ਜ਼ਿਲ੍ਹੇ ਅੰਦਰ ਪ੍ਰਦੂਸ਼ਣ ਰਹਿਤ ਮਾਹੌਲ ਸਿਰਜਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਨ ਕਿਸਾਨ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ
ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ
5 Dariya News
ਮਾਨਸਾ 04-Oct-2023
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਪਰਾਲੀ ਦੇ ਪ੍ਰਬੰਧਨ ਲਈ ਕੀਤੇ ਗਏ ਉਪਰਾਲਿਆਂ ਦੀ ਸਮੀਖਿਆ ਕਰਨ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ, ਐਸ.ਡੀ.ਐਮ. ਮਾਨਸਾ/ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਅਤੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸਮੇਤ ਪੁਲਿਸ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਨੂੰ ਲੈ ਕੇ ਕਿਸਾਨਾਂ ਨੂੰ ਪਿੰਡ ਪੱਧਰ ’ਤੇ ਪਰਾਲੀ ਸਾੜਨ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਸਾਂਝੀਆਂ ਥਾਵਾਂ ’ਤੇ ਕੈਂਪਾਂ ਰਾਹੀਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਪਰਾਲੀ ਸਾੜਨ ਦੇ ਨੁਕਸਾਨ ਅਤੇ ਇਸ ਦੇ ਪ੍ਰਬੰਧਨ ਸਬੰਧੀ ਵੱਖ ਵੱਖ ਗਤੀਵਿਧੀਆਂ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪ੍ਰਦੂਸ਼ਣ ਰਹਿਤ ਮਾਹੌਲ ਸਿਰਜਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ।
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਪਰਾਲੀ ਦੇ ਇੰਨ—ਸੀਟੂ ਅਤੇ ਐਕਸ—ਸੀਟੂ ਪ੍ਰਬੰਧਨ ਲਈ ਤਿਆਰ ਕੀਤੇ ਗਏ ਪਲਾਨ ਅਨੁਸਾਰ ਗਤੀਵਿਧੀਆਂ ’ਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਦੱਸਿਆ ਕਿ ਜਿਲ੍ਹੇ ਅੰਦਰ ਮੌਜੂਦ ਸਾਰੀਆਂ ਕੰਬਾਇਨਾਂ ਸੁਪਰ ਐਸ.ਐਮ.ਐਸ. ਦੀ ਵਰਤੋਂ ਕਰਨਗੀਆਂ ਅਤੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੀ ਸਾਂਭ—ਸੰਭਾਲ ਲਈ ਸਾਧਨ ਉਪਲਬਧ ਹਨ।
ਮੁੱਖ ਖੇਤੀਬਾੜੀ ਅਫਸਰ ਡਾ. ਦਿਲਬਾਗ ਸਿੰਘ ਨੇ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਅੰਦਰ ਲਗਭਗ 2000 ਸੁਪਰ ਸੀਡਰ ਮੌਜੂਦ ਹਨ ਅਤੇ ਇਸ ਸਾਲ 275 ਹੋਰ ਸੁਪਰ ਸੀਡਰ ਦੀ ਖਰੀਦ ਕਰਨ ਲਈ ਪ੍ਰਵਾਨਗੀਆਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮਸ਼ੀਨਰੀ ਖਰੀਦ ਕਰਨ ਦੀ ਆਖਰੀ ਮਿਤੀ 11 ਅਕਤੂਬਰ 2023 ਨਿਰਧਾਰਤ ਕੀਤੀ ਗਈ ਹੈ।