ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ” ਮੁਹਿੰਮ ਅਧੀਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤੀਆਂ ਗਤੀਵਿਧੀਆਂ : ਸਿਵਲ ਸਰਜਨ
ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰ ਵਿਚ ਘਰ ਘਰ ਜਾ ਕੇ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਕੀਤਾ ਗਿਆ ਜਾਗਰੁਕ :ਡਾ. ਵਰੁਣ ਵਰਮਾ ਜਿਲ੍ਹਾ ਐਪੀਡੀਮੋਲੋਜਿਸਟ
5 Dariya News
ਸ੍ਰੀ ਮੁਕਤਸਰ ਸਾਹਿਬ 21-Jul-2023
ਸਿਹਤ ਵਿਭਾਗ ਵੱਲੋਂ ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਅਤੇ ਡਾ. ਵਰੁਣ ਵਰਮਾ ਜਿਲ੍ਹਾ ਐਪੀਡੀਮੋਲੋਜਿਸਟ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ” ਮੁਹਿੰਮ ਅਧੀਨ ਗਤੀਵਿਧੀਆਂ ਕੀਤੀਆਂ ਗਈਆਂ।
ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ” ਅਧੀਨ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਤਹਿਤ ਸਮਾਗਮ ਅਤੇ ਮੀਟਿੰਗਾਂ ਕਰਕੇ ਅਤੇ ਘਰ ਘਰ ਪਹੁੰਚ ਕਰਕੇ ਲੋਕਾਂ ਨੂੰ ਇਸ ਮੁਹਿੰਮ ਸਬੰਧੀ ਜਾਗਰੁਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾ ਅਤੇ ਹੋਰ ਪਾਣੀ ਦੇ ਸੋਮਿਆਂ ਨੂੰ ਇਕ ਵਾਰ ਖਾਲੀ ਕਰਕੇ ਸੁਕਾ ਕੇ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ।
ਇਸ ਸਬੰਧ ਵਿਚ ਡਾ ਵਰੁਣ ਵਰਮਾ ਜਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕਿ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ” ਮੁਹਿੰਮ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਅੱਜ ਮਲੋਟ ਰੋਡ ਤੇ ਸਥਿਤ ਸਰਕਾਰੀ ਦਫਤਰਾਂ, ਬੱਸ ਸਟੈਂਡ, ਵਰਕਸ਼ਾਪ, ਟਾਇਰਾਂ ਦੀਆਂ ਦੁਕਾਨਾ ਅਤੇ ਨਰਸਰੀਆਂ ਵਿਖੇ ਜਾ ਕੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਜਾਗਰੁਕ ਕਰਨ ਲਈ ਪੈਫਲਿਟ ਵੰਡੇ ਗਏ ਅਤੇ ਪਾਣੀ ਦੇ ਸਰੋਤਾਂ ਨੂੰ ਮੌਕੇ ਤੇ ਖਾਲੀ ਕਰਵਾਇਆ ਗਿਆ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਖਾਲੀ ਕਰਕੇ ਸੁਕਾਉਣ ਉਪਰੰਤ ਵਰਤਣ ਲਈ ਪਰੇਰਿਤ ਕੀਤਾ ਗਿਆ।
ਉਨ੍ਹਾ ਦੱਸਿਆ ਕਿ ਸਿਹਤ ਵਿਭਾਗ ਦੀਆ ਟੀਮਾ ਵਲੋਂ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ।ਡੇਂਗੂ ਅਤੇ ਮਲੇਰੀਆ ਦੀ ਬੀਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ।
ਘਰਾਂ ਵਿੱਚ ਵਾਧੂ ਪਏ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਆਦਿ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।
ਇਸ ਸਮੇਂ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ ਅਤੇ ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।
ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।ਇਸ ਮੌਕੇ ਸਿਹਤ ਵਰਕਰ ਸ਼ਮਸ਼ੇਰ ਸਿੰਘ,ਗੁਰਸੇਵਕ ਸਿੰਘ, ਗੁਰਜੀਤ ਸਿੰਘ ਅਤੇ ਬ੍ਰੀਡਿੰਗ ਚੈਕਰ ਹਾਜ਼ਰ ਸਨ।