5 Dariya News

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤੀ ਮਸ਼ੀਨਰੀ ਨਾਲ ਸੁਚੱਜਾ ਪ੍ਰਬੰਧਨ ਕਰਨ ਕਿਸਾਨ- ਡਾ. ਦਿਲਬਾਗ ਸਿੰਘ

ਪਿੰਡ ਝੰਡਾ ਖੁਰਦ ਅਤੇ ਰਾਏਪੁਰ ਵਿਖੇ ਕਿਸਾਨ ਸਿਖਲਾਈ ਕੈਂਪਾਂ ਦਾ ਆਯੋਜਨ

5 Dariya News

ਮਾਨਸਾ 14-Oct-2023

ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮਾਨਸਾ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਸੁਚੱਜਾ ਪ੍ਰਬੰਧਨ ਕਰਨ ਲਈ ਕਿਸਾਨਾਂ ਨੂੰ ਵੱਖ—ਵੱਖ ਗਤੀਵਿਧੀਆਂ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਨੇ ਦੱਸਿਆ ਕਿ ਇਨ੍ਹਾਂ ਗਤੀਵਿਧੀਆਂ ਵਿੱਚ ਰੋਜ਼ਾਨਾ ਪਿੰਡ ਪੱਧਰ ’ਤੇ ਕਿਸਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦੀ ਲਗਾਤਾਰਤਾ ਵਿੱਚ ਅੱਜ ਪਿੰਡ ਝੰਡਾ ਖੁਰਦ ਅਤੇ ਰਾਏਪੁਰ ਵਿਖੇ ਬਲਾਕ ਖੇਤੀਬਾੜੀ ਅਫ਼ਸਰ ਡਾ. ਮਨੋਜ਼ ਕੁਮਾਰ ਵੱਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ 4 ਮੋਬਾਇਨ ਵੈਨਾਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਲਗਾਤਾਰ ਪ੍ਰਚਾਰ ਕਰਕੇ ਕਿਸਾਨਾਂ ਨੂੰ ਜਾਗਰੂਕ ਕਰ ਰਹੀਆਂ ਹਨ। ਇਸ ਤੋਂ ਇਲਾਵਾ ਪਿੰਡ ਭੁਪਾਲ ਵਿਖੇ ਖੇਤੀ ਮਸ਼ੀਨਰੀ ਮਾਲਕਾਂ ਨਾਲ ਮੀਟਿੰਗਾਂ ਕਰਕੇ ਮਸ਼ੀਨਰੀ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਅਪੀਲ ਕੀਤੀ ਗਈ ਕਿ ਇਹ ਮਸ਼ੀਨਰੀ ਹੋਰਨਾਂ ਕਿਸਾਨਾਂ ਨੂੰ ਵੀ ਉਪਲਬੱਧ ਕਰਵਾਉਣ ਦੀ ਪਹਿਲ ਕੀਤੀ ਜਾਵੇ, ਤਾਂ ਜੋ ਕਿਸੇ ਵੀ ਕਿਸਾਨ ਨੂੰ ਮਸ਼ੀਨਰੀ ਦੀ ਥੁੜ ਕਾਰਨ ਅੱਗ ਲਗਾਉਣ ਦੀ ਨੌਬਤ ਨਾ ਆਵੇ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਸਕੂਲਾਂ ਵਿੱਚ ਬੱਚਿਆਂ ਨੂੰ ਵੀ ਪੇਟਿੰਗ, ਭਾਸ਼ਣ ਅਤੇ ਡਿਬੇਟ ਮੁਕਾਬਲੇ ਕਰਵਾ ਕੇ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ, ਪਾਣੀ ਅਤੇ ਵਾਤਾਵਰਣ ਨੂੰ  ਹੋਣ ਵਾਲੇ ਨੁਕਸਾਨਾਂ ਬਾਰੇ ਦੱਸਿਆ ਜਾ ਰਿਹਾ ਹੈ, ਤਾਂ ਜੋ ਬੱਚਿਆਂ ਰਾਹੀਂ ਅੱਗੇ ਜਾਗਰੂਕਤਾ ਦਾ ਪ੍ਰਸਾਰ ਹੋ ਸਕੇ। 

ਉਨ੍ਹਾਂ ਦੱਸਿਆ ਕਿ ਬਲਾਕ ਭੀਖੀ ਦੇ ਪਿੰਡ ਰੱਲਾ ਵਿਖੇ ਇਸ ਵਿਸ਼ੇ ਨਾਲ ਸਬੰਧੀ ਵਿਦਿਆਰਥੀਆਂ ਦੇ ਵਿੱਦਿਅਕ ਮੁਕਾਬਲੇ ਕਰਵਾ ਗਏ ਅਤੇ ਸਨਮਾਨ ਚਿੰਨ ਵੀ ਦਿੱਤੇ ਗਏ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਗੁਰਿੰਦਰਜੀਤ ਸਿੰਘ, ਡਾ. ਨਰਿੰਦਰ ਸਿੰਘ, ਡਾ. ਜਰਮਨਜੋਤ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ ਸ਼੍ਰੀ ਮਨਿੰਦਰ ਸਿੰਘ, ਸ੍ਰੀ ਕਮਲਪ੍ਰੀਤ ਸਿੰਘ ਤੋਂ ਇਲਾਵਾ ਫੀਲਡ ਸੁਪਰਵਾਈਜਰ ਅਤੇ ਕਿਸਾਨ ਮਿੱਤਰ ਹਾਜ਼ਰ ਸਨ।