ਦੇ ਇਲਾਜ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।
ਇਸ ਮੌਕੇ ਸਰਸਵਤੀ ਨਰਸਿੰਗ ਇੰਸਟੀਚਿਊਟ ਧਿਆਨਪੁਰਾ ਦੇ ਵਿਦਿਆਰਥੀਆਂ ਦੇ ਪੋਸਟਰ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਰਾਹੀਂ ਆਮ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ: ਸਵਪਨਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ:ਸਰੀਤਾ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਕਰਨੈਲ ਸਿੰਘ, ਜਸਵਿੰਦਰ ਕੌਰ , ਜਿਲ੍ਹਾ ਬੀ .ਸੀ .ਸੀ . ਅਮਰਜੀਤ ਸਿੰਘ , ਐਡਿਕਸ਼ਨ ਸੈਂਟਰ ਦਾ ਸਮੂਹ ਸਟਾਫ, ਨਰਸਿੰਗ ਕਾਲਜ ਦੇ ਅਧਿਆਪਕ, ਨਰਸਿੰਗ ਵਿਦਿਆਰਥੀ ਅਤੇ ਆਮ ਲੋਕ ਹਾਜ਼ਰ ਸਨ।