5 Dariya News

ਸਰਕਾਰ ਵੱਲੋਂ ਔਰਤਾਂ ਨੂੰ ਹਰੇਕ ਮਹੀਨੇ ਇੱਕ ਹ਼ਜਾਰ ਰੁਪਏ ਦੇਣ ਦਾ ਵਾਅਦਾ ਜਲਦੀ ਹੋਵੇਗਾ ਪੂਰਾ: ਬਲਜਿੰਦਰ ਕੌਰ

ਸਿਆਸੀ ਪਾਰਟੀਆਂ ਵੱਲੋਂ ਬਣਾਇਆ ਗਿਆ ਇੰਡੀਆ ਗਠਜੋੜ ਦੇਸ਼ ਲਈ ਬਹੁਤ ਜਰੂਰੀ

5 Dariya News

ਫ਼ਤਹਿਗੜ੍ਹ ਸਾਹਿਬ 04-Sep-2023

ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪਾਰਟੀ ਦੀ ਚੀਫ ਵੀਪ੍ਹ ਸ਼੍ਰੀਮਤੀ ਬਲਜਿੰਦਰ ਕੌਰ ਨੇ ਅੱਜ ਪਾਰਟੀ ਆਗੂ ਖੁਸ਼ਪ੍ਰੀਤ ਸਿੰਘ ਟਿਵਾਣਾ ਦੀ ਮੌਤ ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੀਮਤੀ ਬਲਜਿੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਜੋ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਉਹ ਬਹੁਤ ਜਲਦੀ ਪੂਰਾ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਲੋਕਾਂ ਨੇ ਉਮੀਦਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ ਤਾਂ ਸਰਕਾਰ ਦਾ ਵੀ ਫਰਜ਼ ਬਣਦਾ ਹੈ ਕਿ ਉਹ ਲੋਕਾਂ ਦੀਆਂ ਆਸਾਂ ਤੇ ਖਰਾ ਉਤਰੇ। 

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸਿਆਸੀ ਪਾਰਟੀਆਂ ਵੱਲੋਂ ਬਣਾਇਆ ਗਿਆ ਇੰਡੀਆ ਗਠਜੋੜ ਦੇਸ਼ ਲਈ ਬਹੁਤ ਜਰੂਰੀ ਹੈ ਅਤੇ ਇਸ ਵਿੱਚ ਜੋ ਕੁਝ ਵੀ ਹੋਵੇਗਾ ਉਹ ਲੋਕਾਂ ਦੀ ਭਲਾਈ ਲਈ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਜੋ ਗਠਜੋੜ ਕਰਨ ਦਾ ਫੈਸਲਾ ਕੀਤਾ ਗਿਆ ਹੈ ਉਹ ਦੇਸ਼ ਅਤੇ ਲੋਕਾਂ ਦੀ ਭਲਾਈ ਲਈ ਹੀ ਕੀਤਾ ਗਿਆ ਹੈ ਜਿਸ ਦੇ ਆਉਣ ਵਾਲੇ ਸਮੇਂ ਅੰਦਰ ਵਧੀਆ ਨਤੀਜੇ ਸਾਹਮਣੇ ਆਉਣਗੇ।

ਸਵਰਗੀ ਖੁਸ਼ਪ੍ਰੀਤ ਸਿੰਘ ਟਿਵਾਣਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਬੀਬੀ ਬਲਜਿੰਦਰ ਕੌਰ ਨੇ ਕਿਹਾ ਕਿ ਸ. ਟਿਵਾਣਾ ਇੱਕ ਮਿਹਨਤੀ ਤੇ ਸਾਫ ਸੁਥਰੀ ਸਖਸ਼ੀਅਤ ਦੇ ਮਾਲਕ ਸਨ ਜਿਨ੍ਹਾਂ ਨੇ ਹਮੇਸ਼ਾਂ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੌਤ ਨਾਲ ਜਿਥੇ ਪਰਿਵਾਰ ਨੁੰ ਵੱਡਾ ਘਾਟਾ ਪਿਆ ਹੈ ਉਥੇ ਹੀ ਪਾਰਟੀ ਨੇ ਵੀ ਇੱਕ ਮਿਹਨਤੀ ਵਰਕਰ ਗੁਆ ਲਿਆ ਹੈ। 

ਇਸ ਮੌਕੇ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਤੋਂ ਇਲਾਵਾ ਪਾਰਟੀ ਵਰਕਰ ਵੱਡੀ ਗਿਣਤੀ ਵਿੱਚ ਹਾਜਰ ਸਨ।