5 Dariya News

ਤਿਓਹਾਰੀ ਸੀਜਨ ਦੌਰਾਨ ਖਾਣ ਪੀਣ ਵਾਲੀਆਂ ਦੁਕਾਨਾਂ ਦੀ ਕੀਤੀ ਜਾਵੇ ਚੈਕਿੰਗ - ਵਧੀਕ ਡਿਪਟੀ ਕਮਿਸ਼ਨਰ

ਮਿਲਾਵਟ ਖੋਰਾਂ ‘ਤੇ ਕਸੋ ਸ਼ਿਕੰਜਾ

5 Dariya News

ਅੰਮ੍ਰਿਤਸਰ 27-Oct-2023

ਤਿਓਹਾਰੀ ਸੀਜਨ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਨੇ ਮਿਲਾਵਟ ਖੋਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਉਹ ਖਾਣ ਪੀਣ ਦੀਆਂ ਵਸਤਾਂ ਵਿੱਚ ਕਿਸੇ ਤਰ੍ਹਾਂ ਦੀ ਮਿਲਾਵਟ ਨਾ ਕਰਨ, ਨਹੀਂ ਤਾਂ ਉਨਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਸ੍ਰੀ ਰਜਿੰਦਰ ਪਾਲ ਸਿੰਘ ਸਹਾਇਕ ਕਮਿਸ਼ਨਰ ਫੂਡ ਸੇਫਟੀ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਕਿਹਾ ਕਿ ਖਾਣ ਪੀਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਜਾਵੇ। ਉਨਾਂ ਕਿਹਾ ਕਿ ਮਿਲਾਵਟਖੋਰਾਂ ਖਿਲਾਫ਼ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ। 

ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਤਿਓਹਾਰੀ ਸੀਜਨ ਦੌਰਾਨ ਦੇਖਣ ਵਿੱਚ ਆਇਆ ਹੈ ਕਿ ਕੁਝ ਦੁਕਾਨਦਾਰ ਬਾਹਰੋਂ ਮਿਲਾਵਟੀ ਵਸਤੂਆਂ ਖਰੀਦ ਕੇ ਵੇਚਦੇ ਹਨ। ਜਿਸ ਨਾਲ ਲੋਕਾਂ ਦੀ ਸਿਹਤ ਤੇ ਮਾਰੂ ਅਸਰ ਪੈਂਦਾ ਹੈ। ਇਸ ਲਈ ਹਰੇਕ ਖਾਣੇ ਵਾਲੀ ਦੁਕਾਨ ਦੀ ਜਾਂਚ ਕੀਤੀ ਜਾਵੇ ਅਤੇ ਉਸਦੇ ਨਮੂਨੇ ਲੈ ਕੇ ਚੈਕ ਕੀਤੇ ਜਾਣ। ਉਨਾਂ ਇਸ ਤੋਂ ਇਲਾਵਾ ਮਿਲਾਵਟ ਖੋਰੀ ਸਪਲਾਈ ਨੂੰ ਰੋਕਣ ਲਈ ਵਿਸ਼ੇਸ਼ ਨਾਕੇ ਲਗਾਉਣ ਦੀ ਹਦਾਇਤ ਵੀ ਕੀਤੀ।