5 Dariya News

ਹੜ੍ਹ ਪੀੜਤ ਕਿਸਾਨਾਂ ਦੀ ਮੱਦਦ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਚਨਬੱਧ : ਡਾ. ਰਜਿੰਦਰ ਕੁਮਾਰ

ਕਿਸਾਨ ਮੁਫ਼ਤ ਬੀਜ ਲੈਣ ਲਈ ਨੇੜਲੇ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰਨ

5 Dariya News

ਫ਼ਿਰੋਜ਼ਪੁਰ 21-Jul-2023

ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਕਿਸਾਨੀ ਹਿੱਤ ਸੋਚ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਵਿੰਦਰ ਸਿੰਘ ਦੇ ਯਤਨਾਂ ਸਦਕਾ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ 100 ਕੁਇੰਟਲ ਝੋਨੇ/ਬਾਸਮਤੀ ਦਾ ਬੀਜ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐੱਸ ਦੀ ਰਹਿਨੁਮਾਈ ਹੇਠ ਹੜ੍ਹ ਪੀੜਤ ਕਿਸਾਨਾਂ ਨੂੰ ਮੁਫਤ ਵੰਡਿਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਜਿੰਦਰ ਕੁਮਾਰ ਕੰਬੋਜ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਕਾਫ਼ੀ ਰਕਬਾ ਭਾਰੀ ਬਾਰਿਸ਼ਾਂ ਦੇ ਚੱਲਦੇ ਅਤੇ ਸਤਲੁਜ ਦਰਿਆ ਵਿੱਚ ਆਏ ਪਾਣੀ ਕਾਰਨ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਹੈ ਅਤੇ ਇਸ ਰਕਬੇ ਵਿੱਚ ਕਿਸਾਨਾਂ ਨੂੰ ਦੋਬਾਰਾ ਤੋਂ ਝੋਨੇ/ਬਾਸਮਤੀ ਦੀ ਫਸਲ ਦੀ ਬਿਜਾਈ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਇਸ ਮੁਸ਼ਕਿਲ ਦੀ ਘੜੀ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਲਈ ਵਚਨਬੱਧ ਹੈ, ਜਿਸ ਦੀ ਲੜੀ ਵਿੱਚ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਫਿਰੋਜ਼ਪੁਰ ਵੱਲੋਂ ਹੜ੍ਹ ਪੀੜਤ ਕਿਸਾਨਾਂ ਦੀ ਮੱਦਦ ਲਈ ਝੋਨੇ ਦੀ ਕਿਸਮ ਪੀ.ਆਰ. 126 ਅਤੇ ਬਾਸਮਤੀ ਦੀ ਕਿਸਮ ਪੂਸਾ 1509 (ਘੱਟ ਸਮਾਂ ਲੈਣ ਵਾਲੀਆਂ ਕਿਸਮਾਂ) ਦਾ ਬੀਜ ਕਿਸਾਨਾਂ ਨੂੰ ਮੁਫਤ ਮੁਹੱਈਆ ਕਰਵਾਇਆ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਕਿਸਮਾਂ ਦਾ ਬੀਜ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਬਲਾਕ ਖੇਤੀਬਾੜੀ ਦਫਤਰਾਂ ਵਿੱਚ ਪਹੁੰਚ ਗਿਆ ਹੈ ਅਤੇ ਲੋੜਵੰਦ ਕਿਸਾਨ ਬੀਜ ਲੈਣ ਲਈ ਆਪਣੇ ਨੇੜਲੇ ਬਲਾਕ ਖੇਤੀਬਾੜੀ ਦਫਤਰ ਨਾਲ ਰਾਬਤਾ ਕਾਇਮ ਕਰਕੇ ਬੀਜ ਨੂੰ ਮੁਫਤ ਪ੍ਰਾਪਤ ਕਰ ਸਕਦੇ ਹਨ। ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜਿਹੜੇ ਕਿਸਾਨ ਹੜ੍ਹ ਪੀੜਤ ਕਿਸਾਨਾਂ ਦੀ ਮੱਦਦ ਲਈ ਪਨੀਰੀ ਦੀ ਬਿਜਾਈ ਕਰ ਰਹੇ ਹਨ, ਉਨ੍ਹਾਂ ਕਿਸਾਨਾਂ ਦੀਆਂ ਸੂਚੀਆਂ ਵੀ ਬਲਾਕ ਖੇਤੀਬਾੜੀ ਦਫਤਰਾਂ ਵਿੱਚ ਉਪਲੱਬਧ ਕਰਵਾ ਦਿੱਤੀਆਂ ਜਾਣਗੀਆਂ ਅਤੇ ਕਿਸਾਨ ਵੱਟਸਐਪ ਗਰੁੱਪ ਵਿੱਚ ਵੀ ਸਾਂਝੀਆਂ ਕਰ ਦਿੱਤੀਆਂ ਜਾਣਗੀਆਂ। 

ਹੜ ਪੀੜਤ ਕਿਸਾਨ ਇਨ੍ਹਾਂ ਕਿਸਾਨਾਂ ਨਾਲ ਰਾਬਤਾ ਕਰਕੇ ਮੁਫਤ ਪਨੀਰੀ ਲੈ ਕੇ ਆਪਣੀ ਫਸਲ ਦੀ ਬਿਜਾਈ ਕਰ ਸਕਦੇ ਹਨ।