5 Dariya News

ਲੋਕ ਸੰਪਰਕ ਮੰਤਰੀ ਜੌੜਾਮਾਜਰਾ ਨੇ ਵਿਧਾਇਕ ਕੋਹਲੀ ਨਾਲ ਰਾਹਤ ਕੈਂਪ 'ਚ ਰਹਿ ਰਹੇ ਲੋਕਾਂ ਦਾ ਹਾਲ-ਚਾਲ ਜਾਣਿਆ

ਜੌੜਾਮਾਜਰਾ ਤੇ ਕੋਹਲੀ ਨੇ ਲੰਗਰ ਦੀ ਕੀਤੀ ਸੇਵਾ

5 Dariya News

ਪਟਿਆਲਾ 11-Jul-2023

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਭਾਰੀ ਮੀਂਹ ਦੇ ਮੱਦੇਨਜ਼ਰ ਪੈਦਾ ਹੋਈ ਇਸ ਬਿਪਤਾ ਦੀ ਘੜੀ ਵਿੱਚ ਪੰਜਾਬ ਸਰਕਾਰ ਲੋਕਾਂ ਦੀ ਮਦਦ ਲਈ ਢਾਲ ਬਣ ਕੇ ਖੜ੍ਹੀ ਹੈ। ਉਹ ਅੱਜ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਨਾਲ ਪ੍ਰੇਮ ਬਾਗ ਪੈਲੇਸ ਪਟਿਆਲਾ ਵਿਖੇ ਬਣੇ ਆਰਜ਼ੀ ਰਾਹਤ ਕੈਂਪ ਵਿੱਚ ਪਹੁੰਚੇ ਹੋਏ ਸਨ। 

ਇਸ ਮੌਕੇ ਉਨ੍ਹਾਂ ਇੱਥੇ ਰਹਿ ਰਹੇ ਲੋਕਾਂ ਨੂੰ ਆਪਣੇ ਹੱਥੀਂ ਜ਼ਰੂਰੀ ਵਰਤੋਂ ਦਾ ਸਮਾਨ ਦਿੱਤਾ ਅਤੇ ਲੰਗਰ ਦੀ ਸੇਵਾ ਕਰਨ ਤੋਂ ਇਲਾਵਾ ਉਹਨਾਂ ਨਾਲ ਗੱਲਬਾਤ ਵੀ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਮੁੱਚੀ ਪੰਜਾਬ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਦੇ ਨਾਲ ਖੜ੍ਹੀ ਹੈ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪੂਰੀ ਤਨਦੇਹੀ ਨਾਲ ਰਾਹਤ ਕਾਰਜ ਨੇਪਰੇ ਚਾੜ੍ਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਰਜ਼ੀ ਰਾਹਤ ਕੈਂਪ ਵਿੱਚ ਸਹੂਲਤਾਂ ਪੱਖੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। 

ਉਨ੍ਹਾਂ ਅਫਵਾਹਾਂ 'ਤੇ ਯਕੀਨ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਹਾਸਲ ਕਰਨ ਲਈ ਕੰਟਰੋਲ ਰੂਮ ਦੇ ਨੰਬਰ 0175-2350550 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਵਿਅਕਤੀਆਂ ਲਈ ਹਲਕਾ ਵਿਧਾਇਕਾਂ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀ ਜ਼ਮੀਨੀ ਪੱਧਰ 'ਤੇ ਰਾਹਤ ਕਾਰਜਾਂ ਵਿੱਚ ਜੁਟੇ ਹੋਏ ਹਨ ਅਤੇ ਜ਼ਿਲ੍ਹਾ ਵਾਸੀਆਂ ਨੂੰ ਅੱਗੇ ਆ ਕੇ ਸਾਥ ਦੇਣਾ ਚਾਹੀਦਾ ਹੈ।

ਇਸ ਮੌਕੇ ਵਿਧਾਇਕ ਅਜੀਤ ਸਿੰਘ ਕੋਹਲੀ, ਸਹਾਇਕ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਇਸ ਰਾਹਤ ਕੈਂਪ ਵਿੱਚ ਵੱਡਾ ਅਰਾਈਮਾਜਰਾ ਤੇ ਗੋਪਾਲ ਕਲੋਨੀ ਦੇ ਲੋਕਾਂ ਨੂੰ ਰੱਖਿਆ ਗਿਆ ਹੈ, ਜਿਨ੍ਹਾਂ  ਦੀ ਸੇਵਾ ਲਈ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਮਿਲਕੇ ਉਚੇਚੇ ਯਤਨ ਕੀਤੇ ਜਾ ਰਹੇ ਹਨ।