5 Dariya News

ਆਪਣੇ ਪਸ਼ੂਆਂ ਨੂੰ ਸੜਕਾਂ ਤੇ ਬੇਸਹਾਰਾ ਛੱਡਣ ਵਾਲੇ ਲੋਕਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ: ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ

ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਬੰਦ ਕਰਵਾਉਣ ਲਈ ਸਮੂਹ ਕਾਰਜ ਸਾਧਕ ਅਫਸਰ ਕਰਨ ਕਾਰਵਾਈ

5 Dariya News

ਫ਼ਤਹਿਗੜ੍ਹ ਸਾਹਿਬ 18-Oct-2023

ਸੜਕਾਂ ਤੇ ਫਿਰਦੇ ਬੇਸਹਾਰਾ ਪਸ਼ੂਆਂ ਕਾਰਨ ਕਈ ਭਿਆਨਕ ਹਾਦਸੇ ਵਾਪਰਦੇ ਹਨ ਅਤੇ ਇਹ ਵੀ ਵੇਖਣ ਵਿੱਚ ਆਇਆ ਹੈ ਕਿ ਕਈ ਪਸ਼ੂ ਪਾਲਕ ਆਪਣੇ ਪਸ਼ੂਆਂ ਨੂੰ ਸਵੇਰ ਸਮੇਂ ਸੜਕਾਂ ਤੇ ਛੱਡ ਦਿੰਦੇ ਹਨ ਜਿਸ ਨਾਲ ਆਮ ਲੋਕਾਂ ਨੂੰ ਵੱਡੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਇਸ ਲਈ ਆਪਣੇ ਪਸ਼ੂਆਂ ਨੂੰ ਸੜਕਾਂ ਤੇ ਛੱਡਣ ਵਾਲੇ ਲੋਕਾਂ ਦੇ ਸ਼ਨਾਖਤ ਕਰਕੇ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਬੇਸਹਾਰਾ ਪਸ਼ੂਆਂ ਕਾਰਨ ਹੁੰਦੇ ਸੜਕੀ ਹਾਦਸਿਆਂ ਨੂੰ ਠੱਲ ਪਾਈ ਜਾ ਸਕੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਾਰਜ ਸਾਧਕ ਅਫਸਰਾਂ ਨੂੰ ਦਿੱਤੇ। 

ਉਨ੍ਹਾਂ ਇਹ ਵੀ ਕਿਹਾ ਕਿ ਸੜਕਾਂ ਤੇ ਘੁੰਮਦੇ ਬੇਸਹਾਰਾ ਕੁੱਤਿਆਂ ਤੇ ਪਸ਼ੂਆਂ ਨੂੰ ਫੜ ਕੇ ਯੋਗ ਥਾਂ ਤੇ ਭੇਜਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਾਰਜ ਸਾਧਕ ਅਫਸਰਾਂ ਨੂੰ ਇਹ ਵੀ ਕਿਹਾ ਕਿ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਤੇ ਲਗਾਈ ਗਈ ਪਾਬੰਦੀ ਨੂੰ ਲਾਗੂ ਕਰਨ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਿਖਾਈ ਜਾਵੇ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕਰਨ ਵਾਲੇ ਦੁਕਾਨਦਾਰਾਂ, ਰੇਹੜੀ ਚਾਲਕਾਂ ਆਦਿ ਦੇ ਵੱਧ ਤੋਂ ਵੱਧ ਚਲਾਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪਲਾਸਟਿਕ ਦੇ ਲਿਫਾਫੇ ਗਲਦੇ ਨਹੀਂ ਅਤੇ ਇਨ੍ਹਾਂ ਲਿਫਾਫਿਆਂ ਦੇ ਨਾਲੀਆਂ ਵਿੱਚ ਫਸੱਣ ਕਾਰਨ ਸੀਵਰੇਜ ਵੀ ਜਾਮ ਹੋ ਜਾਂਦਾ ਹੈ ਜਿਸ ਨਾਲ ਆਮ ਲੋਕਾਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਲਈ ਪਲਾਸਟਿਕ ਦੇ ਲਿਫਾਫਿਆਂ ਤੇ ਲਗਾਈ ਗਈ ਪਾਬੰਦੀ ਨੂੰ ਇੰਨ ਬਿੰਨ ਰੂਪ ਵਿੱਚ ਲਾਗੂ ਕਰਨ ਵਿੱਚ ਕੋਈ ਅਣਗਹਿਲੀ ਨਾ ਵਿਖਾਈ ਜਾਵੇ।

ਡਿਪਟੀ ਕਮਿਸ਼ਨਰ ਨੇ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਇਹ ਵੀ ਕਿਹਾ ਕਿ ਡੇਂਗੂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਡੇਂਗੂ ਦੇ ਮੱਛਰਾਂ ਦਾ ਲਾਰਵਾ ਮਿਲਣ ਵਾਲੇ ਸਥਾਨਾਂ ਤੇ ਵੱਧ ਤੋਂ ਵੱਧ ਚਲਾਨ ਕੀਤੇ ਜਾਣ ਅਤੇ ਪਿੰਡਾਂ ਤੇ ਸ਼ਹਿਰਾਂ ਵਿੱਚ ਸਮੇਂ-ਸਮੇਂ ਤੇ ਫੌਗਿੰਗ ਵੀ ਕਰਵਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਡੇਂਗੂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਨਿਰੰਤਰ ਚੈਕਿੰਗ ਕਰਨੀ ਜਾਰੀ ਰੱਖੀ ਜਾਵੇ। ਉਨ੍ਹਾਂ ਕਾਰਜ ਸਾਧਕ ਅਫਸਰਾਂ ਨੂੰ ਕਿਹਾ ਕਿ ਆਪੋ ਆਪਣੇ ਨਗਰ ਕੌਂਸਲ ਅਧੀਨ ਪੈਂਦੇ ਜਨਤਕ ਸਥਾਨਾਂ, ਸਕੂਲਾਂ ਆਦਿ ਵਿੱਚ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਤਾ ਜੋ ਸ਼ਹਿਰਾਂ ਦੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਰੱਖਿਆ ਜਾ ਸਕੇ।

ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਾਰਜ ਸਾਧਕ ਅਫਸਰਾਂ ਨੂੰ ਇਹ ਵੀ ਕਿਹਾ ਕਿ ਸ਼ਹਿਰਾਂ ਵਿੱਚ ਲਗਾਏ ਗਏ ਬੈਨਰਾਂ/ਫਲੈਕਸਾਂ ਤੇ ਬੋਰਡਾਂ ਨੂੰ ਤੁਰੰਤ ਹਟਵਾਇਆ ਜਾਵੇ ਅਤੇ ਸਰਕਾਰੀ ਥਾਵਾਂ ਤੇ ਆਪਣੀ ਇਸ਼ਤਿਹਾਰਬਾਜੀ ਕਰਨ ਦੇ ਮੰਤਵ ਨਾਲ ਬੈਨਰ/ਫਲੈਕਸ ਲਗਾਉਣ ਵਾਲਿਆਂ ਵਿਰੁਧ ਬਣਦੀ ਕਾਰਵਾਈ ਕੀਤੀ ਜਾਵੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਐਸ.ਡੀ.ਐਮ. ਬਸੀ ਪਠਾਣਾ ਡਾ: ਸੰਜੀਵ ਕੁਮਾਰ, ਐਸ.ਡੀ.ਐਮ. ਅਮਲੋਹ ਸ਼੍ਰੀ ਗੁਰਵਿੰਦਰ ਸਿੰਘ ਜੋਹਲ, ਸਹਾਇਕ ਕਮਿਸ਼ਨਰ (ਜ) ਸ਼੍ਰੀ ਅਭਿਸ਼ੇਕ ਸ਼ਰਮਾ, ਡੀ.ਡੀ.ਪੀ.ਓ. ਸ਼੍ਰੀ ਹਿਤੇਨ ਕਪਿਲਾ, ਨਗਰ ਕੌਂਸਲ ਸਰਹਿੰਦ ਦੇ ਕਾਰਜ ਸਾਧਕ ਅਫਸਰ ਸ਼੍ਰੀ ਸੰਗੀਤ ਕੁਮਾਰ, ਮੰਡੀ ਗੋਬਿੰਦਗੜ੍ਹ ਦੇ ਕਾਰਜ ਸਾਧਕ ਅਫਸਰ ਸ਼੍ਰੀ ਕੇ.ਐਸ. ਬਰਾੜ, ਖਮਾਣੋਂ ਦੇ ਕਾਰਜ ਸਾਧਕ ਅਫਸਰ ਸ਼੍ਰੀ ਵਿਜੈ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।