5 Dariya News

ਜ਼ਿਲ੍ਹਾ ਵਿਕਾਸ ਤਾਲਮੇਲ ਤੇ ਨਿਗਰਾਨ ਕਮੇਟੀ ਵਲੋਂ ਵਿਕਾਸ ਕਾਰਜਾਂ ਸਮੇਤ ਭਲਾਈ ਸਕੀਮਾਂ ਦੀ ਸਮੀਖਿਆ

5 Dariya News

ਰੂਪਨਗਰ 03-Jul-2023

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿੱਚ ਸੰਸਦੀ ਮੈਂਬਰ ਸ਼੍ਰੀ ਮਨੀਸ਼ ਤਿਵਾੜੀ ਦੀ ਅਗਵਾਈ ਅਧੀਨ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਨਿਗਰਾਨ ਕਮੇਟੀ ਵਲੋਂ ਜ਼ਿਲ੍ਹਾ ਰੂਪਨਗਰ ਵਿਖੇ ਚਲ ਰਹੇ ਵਿਕਾਸ ਕਾਰਜਾਂ, ਨਵੇਂ ਪ੍ਰਾਜੈਕਟਾਂ ਸਮੇਤ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦੀ ਸਮੀਖਿਆ ਕੀਤੀ ਗਈ। 

ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਵੀ ਹਾਜ਼ਰ ਸਨ। ਮੀਟਿੰਗ ਵਿੱਚ ਮਗਨਰੇਗਾ ਸਕੀਮ ‘ਤੇ ਚਰਚਾ ਕਰਦਿਆਂ ਸ਼੍ਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਇਸ ਸਕੀਮ ਤਹਿਤ ਪੇਂਡੂ ਵਿਕਾਸ ਕਾਰਜਾਂ, ਮਟੀਰੀਅਲ ਤੇ ਮਗਨਰੇਗਾ ਵਰਕਰਾਂ ਦੀ ਅਦਾਇਗੀ ਜਲਦ ਕਰਨ ਲਈ ਯਤਨ ਕੀਤੇ ਜਾਣ ਤਾਂ ਜੋ ਰੋਜ਼ਗਾਰ ਗਾਰੰਟੀ ਨੂੰ ਯਕੀਨੀ ਕੀਤਾ ਜਾ ਸਕੇ। ਇਸ ਮੀਟਿੰਗ ਵਿੱਚ ਦੱਸਿਆ ਗਿਆ ਕਿ ਜ਼ਿਲ੍ਹਾ ਰੂਪਨਗਰ ਵਿਖੇ ਬਰਸਾਤੀ ਪਾਣੀ ਦੇ ਨਕਾਸੀ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ ਗਈ ਜਿਸ ਵਿਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਰਸਾਤੀ ਨਦੀਆਂ ਅਤੇ ਚੋਏ ਆਦਿ ਦੀ ਸਫਾਈ ਕੀਤੀ ਜਾ ਰਹੀ ਹੈ ਜਿਸ ਸਬੰਧੀ ਲੱਗਭਗ 6 ਕਰੋੜ ਰੁਪਏ ਦੇ ਕਾਰਜ ਪ੍ਰਕੀਰਿਆ ਅਧੀਨ ਹਨ। ਮਾਨਸੂਨ ਨੂੰ ਧਿਆਨ ਵਿਚ ਰੱਖਦੇ ਹੋਏ ਇਨ੍ਹਾਂ ਕਾਰਜਾਂ ਨੂੰ ਸਮਾਂਬੱਧ ਸੀਮਾ ਵਿਚ ਮੁਕੰਮਲ ਕਰਨ ਲਈ ਇਸ ਦੀ ਨਿਗਰਾਨੀ ਉਨ੍ਹਾਂ ਵਲੋਂ ਨਿੱਜੀ ਤੌਰ ਉਤੇ ਕੀਤੀ ਜਾ ਰਹੀ ਹੈ।

ਸਵੱਛ ਭਾਰਤ ਮਿਸ਼ਨ ਅਧੀਨ ਜ਼ਿਲ੍ਹਾ ਰੂਪਨਗਰ ਨੂੰ ਖੁੱਲ੍ਹੇ ਵਿਚ ਸ਼ੋਚ ਮੁਕਤ ਕਰਨ ਲਈ ਕੀਤੇ ਕਾਰਜਾਂ ਦੀ ਵੀ ਸਮੀਖਿਆ ਕੀਤੀ ਗਈ ਜਿਸ ਵਿਚ ਦੱਸਿਆ ਗਿਆ ਕਿ ਜ਼ਿਲ੍ਹਾ ਰੂਪਨਗਰ ਵਿਚ 18,469 ਪਖਾਨਿਆਂ ਦੀ ਉਸਾਰੀ ਕੀਤੀ ਗਈ ਅਤੇ ਜ਼ਿਲ੍ਹਾ ਰੂਪਨਗਰ ਦੇ ਸਾਰੇ ਘਰਾਂ ਵਿਚ ਵਰਤਮਾਨ ਸਮੇਂ ਵਿਚ ਆਪਣੇ ਵੱਖਰੇ ਤੌਰ ਉਤੇ ਪਖਾਨੇ ਹਨ। ਇਸ ਤੋਂ ਇਲਾਵਾ ਇਥੇ ਸੋਲਡ ਵੇਸਟ ਮਨੈਜਮੈਂਟ, ਪਲਾਸਟਿਕ ਵੇਸਟ ਮਨੇਜਮੈਂਟ ਸਮੇਤ ਗੋਬਰਧਨ ਆਦਿ ਪ੍ਰੋਗਰਾਮਾਂ ਦੀ ਵੀ ਸਮੀਖਿਆ ਕੀਤੀ ਗਈ। ਸ਼ਹਿਰੀ ਇਲਾਕਿਆਂ ਵਿਚ ਆਉਣ ਵਾਲੇ ਸਮੇਂ ਵਿਚ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਨੂੰ ਹੱਲ ਕਰਨ ਲਈ ਪਹਿਲਾਂ ਤੋਂ ਹੀ ਤਜਵੀਜ਼ ਤਿਆਰ ਕਰਕੇ ਸਰਕਾਰ ਨੂੰ ਭੇਜਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿਚ ਸਿਵਲ ਸਰਜਨ ਵਲੋਂ ਨੰਗਲ ਵਿਖੇ ਐਂਬੂਲੈਂਸ ਦੀ ਜ਼ਰੂਰਤ ਬਾਰੇ ਦੱਸਿਆ ਗਿਆ ਜਿਸ ਉਪਰੰਤ ਐਮ.ਪੀ. ਮਨੀਸ਼ ਤਿਵਾੜੀ ਵਲੋਂ ਜਲਦ ਨਵੀਂ ਐਂਬੂਲੈਂਸ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਗਿਆ।

ਇਸ ਤੋਂ ਇਲਾਵਾ ਮੀਟਿੰਗ ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਰਾਸ਼ਟਰੀ ਸਿਹਤ ਮਿਸ਼ਨ, ਆਮ ਆਦਮੀ ਕਲੀਨਿਕ, ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ, ਸਕੂਲ ਸਿੱਖਿਆ, ਮਿਡ-ਡੇ-ਮੀਲ, ਬੇਟੀ ਬਚਾਓ ਬੇਟੀ ਪੜਾਓ ਸਕੀਮ, ਰਾਸ਼ਟਰੀ ਕ੍ਰਿਸ਼ੀ ਵਿਗਿਆਨ ਯੋਜਨਾ, ਪ੍ਰਧਾਨ ਮੰਤਰੀ ਰੁਜ਼ਗਾਰ ਯੋਜਨਾ ਅਤੇ ਉਸਾਰੀ ਅਧੀਨ ਫਲਾਈ ਓਵਰਾਂ ਆਦਿ ਦੀ ਸਮੀਖਿਆ ਕੀਤੀ ਗਈ।

ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਈਸ਼ਾ ਸਿੰਘਲ, ਵਧੀਕ ਡਿਪਟੀ ਕਮਿਸ਼ਨਰ (ਵ) ਸ. ਅਮਰਦੀਪ ਸਿੰਘ ਗੁਜਰਾਲ, ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ, ਰਾਜੇਸ਼ਵਰ ਲਾਲੀ, ਦੇਸ਼ਰਾਜ ਸੈਣੀ ਅਤੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁੱਖੀ ਤੇ ਹੋਰ ਅਧਿਕਾਰੀ ਹਾਜ਼ਰ ਸਨ।