5 Dariya News

ਕੈਬਨਿਟ ਮੰਤਰੀ ਮੀਤ ਹੇਅਰ ਵਲੋਂ ਜਾਰੀ 1.20 ਕਰੋੜ ਦੀ ਗ੍ਰਾਂਟ ਨਾਲ ਨਗਰ ਕੌਂਸਲ ਬਰਨਾਲਾ ਨੂੰ ਮਿਲੀਆਂ 15 ਗੱਡੀਆਂ

ਮੰਤਰੀ ਮੀਤ ਹੇਅਰ ਨੇ ਟਾਟਾ ਏਸ ਗੱਡੀਆਂ ਨੂੰ ਦਿਖਾਈ ਹਰੀ ਝੰਡੀ

5 Dariya News

ਬਰਨਾਲਾ 24-Sep-2023

ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਬਰਨਾਲਾ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਵਿੱਚ ਸੁਧਾਰ ਲਈ ਜਾਰੀ ਕੀਤੀ ਗ੍ਰਾਂਟ ਨਾਲ ਨਗਰ ਕੌਂਸਲ ਬਰਨਾਲਾ ਨੂੰ 1.20 ਕਰੋੜ ਦੀ ਲਾਗਤ ਨਾਲ 15 ਟਾਟਾ ਏਸ ਗੱਡੀਆਂ ਮਿਲੀਆਂ ਹਨ, ਜਿਨ੍ਹਾਂ ਨੂੰ ਅੱਜ ਮੰਤਰੀ ਮੀਤ ਹੇਅਰ ਵਲੋਂ ਰਵਾਨਾ ਕੀਤਾ ਗਿਆ।

ਅੱਜ ਰੇਲਵੇ ਸਟੇਸ਼ਨ ਬਰਨਾਲਾ ਤੋਂ ਗੱਡੀਆਂ ਨੂੰ ਹਰੀ ਝੰਡੀ ਦਿਖਾਉਣ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ਹਿਰਾਂ ਅਤੇ ਪਿੰਡਾਂ ਦੇ ਢਾਂਚੇ ਵਿੱਚ ਚਹੁੰਪੱਖੀ ਸੁਧਾਰ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਇਸ ਤਹਿਤ ਸ਼ਹਿਰਾਂ ਵਿੱਚ ਸਫ਼ਾਈ ਪ੍ਰਬੰਧ ਪੁਖ਼ਤਾ ਬਣਾਉਣ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸੇ ਮਿਸ਼ਨ ਤਹਿਤ ਨਗਰ ਕੌਂਸਲ ਬਰਨਾਲਾ ਨੂੰ ਗਿੱਲਾ ਅਤੇ ਸੁੱਕਾ ਕੂੜਾ ਵੱਖੋ-ਵੱਖ ਇਕੱਠਾ ਕਰਨ ਲਈ ਦਿੱਤੀਆਂ 15 ਗੱਡੀਆਂ ਨੂੰ ਰਵਾਨਾ ਕੀਤਾ ਗਿਆ ਹੈ ਜਿਨ੍ਹਾਂ ਨਾਲ ਬਰਨਾਲਾ ਸ਼ਹਿਰ ਵਿੱਚ ਸਫ਼ਾਈ ਪ੍ਰਬੰਧ ਬਿਹਤਰ ਹੋਣਗੇ ਅਤੇ ਲੋਕਾਂ ਨੂੰ ਕੂੜੇ ਦੇ ਢੇਰਾਂ ਤੋਂ ਛੁਟਕਾਰਾ ਮਿਲੇਗਾ।

ਉਨ੍ਹਾਂ ਕਿਹਾ ਕਿ ਇਹ ਮਿਸ਼ਨ ਸਿਰਫ ਇਕ ਵਿਭਾਗ ਦੇ ਕੰਮ ਕਰਨ ਨਾਲ ਹੀ ਸਫਲ ਨਹੀਂ ਹੋਣਾ ਬਲਕਿ ਹਰ ਸ਼ਹਿਰ ਵਾਸੀ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਪਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਸੁੱਕਾ ਅਤੇ ਗਿੱਲਾ ਕੂੜਾ ਅਲੱਗ ਅਲੱਗ ਰੱਖਣ ਤਾਂ ਜੋ ਕੂੜੇ ਦਾ ਵੱਖੋ-ਵੱਖ ਨਿਬੇੜਾ ਕਰਕੇ ਸ਼ਹਿਰ ਦੇ ਸਾਰੇ 31 ਵਾਰਡਾਂ ਨੂੰ ਸਫ਼ਾਈ ਪੱਖੋਂ ਮੋਹਰੀ ਬਣਾਇਆ ਜਾ ਸਕੇ।

ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਗੁਰਦੀਪ ਸਿੰਘ ਬਾਠ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ, ਉਪ ਮੰਡਲ ਮੈਜਿਸਟ੍ਰੇਟ ਸ. ਗੋਪਾਲ ਸਿੰਘ, ਓਐਸਡੀ ਹਸਨਪ੍ਰੀਤ ਭਾਰਦਵਾਜ, ਕਾਰਜਸਾਧਕ ਅਫਸਰ ਨਗਰ ਕੌਂਸਲ ਬਰਨਾਲਾ ਸ੍ਰੀ ਵਿਸ਼ਾਲਦੀਪ, ਵੱਖ ਵੱਖ ਵਾਰਡਾਂ ਦੇ ਕੌਂਸਲਰ ਤੇ ਹੋਰ ਪਤਵੰਤੇ ਹਾਜ਼ਰ ਸਨ।