ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਮੀਨੀ ਪੱਧਰ 'ਤੇ ਰਾਹਤ ਗਤੀਵਿਧੀਆਂ ਦਾ ਜਾਇਜ਼ਾ ਲਿਆ
ਪ੍ਰਸ਼ਾਸਕੀ ਟੀਮਾਂ ਨੂੰ ਪਾਣੀ ਦੀ ਨਿਕਾਸੀ ਸਬੰਧੀ ਕਾਰਜ ਪੂਰੀ ਮੁਸਤੈਦੀ ਨਾਲ ਕਰਨ ਦੀ ਹਦਾਇਤ
5 Dariya News
ਫ਼ਤਹਿਗੜ੍ਹ ਸਾਹਿਬ 09-Jul-2023
ਭਾਰੀ ਮੀਂਹ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਵਲੋਂ ਜ਼ਿਲ੍ਹੇ ਵਿਚ ਵੱਖੋ ਵੱਖ ਥਾਵਾਂ ਦਾ ਦੌਰਾ ਕਰ ਕੇ ਹਾਲਾਤ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਸ਼ਾਸਨਿਕ ਟੀਮਾਂ ਨੂੰ ਪਾਣੀ ਦੀ ਨਿਕਾਸੀ ਸਬੰਧੀ ਕਾਰਜ ਪੂਰੀ ਮੁਸਤੈਦੀ ਨਾਲ ਕਰਵਾਉਣ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਨਦੇਹੀ ਨਾਲ ਕਾਰਜ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ।
ਡਿਪਟੀ ਕਮਿਸ਼ਨਰ ਨੇ ਰਾਹਤ ਕਾਰਜਾਂ ਅਤੇ ਪਾਣੀ ਦੀ ਨਿਕਾਸੀ ਗਤੀਵਿਧੀਆਂ ਦਾ ਜਾਇਜ਼ਾ ਲਿਆ ਤੇ ਅਧਿਕਾਰੀਆਂ ਨੂੰ ਸੰਕਟ/ਬਚਾਅ ਕਾਲਾਂ 'ਤੇ ਤੁਰੰਤ ਕਾਰਵਾਈ ਕਰਨ ਅਤੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਪਾਣੀ ਦੀ ਨਿਕਾਸੀ ਨੂੰ ਤੇਜ਼ ਕਰਨ ਦੇ ਆਦੇਸ਼ ਦਿੱਤੇ। ਮੀਂਹ ਦੇ ਪਾਣੀ ਦੇ ਨਿਰਵਿਘਨ ਵਹਾਅ ਵਿੱਚ ਰੁਕਾਵਟਾਂ ਨੂੰ ਵੀ ਦੂਰ ਕਰ ਲਈ ਆਖਿਆ। ਉਨ੍ਹਾਂ ਨੇ ਵੱਖੋ ਵੱਖ ਵਿਭਾਗਾਂ ਨੂੰ ਕਿਹਾ ਕਿ ਉਹ ਨਾਜ਼ੁਕ ਪੁਆਇੰਟਾਂ 'ਤੇ ਤੁਰੰਤ ਕਾਰਵਾਈ ਕਰਨ ਨੂੰ ਯਕੀਨੀ ਬਣਾਉਣ।
ਸ਼੍ਰੀਮਤੀ ਸ਼ੇਰਗਿੱਲ ਨੇ ਪ੍ਰਸ਼ਾਸਨਿਕ ਟੀਮਾਂ ਨੂੰ ਕਿਹਾ ਕਿ ਨੀਵੇਂ ਇਲਾਕਿਆਂ ਵੱਲ ਤੁਰੰਤ ਧਿਆਨ ਦਿੱਤਾ ਜਾਵੇ। ਜ਼ਰੂਰੀ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਪਾਵਰ ਸਟੇਸ਼ਨਾਂ ਅਤੇ ਹੋਰ ਅਜਿਹੇ ਐਮਰਜੈਂਸੀ ਸੇਵਾ ਖੇਤਰਾਂ ਨੂੰ ਪਹਿਲ ਦੇ ਆਧਾਰ 'ਤੇ ਪਾਣੀ ਤੋਂ ਮੁਕਤ ਕੀਤਾ ਜਾ ਰਿਹਾ ਹੈ।ਪਿਛਲੇ 24 ਘੰਟਿਆਂ ਤੋਂ ਡਿਊਟੀ 'ਤੇ ਤਾਇਨਾਤ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਸਮਾਂ ਸਾਡੀ ਡਿਊਟੀ ਪ੍ਰਤੀ ਇਮਾਨਦਾਰੀ ਅਤੇ ਸਮਰਪਣ ਦੀ ਮੰਗ ਕਰਦਾ ਹੈ, ਇਸ ਲਈ ਸਾਨੂੰ ਸਥਿਤੀ ਦੇ ਕਾਬੂ ਹੇਠ ਆਉਣ ਤੱਕ ਮਿਲ ਕੇ ਕੰਮ ਕਰਨਾ ਹੋਵੇਗਾ।
ਉਨ੍ਹਾਂ ਕਿ ਜ਼ਿਲ੍ਹੇ ਵਿਚਲੇ ਵੱਖੋ ਵੱਖ ਜਲ ਸਰੋਤਾਂ ਦੇ ਵਹਾਅ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੰਗਾਮੀ ਹਾਲਤ ਵਿੱਚ ਬਚਾਅ ਕਾਰਜਾਂ ਲਈ ਪੂਰੀ ਤਿਆਰੀ ਕੀਤੀ ਹੋਈ ਹੈ। ਮੈਡੀਕਲ ਟੀਮਾਂ, ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਨੂੰ ਪਹਿਲਾਂ ਹੀ ਤਿਆਰ ਰਹਿਣ ਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਕੋਲ ਲੋੜੀਂਦੀ ਬਚਾਅ ਸਮੱਗਰੀ ਮੌਜੂਦ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਪਤ ਫਲਡ ਕੰਟਰੋਲ ਰੂਮ ਦਾ ਨੰਬਰ 01763232838 ਹੈ।