5 Dariya News

ਕਿ੍ਰਸ਼ੀ ਵਿਗਿਆਨ ਕੇਂਦਰ ਵੱਲੋਂ ਫ਼ਸਲਾਂ ਦੀ ਰਹਿੰਦ-ਖੂਹੰਦ ਦੀ ਸਾਂਭ-ਸੰਭਾਲ ਲਈ ਜਾਗਰੂਕਤਾ ਕੈਂਪ ਦਾ ਕੀਤਾ ਆਯੋਜਨ

5 Dariya News

ਮਾਨਸਾ 09-Oct-2023

ਕਿ੍ਰਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਡਿਪਟੀ ਡਾਇਰੈਕਟਰ (ਟ੍ਰੇਨਿੰਗ) ਡਾ. ਗੁਰਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਲਈ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਅਗਵਾਈ ਕਰਦਿਆਂ ਇੰਜੀਨੀਅਰ ਅਲੋਕ ਗੁਪਤਾ ਸਹਾਇਕ ਪ੍ਰੋਫੈਸਰ (ਮਿੱਟੀ ਅਤੇ ਪਾਣੀ) ਨੇ ਦੱਸਿਆ ਕਿ ਕੇ.ਵੀ.ਕੇ. ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ, ਜਿਨਾਂ ਵਿੱਚ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਕੈਂਪ, ਸਿਖਲਾਈ ਕੋਰਸ, ਪ੍ਰਦਰਸ਼ਨੀਆਂ ਆਦਿ ਦੇ ਨਾਲ-ਨਾਲ ਕਿਸਾਨਾਂ ਨੂੰ ਬਹੁਤ ਹੀ ਘੱਟ ਕਿਰਾਏ ’ਤੇ ਪਰਾਲੀ ਦੀ ਸਾਂਭ-ਸੰਭਾਲ ਵਾਲੀਆਂ ਮਸ਼ੀਨਾਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

ਉਨਾਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਵੱਖ-ਵੱਖ ਮਸ਼ੀਨਾਂ ਜਿਵੇਂ ਕਿ ਸੁਪਰ ਐਸ.ਐਮ.ਐਸ ਹੈਪੀਸੀਡਰ, ਸਮਾਰਟ ਸੀਡਰ, ਸਰਫ਼ੇਸ ਸੀਡਰ, ਸੁਪਰ ਸੀਡਰ, ਉਲਟਾਵੇਂ ਹੱਲ, ਮਲਚਰ, ਕਟਰ-ਕਮ-ਸਪਰੈਡਰ, ਜ਼ੀਰੋ ਡਰਿੱਲ ਆਦਿ ਬਾਰੇ ਜਾਣਕਾਰੀ ਦਿੱਤੀ। ਉਨਾਂ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਸਫ਼ਲ ਕਾਸ਼ਤ ਸਬੰਧੀ ਜ਼ਰੂਰੀ ਨੁਕਤੇ ਸਾਂਝੇ ਕੀਤੇ। ਇਸ ਦੌਰਾਨ ਉਨਾਂ ਪਰਾਲੀ ਦੀ ਖੇਤਾਂ ਵਿੱਚ ਹੀ ਸਾਂਭ-ਸੰਭਾਲ ਕਰਨ ’ਤੇ ਜ਼ੋਰ ਦਿੰਦਿਆਂ ਦੱਸਿਆ ਕਿ ਇਸ ਨਾਲ ਕਣਕ ਦੀ ਬਿਜਾਈ ਦਾ ਖਰਚਾ ਤਾਂ ਘਟਦਾ ਹੀ ਹੈ ਅਤੇ ਨਾਲ ਹੀ ਪਰਾਲੀ ਵਿੱਚ ਮੌਜੂਦ ਖੁਰਾਕੀ ਤੱਤ ਜ਼ਮੀਨ ਵਿੱਚ ਮਿਲ ਕੇ ਜ਼ਮੀਨ ਨੂੰ ਉਪਜਾਊ ਵੀ ਬਣਾਉਂਦੇ ਹਨ। 

ਡਾ. ਬੀ.ਐੱਸ. ਸੇਖੋਂ ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ) ਨੇ ਕੈਂਪ ਦੌਰਾਨ ਝੋਨੇ ਦੀ ਪਰਾਲੀ ਦੀ ਸਬਜ਼ੀਆਂ ਅਤੇ ਫਲਾਂ ਦੇ ਬਾਗ਼ਾਂ ਵਿੱਚ ਮਲਚ ਦੇ ਤੌਰ ’ਤੇ ਵਰਤੋਂ ਕਰਨ ਬਾਰੇ ਜ਼ੋਰ ਦਿੱਤਾ ਅਤੇ ਵੱਖ-ਵੱਖ ਫ਼ਸਲਾਂ ਵਿੱਚ ਪਰਾਲੀ ਨੂੰ ਮਲਚ ਦੇ ਤੌਰ ’ਤੇ ਵਰਤਣ ਬਾਰੇ ਯੂਨੀਵਰਸਿਟੀ ਦੀਆਂ ਸਿਫ਼ਾਰਿਸ਼ਾਂ ਬਾਰੇ ਚਾਨਣਾ ਪਾਇਆ। ਡਾ. ਰਣਵੀਰ ਸਿੰਘ ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਪਰਾਲੀ ਵਾਲੇ ਖੇਤਾਂ ਵਿੱਚ ਬੀਜੀ ਕਣਕ ’ਤੇ ਆਉਣ ਵਾਲੇ ਕੀੜੇ-ਮਕੌੜਿਆਂ ਦੇ ਜੀਵਨ ਚੱਕਰ, ਫੈਲਾਅ, ਨੁਕਸਾਨ ਅਤੇ ਅਗੇਤੀ ਰੋਕਥਾਮ ਸਬੰਧੀ ਜ਼ਰੂਰੀ ਨੁਕਤੇ ਸਾਂਝੇ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਕਣਕ ਵਿੱਚ ਸੁੰਡੀ ਦੀ ਰੋਕਥਾਮ ਲਈ ਝੋਨੇ ਵਿੱਚ ਹੀ ਸੁੰਡੀ ਦਾ ਸਰਵੇਖਣ ਅਤੇ ਉਸਦੀ ਰੋਕਥਾਮ ਕਰਨੀ ਜ਼ਰੂਰੀ ਹੈ। 

ਇਸ ਤੋਂ ਇਲਾਵਾ ਉਨਾਂ ਨੇ ਝੋਨੇ ਅਤੇ ਨਰਮੇ ਦੀ ਖੜੀ ਫ਼ਸਲ ਵਿੱਚ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਸਬੰਧੀ ਜਾਣਕਾਰੀ ਸਾਂਝੀ ਕੀਤੀ। ਪ੍ਰੋਗਰਾਮ ਵਿੱਚ ਸ਼ਾਮਿਲ ਹੋਏ ਪਸਾਰ ਕਰਮੀਆਂ ਨੂੰ ਕੇ.ਵੀ.ਕੇ ਵਿਖੇ ਉਪਲਬਧ ਪਰਾਲੀ ਪ੍ਰਬੰਧਨ ਨਾਲ ਸਬੰਧਤ ਮਸ਼ੀਨਰੀ ਦਿਖਾਈ ਗਈ ਅਤੇ ਸਬੰਧਤ ਸਾਹਿਤ ਵੀ ਉਪਲੱਬਧ ਕਰਵਾਇਆ ਗਿਆ।