ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਪਲੀਤ ਹੋਣ ਤੋਂ ਬਚਾਉਣ ਦੀ ਅਪੀਲ
ਡਿਪਟੀ ਕਮਿਸ਼ਨਰ ਵੱਲੋਂ ਸਰਪੰਚਾਂ / ਪੰਚਾਇਤਾਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ
5 Dariya News
ਫਿਰੋਜ਼ਪੁਰ 22-Sep-2023
ਜ਼ਿਲ੍ਹੇ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਜਾਂ ਪਰਾਲ਼ੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਸਮੂਹ ਪੰਚਾਇਤਾਂ ਦੇ ਸਹਿਯੋਗ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਵੱਲੋਂ ਸਮੂਹ ਸਰਪੰਚਾਂ/ਪੰਚਾਇਤਾਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਸ਼ਰਮਾ, ਐਸ.ਡੀ.ਐਮ. ਸ. ਗੁਰਮੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀ ਸੂਰਜ, ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਰਜਿੰਦਰ ਕੁਮਾਰ ਕੰਬੋਜ ਵੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਮੂਹ ਸਰਪੰਚਾਂ ਕੋਲੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਸਭ ਤੋਂ ਪਹਿਲਾਂ ਉਹ ਆਪਣੇ ਪਿੰਡਾਂ ਦੇ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ।
ਉਨ੍ਹਾਂ ਕਿਹਾ ਕਿ ਹਾਲਾਂਕਿ ਸਾਲ 2021-22 ਦੇ ਮੁਕਾਬਲੇ 2022-23 ਦੌਰਾਨ ਪਰਾਲ਼ੀ ਸਾੜਣ ਦੀਆਂ ਘਟਨਾਵਾਂ ਵਿਚ ਕਮੀ ਆਈ ਹੈ ਪਰੰਤੂ ਅਜੇ ਵੀ ਇਸ ਰੁਝਾਨ ਨੂੰ ਪੂਰੀ ਤਰ੍ਹਾਂ ਨਾਲ ਰੋਕਣ ਲਈ ਹੋਰ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਦੀ ਨਿਪਟਾਰੇ ਲਈ ਜ਼ਿਲ੍ਹੇ ਅੰਦਰ 12000 ਮਸ਼ੀਨਾਂ ਉਪਲੱਬਧ ਹਨ ਜੋ ਕਿ ਛੋਟੇ ਕਿਸਾਨਾਂ ਨੂੰ ਬਿਲਕੁਲ ਮੁਫ਼ਤ ਉਪਲੱਬਧ ਕਰਵਾਈਆਂ ਜਾਂਦੀਆਂ ਹਨ।
ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ i-Khet Punjab ਮੋਬਾਈਲ ਐਪਲੀਕੇਸ਼ਨ ‘ਤੇ ਆਪਣੇ ਆਪ ਨੂੰ ਰਜਿਸਟਰ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਇਸ ਐਪਲੀਕੇਸ਼ਨ ਰਾਹੀਂ ਲੋੜੀਂਦੀ ਮਸ਼ੀਨਰੀ ਲਈ ਮੰਗ ਕੀਤੀ ਜਾ ਸਕਦੀ ਹੈ ਜੋ ਕਿ ਸਰਕਾਰ ਵੱਲੋਂ ਸਭ ਤੋਂ ਘੱਟ ਰੇਟ ਤੇ ਲੋੜਵੰਦ ਕਿਸਾਨਾਂ ਨੂੰ ਉਪਲੱਬਧ ਕਰਾਈ ਜਾਂਦੀ ਹੈ।
ਉਨ੍ਹਾਂ ਪਰਾਲੀ ਨੂੰ ਸਾੜ੍ਹਨ ਦੇ ਮਾੜੇ ਪ੍ਰਭਾਵਾਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਜ਼ਮੀਨ ਦੇ ਖੁਰਾਕੀ ਤੱਤ ਜਿਵੇਂ ਨਾਈਟਰੋਜਨ, ਫਾਸਫੋਰਸ, ਗੰਧਕ ਅਤੇ ਪੋਟਾਸ਼ ਸੜ ਜਾਂਦੇ ਹਨ ਅਤੇ ਕੁਦਰਤੀ ਸੋਮਿਆਂ ਦਾ ਨੁਕਸਾਨ ਹੁੰਦਾ ਹੈ ਜਿਸ ਕਾਰਨ ਜਮੀਨ ਦੀ ਉਪਜਾਊ ਸ਼ਕਤੀ ਨਸ਼ਟ ਹੋ ਜਾਂਦੀ ਹੈ। ਪਰਾਲੀ ਸਾੜਣ ਨਾਲ ਪੈਦਾ ਹੋਏ ਜਹਿਰੀਲੇ ਧੂੰਏ/ਗੈਸਾਂ ਕਾਰਨ ਸਮੁੱਚੀ ਮਨੁੱਖਤਾ ਅਤੇ ਜੀਵ ਜੰਤੂਆਂ ਦੀ ਸਿਹਤ ਤੇ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ।
ਇਸ ਨਾਲ ਸੜਕਾਂ ਦੇ ਕੰਢਿਆਂ ਤੇ ਲੱਗੇ ਰੁੱਖ ਸੜ ਜਾਂਦੇ ਹਨ ਅਤੇ ਇਸ ਤੋਂ ਪੈਦਾ ਹੋਏ ਧੁੰਏ ਨਾਲ ਐਕਸੀਡੈਂਟਾਂ ਦਾ ਸਬਬ ਬਣਦੇ ਹਨ ਜਿਸ ਨਾਲ ਹਰ ਸਾਲ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਇਸ ਲਈ ਉਨ੍ਹਾਂ ਜ਼ਿਲ੍ਹੇ ਦੇ ਸਾਰੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਅਹਿਦ ਕਰਨ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ ਨੇ ਸਮੂਹ ਸਰਪੰਚਾਂ ਨੂੰ ਕਿਹਾ ਕਿ ਉਹ 100 ਫੀਸਦੀ ਯਕੀਨੀ ਬਣਾਉਣ ਕਿ ਇਸ ਵਾਰ ਉਨਾਂ ਦੇ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਨਹੀਂ ਲੱਗੇਗੀ। ਉਨ੍ਹਾਂ ਕਿਹਾ ਕਿ ਜਿਹੜੇ ਹਾਟ-ਸਪਾਟ ਪਿੰਡਾਂ 'ਚੋਂ ਇਸ ਵਾਰ ਇੱਕ ਵੀ ਅੱਗ ਲੱਗਣ ਦੀ ਘਟਨਾ ਨਹੀ ਵਾਪਰੇਗੀ, ਉਨ੍ਹਾਂ ਪੰਚਾਇਤਾਂ/ਆਦਰਸ਼ ਪਿੰਡਾਂ ਨੂੰ 3 ਲੱਖ, 2 ਲੱਖ ਅਤੇ 1 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ ਅਤੇ ਨਾਲ ਹੀ ਉਸ ਪਿੰਡ ਦੇ ਸਰਪੰਚ ਤੇ ਪੰਚ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਅਤੇ ਸਕੂਲਾਂ ਵਿਚ ਲੋਕਾਂ ਨੂੰ ਪਰਾਲੀ ਨਾ ਸਾੜ੍ਹਨ ਲਈ ਪ੍ਰੇਰਿਤ ਕਰਨ ਵਾਸਤੇ ਖੇਤੀਬਾੜੀ ਵਿਭਾਗ ਵੱਲੋਂ ਸਲੋਗਨ ਲਗਵਾਏ ਜਾਣਗੇ। ਮੀਟਿੰਗ ਦੌਰਾਨ ਹਾਜ਼ਰ ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿੱਤਾ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਇਸ ਮੁਹਿੰਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਦਾ ਪੂਰਾ ਸਹਿਯੋਗ ਕਰਨਗੇ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ. ਚਮਕੌਰ ਸਿੰਘ ਸਰਾਂ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿੱ) ਸ੍ਰੀ ਸਤੀਸ਼ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਗਟ ਸਿੰਘ ਬਰਾੜ ਤੋਂ ਇਲਾਵਾ ਸਮੂਹ ਸਰਪੰਚ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।