5 Dariya News

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਮਾਨਸੂਨ ਦੌਰਾਨ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਯੋਜਨਾ ਦੀ ਸਮੀਖਿਆ

ਹੜ੍ਹਾਂ ਦੀ ਰੋਕਥਾਮ ਸਬੰਧੀ ਸਮੁੱਚੇ ਪ੍ਰਬੰਧ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਵਿਸਥਾਰਿਤ ਕਾਰਜਪ੍ਰਣਾਲੀ ਬਣਾਉਣ ਲਈ ਕਿਹਾ

5 Dariya News

ਜਲੰਧਰ 28-Jun-2023

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਬੁੱਧਵਾਰ ਨੂੰ ਜ਼ਿਲ੍ਹੇ ਵਿੱਚ ਹੜ੍ਹਾਂ ਵਰਗੀ ਸਥਿਤੀ ਪੈਦਾ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਹੜ੍ਹ ਕੰਟਰੋਲ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਮੂਹ ਵਿਭਾਗਾਂ ਵੱਲੋਂ ਤਿਆਰ ਕੀਤੀ ਗਈ ਅਗਾਊਂ ਯੋਜਨਾ ਦੀ ਸਮੀਖਿਆ ਕੀਤੀ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਵਿਭਾਗਾਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਹੜ੍ਹਾਂ ਦੀ ਰੋਕਥਾਮ ਲਈ ਸਾਰੇ ਪ੍ਰਬੰਧਾਂ ਨੂੰ ਮੁਕੰਮਲ ਕਰਨ ਲਈ ਵਿਸਥਾਰਤ ਕਾਰਜਪ੍ਰਣਾਲੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। 

ਉਨ੍ਹਾਂ ਕਿਹਾ ਕਿ ਬਰਸਾਤ ਕਾਰਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ 24 ਘੰਟੇ ਨਿਗਰਾਨੀ ਰੱਖਣਾ ਜ਼ਰੂਰੀ ਹੈ। ਸ਼੍ਰੀ ਸਾਰੰਗਲ ਨੇ ਅਧਿਕਾਰੀਆਂ ਨੂੰ ਜਲ ਭੰਡਾਰ ਵਿੱਚੋਂ ਵੱਧ ਪਾਣੀ ਛੱਡੇ ਜਾਣ ਦੀ ਸੰਭਾਵਨਾ ਦੇ ਮੱਦੇਨਜ਼ਰ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਹੜ੍ਹ ਸੰਭਾਵਿਤ ਸੰਵੇਦਨਸ਼ੀਲ ਥਾਵਾਂ ਨੂੰ ਮਜ਼ਬੂਤ ਕਰਨ ਦੇ ਵੀ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਰਸਾਤ ਦੇ ਸੀਜ਼ਨ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਵੱਲੋਂ ਅਗਾਊਂ ਯੋਜਨਾ ਤਿਆਰ ਕੀਤੀ ਗਈ ਹੈ, ਜੋ ਕਿ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਨ। 

ਉਨ੍ਹਾਂ ਅੱਗੇ ਕਿਹਾ ਕਿ ਹੜ੍ਹਾਂ ਦੀ ਸਥਿਤੀ ਵਿੱਚ ਨਿਕਾਸੀ ਯੋਜਨਾ ਨੂੰ ਪਹਿਲਾਂ ਹੀ ਅੰਤਿਮ ਰੂਪ ਦਿੱਤਾ ਜਾ ਚੁੱਕਾ ਹੈ ਅਤੇ ਸੰਵੇਦਨਸ਼ੀਲ ਸਥਾਨਾਂ ਦੇ ਨਾਲ-ਨਾਲ ਸੁਰੱਖਿਅਤ ਥਾਵਾਂ ਦੀ ਵੀ ਪਛਾਣ ਕੀਤੀ ਜਾ ਚੁੱਕੀ ਹੈ, ਜਿਥੇ ਲੋੜ ਪੈਣ 'ਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਸਨੀਕਾਂ ਨੂੰ ਤਬਦੀਲ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਤਹਿਸੀਲ ਪੱਧਰ 'ਤੇ ਹੜ੍ਹ ਕੰਟਰੋਲ ਰੂਮ ਸਥਾਪਤ ਕਰਨ ਲਈ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਜੋ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੂਰੇ ਤਾਲਮੇਲ ਨਾਲ ਯਤਨ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਹੜ੍ਹਾਂ ਦੀ 24 ਘੰਟੇ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪੱਧਰ ’ਤੇ ਹੜ੍ਹ ਕੰਟਰੋਲ ਰੂਮ 01812224417  ਪਹਿਲਾਂ ਹੀ ਸਥਾਪਤ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੁਲਿਸ, ਪਸ਼ੂ ਪਾਲਣ, ਖੁਰਾਕ ਅਤੇ ਸਿਵਲ ਸਪਲਾਈਜ਼, ਬਿਜਲੀ, ਜੰਗਲਾਤ ਅਤੇ ਹੋਰ ਮਹੱਤਵਪੂਰਨ ਵਿਭਾਗਾਂ ਨੂੰ ਵੀ ਆਪਣੇ ਕੰਟਰੋਲ ਰੂਮ ਸਥਾਪਤ ਕਰਨੇ ਚਾਹੀਦੇ ਹਨ ਤਾਂ ਜੋ ਲੋਕ ਕਿਸੇ ਵੀ ਹੰਗਾਮੀ ਸਥਿਤੀ ਵਿੱਚ ਉਨ੍ਹਾਂ ਨਾਲ ਸੰਪਰਕ ਕਰ ਸਕਣ। ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਦੇ ਹਾਲਾਤ ਵਿੱਚ ਇਸ ਸਥਿਤੀ ਨਾਲ ਨਜਿੱਠਣ ਲਈ ਖੁਰਾਕ ਤੇ ਸਪਲਾਈਜ਼, ਸਿੰਚਾਈ, ਬਿਜਲੀ, ਡਰੇਨੇਜ, ਨਗਰ ਨਿਗਮ ਅਤੇ ਪੁਲਿਸ ਵਿਭਾਗ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਗਿਆ।

ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੈਡੀਕਲ ਟੀਮਾਂ ਨੂੰ ਲੋੜੀਂਦੇ ਸਮਾਨ ਸਮੇਤ ਤਿਆਰ ਰੱਖਿਆ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਤੋਂ ਬਚਿਆ ਜਾ ਸਕੇ। ਇਸੇ ਤਰ੍ਹਾਂ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਸੁੱਕਾ ਰਾਸ਼ਨ ਤਿਆਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਤਾਂ ਜੋ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਇਸ ਨੂੰ ਵੰਡਿਆ ਜਾ ਸਕੇ। 

ਡਿਪਟੀ ਕਮਿਸ਼ਨਰ ਵੱਲੋਂ ਹੋਰ ਪ੍ਰਬੰਧਾਂ ਤੋਂ ਇਲਾਵਾ ਟਾਇਲਟ ਬਲਾਕ, ਰਿਕਵਰੀ ਵੈਨਾਂ, ਐਸ.ਡੀ.ਆਰ.ਐਫ./ਐਨ.ਡੀ.ਆਰ.ਐਫ. ਟੀਮਾਂ ਦੀ ਤਾਇਨਾਤੀ, ਹੜ੍ਹਾਂ ਨਾਲ ਨਜਿੱਠਣ ਵਾਲੇ ਉਪਕਰਣ, ਪਿੰਡ ਪੱਧਰ 'ਤੇ ਗੋਤਾਖੋਰਾਂ ਦੀ ਪਛਾਣ, ਚਾਰਾ, ਸੁਰੱਖਿਅਤ ਥਾਵਾਂ ਦੀ ਪਛਾਣ, ਸੰਚਾਰ ਯੋਜਨਾ ਦੀ ਤਿਆਰੀ, ਜੇ.ਸੀ.ਬੀ. ਮਸ਼ੀਨਾਂ, ਪੀਣ ਵਾਲੇ ਪਾਣੀ ਆਦਿ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ।

ਡਿਪਟੀ ਕਮਿਸ਼ਨਰ ਨੇ ਸਤਲੁਜ ਦਰਿਆ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਦੇ ਕੰਮ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਾਰੇ ਚੱਲ ਰਹੇ ਕਾਰਜਾਂ ਨੂੰ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਨੇ ਐਸ.ਡੀ.ਐਮਜ਼ ਨੂੰ ਸਬ ਡਵੀਜ਼ਨ ਪੱਧਰ 'ਤੇ ਵੀ ਇੱਕ ਅਗਾਊਂ ਯੋਜਨਾ ਤਿਆਰ ਕਰਨ ਲਈ ਕਿਹਾ ਤਾਂ ਜੋ ਹੜ੍ਹਾਂ ਨਾਲ ਨਜਿੱਠਣ ਲਈ ਬਿਹਤਰ ਤਾਲਮੇਲ ਵਾਲੀ ਪਹੁੰਚ ਅਪਣਾਈ ਜਾ ਸਕੇ।

ਉਨ੍ਹਾਂ ਅਧਿਕਾਰੀਆਂ ਨੂੰ ਸਤਲੁਜ ਦਰਿਆ ਦੇ ਨਾਲ ਲੱਗਦੀਆਂ ਸਾਰੀਆਂ ਮਾਈਨਿੰਗ ਸਾਈਟਾਂ 'ਤੇ 1 ਜੁਲਾਈ, 2023 ਤੋਂ ਮਾਈਨਿੰਗ ਗਤੀਵਿਧੀਆਂ ਬੰਦ ਕਰਨ ਦੇ ਨਿਰਦੇਸ਼ ਦਿੱਤੇ ਅਤੇ ਸਬੰਧਤ ਅਧਿਕਾਰੀਆਂ ਨੂੰ ਵਿਅਕਤੀਗਤ ਤੌਰ 'ਤੇ ਇਨ੍ਹਾਂ ਸਾਈਟਾਂ ਦਾ ਦੌਰਾ ਕਰਨ ਦੀਆਂ ਹਦਾਇਤਾਂ ਦਿੱਤੀਆਂ। ਇਸੇ ਤਰ੍ਹਾਂ ਉਨ੍ਹਾਂ ਐਸ.ਡੀ.ਐਮਜ਼ ਨੂੰ ਸਤਲੁਜ ਦਰਿਆ ਦੇ ਕੰਢੇ ਚੱਲ ਰਹੇ ਧੁੱਸੀ ਬੰਨ੍ਹ ਦੀ ਮਜ਼ਬੂਤੀ ਦੇ ਕੰਮਾਂ ਦਾ ਨਿਰੀਖਣ ਕਰਨ ਦੇ ਵੀ ਨਿਰਦੇਸ਼ ਦਿੱਤੇ। ਐਸ.ਐਚ.ਓਜ਼ ਨੂੰ ਹੜ੍ਹ ਪ੍ਰਭਾਵਿਤ ਪਿੰਡਾਂ 'ਤੇ ਨਜ਼ਰ ਰੱਖਣ ਲਈ ਕਿਹਾ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਹੜ੍ਹ ਵਰਗੀ ਸਥਿਤੀ ਨਾਲ ਨਿਪਟਿਆ ਜਾ ਸਕੇ 

ਡਿਪਟੀ ਕਮਿਸ਼ਨਪ ਵੱਲੋਂ ਨਗਰ ਨਿਗਮ ਨੂੰ ਮਾਨਸੂਨ ਤੋਂ ਪਹਿਲਾਂ ਸੀਵਰੇਜ, ਡਰੇਨੇਜ ਦੀ ਸਫ਼ਾਈ ਯਕੀਨੀ ਬਣਾਉਣ ਦੀਆਂ ਹਦਾਇਤਾਂ

ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਬਰਸਾਤ ਦੇ ਮੌਸਮ ਤੋਂ ਪਹਿਲਾਂ-ਪਹਿਲਾਂ ਸਫ਼ਾਈ ਦੇ ਕੰਮ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਜੈਟਿੰਗ ਮਸ਼ੀਨਾਂ ਲਾ ਕੇ ਸੜਕਾਂ ਦੇ ਨਾਲਿਆਂ, ਸੀਵਰੇਜ ਸਿਸਟਮ ਦੀ ਸਮੇਂ ਸਿਰ ਸਫਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੀਵੇਂ ਇਲਾਕਿਆਂ, ਜਿਥੇ ਪਹਿਲਾਂ ਪਾਣੀ ਇਕੱਤਰ ਦੇ ਮਾਮਲੇ ਸਾਹਮਣੇ ਆਉਂਦੇ ਰਹੇ ਹਨ, ਵੱਲ ਵਿਸ਼ੇਸ਼ ਤਵਜੋਂ ਦੇਣ ਲਈ ਕਿਹਾ।

ਇਸੇ ਤਰ੍ਹਾਂ ਉਨ੍ਹਾਂ ਨੇ ਨਗਰ ਨਿਗਮ ਨੂੰ ਬਾਰਸ਼ਾਂ ਦੌਰਾਨ ਵਾਧੂ ਵਾਟਰ ਪੰਪਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਪਾਣੀ ਜਮ੍ਹਾ ਹੋਣ ਦੀ ਸਥਿਤੀ ਨਾਲ ਨਿਪਟਿਆ ਜਾ ਸਕੇ । ਉਨ੍ਹਾਂ ਜਲੰਧਰ ਨਗਰ ਨਿਗਮ ਨੂੰ ਹੜ੍ਹ ਪ੍ਰਬੰਧਨ ਬਾਰੇ ਵਿਸਥਾਰਤ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਤਾਂ ਜੋ ਮਾਨਸੂਨ ਦੌਰਾਨ ਸ਼ਹਿਰ ਨੂੰ ਪਾਣੀ ਇਕੱਠਾ ਹੋਣ ਵਾਲੀ ਸਥਿਤੀ ਦਾ ਸਾਹਮਣਾ ਨਾ ਕਰਨਾ ਪਵੇ।