5 Dariya News

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਹਦਾਇਤਾਂ ਜਾਰੀ

ਵਾਹਨਾਂ ਦੀ ਨਿਯਮਤ ਜਾਂਚ ਦੇ ਨਾਲ-ਨਾਲ ਜ਼ਿਲ੍ਹੇ ‘ਚ ਅਣਸੁਰੱਖਿਅਤ ਸਥਾਨਾਂ ‘ਤੇ ਤੁਰੰਤ ਕੀਤੀ ਜਾਵੇ ਲੋੜੀਂਦੀ ਕਾਰਵਾਈ: ਡਿਪਟੀ ਕਮਿਸ਼ਨਰ

5 Dariya News

ਸੰਗਰੂਰ 02-Aug-2023

ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਵਿੱਚ ਆਰ.ਟੀ.ਏ, ਪੁਲਿਸ ਦੇ ਨਾਲ-ਨਾਲ ਹੋਰਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਾਹਨਾਂ ਦੀ ਨਿਯਮਤ ਜਾਂਚ ਕਰਨ ਦੇ ਨਾਲ-ਨਾਲ ਰਾਹਗੀਰਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਅਣਸੁਰੱਖਿਅਤ ਥਾਂਵਾਂ ‘ਤੇ ਹਾਦਸੇ ਵਾਪਰਨ ਤੋਂ ਰੋਕਣ ਲਈ ਤੁਰੰਤ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਭ ਤੋਂ ਪਹਿਲਾਂ ਜ਼ਿਲ੍ਹੇ ਦੀਆਂ ਸੜਕਾਂ ‘ਤੇ ਸਾਰੀਆਂ ਅਣਸੁਰੱਖਿਅਤ ਥਾਂਵਾਂ ਦੀ ਨਿਸ਼ਾਨਦੇਹੀ ਕੀਤੀ ਜਾਵੇ ਅਤੇ ਇਸ ਤੋਂ ਬਾਅਦ ਸਬੰਧਤ ਵਿਭਾਗ ਸਮਾਂਬੱਧ ਢੰਗ ਨਾਲ ਇਨ੍ਹਾਂ ਨੂੰ ਸੁਰੱਖਿਅਤ ਬਣਾਉਣ ਲਈ ਕੰਮ ਕਰਨ। ਉਨ੍ਹਾਂ ਹਦਾਇਤ ਕੀਤੀ ਕਿ ਇਸ ਕਾਰਵਾਈ ਦੀ ਰਿਪੋਰਟ ਨਿਯਮਤ ਤੌਰ ‘ਤੇ ਉਨ੍ਹਾਂ ਨੂੰ ਭੇਜੀ ਜਾਵੇ ਤਾਂ ਜੋ ਇਨ੍ਹਾਂ ਦਾ ਸਹੀ ਹੱਲ ਯਕੀਨੀ ਬਣਾਇਆ ਜਾ ਸਕੇ।

ਡੀ.ਸੀ. ਜਤਿੰਦਰ ਜੋਰਵਾਲ ਨੇ ਸਮੂਹ ਐਸ.ਡੀ.ਐਮਜ਼ ਨੂੰ ਜ਼ਿਲ੍ਹੇ ‘ਚ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਇੰਨ-ਬਿੰਨ ਢੰਗ ਨਾਲ ਲਾਗੂ ਕਰਵਾਉਣ ਲਈ ਗਤੀਵਿਧੀਆਂ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਪਾਲਿਸੀ ਦੀ ਪਾਲਣਾ ਨਾ ਕਰਨ ਵਾਲੇ ਸਕੂਲਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਜੇਕਰ ਕੋਈ ਸਕੂਲੀ ਵਾਹਨ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਵੇ ਤਾਂ ਤੁਰੰਤ ਇਸਨੂੰ ਇਮਪਾਉਂਡ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀ ਇਹ ਵੀ ਯਕੀਨੀ ਬਣਾਉਣ ਕਿ ਸਕੂਲੀ ਵਾਹਨ ਚਲਾਉਣ ਵਾਲੇ ਡਰਾਇਵਰ ਤੇ ਸਹਿਯੋਗੀ ਦੀ ਪੁਲਿਸ ਵੈਰੀਫਿਕੇਸ਼ਨ ਵੀ ਲਾਜ਼ਮੀ ਹੋਈ ਹੋਵੇ ਤਾਂ ਜੋ ਕਿਸੇ ਵੀ ਅਣਸੁਖਾਵੇਂ ਹਾਦਸੇ ਤੋਂ ਬਚਿਆ ਜਾ ਸਕੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ ਆਰ.ਟੀ.ਏ. ਵਿਨੀਤ ਕੁਮਾਰ, ਐਸ.ਡੀ.ਐਮ. ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਲਹਿਰਾ ਸੂਬਾ ਸਿੰਘ, ਐਸ.ਡੀ.ਐਮ. ਸੁਨਾਮ ਜਸਪ੍ਰੀਤ ਸਿੰਘ, ਐਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ. ਧੂਰੀ ਅਮਿਤ ਗੁਪਤਾ, ਡੀ.ਐਸ.ਪੀ. ਸੁਖਦੇਵ ਸਿੰਘ, ਜ਼ਿਲ੍ਹਾ ਟਰੈਫਿਕ ਇੰਚਾਰਜ ਪਵਨ ਕੁਮਾਰ ਸ਼ਰਮਾ ਤੇ ਜ਼ਿਲ੍ਹਾ ਸਿਹਤ ਤੇ ਪਰਿਵਾਰ ਭਲਾਈ ਅਫ਼ਸਰ ਡਾ. ਇੰਦਰਜੀਤ ਸਿੰਗਲਾ ਵੀ ਹਾਜ਼ਰ ਸਨ।