5 Dariya News

ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ : ਬਲਦੀਪ ਕੌਰ

ਕੈਬਨਿਟ ਮੰਤਰੀ ਸ੍ਰੀ ਚੇਤਨ ਸਿੰਘ ਜੌੜਮਾਜਰਾ ਅਦਾ ਕਰਨਗੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ

5 Dariya News

ਤਰਨ ਤਾਰਨ 03-Aug-2023

ਡਿਪਟੀ ਕਮਿਸ਼ਨਰ ਬਲਦੀਪ ਕੌਰ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪ੍ਰਬਧੰਕੀ ਕੰਪਲੈਕਸ ਤਰਨ ਤਾਰਨ ਵਿਖੇ ਆਜ਼ਾਦੀ ਦਿਵਸ ਦੇ ਮੌਕੇ ‘ਤੇ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਹੋਈ।

ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਭਿੱਖੀਵਿੰਡ ਅਨਿਲ ਗੁਪਤਾ, ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਜਸਜੀਤ ਕੌਰ, ਜ਼ਿਲ੍ਹਾ  ਯੂਥ ਅਫ਼ਸਰ ਮੈਡਮ ਜਸਲੀਨ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਬਚਨ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਸ਼ਾਨੋ-ਸ਼ੌਕਤ ਮਨਾਇਆ ਜਾਵੇਗਾ।ਉਹਨਾਂ ਦੱਸਿਆ ਕਿ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਸ੍ਰੀ ਚੇਤਨ ਸਿੰਘ ਜੌੜਮਾਜਰਾ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।ਉਹਨਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਫੁੱਲ ਡਰੈੱਸ ਰਿਹਰਸਲ 11 ਅਗਸਤ ਨੂੰ ਹੋਵੇਗੀ।

ਉਹਨਾਂ ਦੱਸਿਆ ਕਿ ਆਜ਼ਾਦੀ ਦਿਵਸ ਸਮਾਰੋਹ ਮੌਕੇ ਸਕੂਲੀ ਬੱਚਿਆਂ ਵੱਲੋਂ ਦੇਸ਼-ਭਗਤੀ ਨਾਲ ਭਰਪੂਰ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਪੰਜਾਬ ਪੁਲਿਸ, ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼, ਐੱਨ. ਸੀ. ਸੀ. ਕੈਡਿਟਜ਼ ਅਤੇ ਸਕਾਊਟਸ ਤੇ ਗਰਲ ਗਾਈਡਜ਼ ਵੱਲੋਂ ਮਾਰਚ ਪਾਸਟ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਸਕੂਲੀ ਬੱਚਿਆਂ ਦਾ ਪੀ. ਟੀ. ਸ਼ੋਅ ਵੀ ਹੋਵੇਗਾ।

ਉਨਾਂ ਦੱਸਿਆ ਕਿ ਇਸ ਮੌਕੇ ਆਜ਼ਾਦੀ ਘੁਲਾਟੀਆਂ ਅਤੇ ਉਹਨਾਂ ਦੇ ਵਾਰਸਾਂ, ਜ਼ਿਲੇ ਦੇ ਵੱਖ-ਵੱਖ ਖੇਤਰਾਂ ਵਿੱਚ ਅਹਿਮ ਪ੍ਰਾਪਤੀਆਂ ਕਰਨ ਵਾਲੇ ਵਿਅਕਤੀਆਂ ਤੋਂ ਇਲਾਵਾ ਵਿੱਦਿਆ ਅਤੇ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਰਾਸ਼ਟਰੀ ਮਹੱਤਤਾ ਵਾਲੇ ਇਸ ਦਿਹਾੜੇ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਾਲ ਨਿਭਾਉਣ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੁਲਿਸ ਲਾਈਨ ਦੇ ਨਾਲ-ਨਾਲ ਸਾਰੇ ਸ਼ਹਿਰ ਦੀ ਸਫ਼ਾਈ ਕਰਵਾਉਣ ਅਤੇ ਅਤੇ ਆਜ਼ਾਦੀ ਦਿਹਾੜੇ ਦੇ ਦਿਨ ਸ਼ਹਿਰ ਦੇ ਚੌਂਕਾਂ ਦੀ ਵਿਸ਼ੇਸ਼ ਸਜਾਵਟ ਕੀਤੀ ਜਾਵੇ।