ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਜਲਾਣ ਵਿੱਚ 44 ਲਾਭਪਾਤਰੀਆਂ ਨੂੰ ਵੰਡੇ 5-5 ਮਰਲਿਆਂ ਦੇ ਪਲਾਟ
5 Dariya News
ਭਵਾਨੀਗੜ੍ਹ/ਸੰਗਰੂਰ 10-Jan-2024
ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਨੇੜਲੇ ਪਿੰਡ ਜਲਾਣ ਵਿਖੇ 44 ਲਾਭਪਾਤਰੀਆਂ ਨੂੰ 5-5 ਮਰਲਿਆਂ ਦੇ ਪਲਾਟਾਂ ਦੇ ਮਾਲਕਾਨਾ ਹੱਕ ਦੇਣ ਲਈ ਸਨਦਾਂ ਦੀ ਵੰਡ ਕੀਤੀ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਲਗਾਤਾਰ ਗਤੀਵਿਧੀਆਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਗਤੀਵਿਧੀਆਂ ਤਹਿਤ ਹੀ ਅੱਜ ਲੋੜਵੰਦ ਪਰਿਵਾਰਾਂ ਨੂੰ ਇਨ੍ਹਾਂ ਪਲਾਟਾਂ ਦੀ ਵੰਡ ਕੀਤੀ ਗਈ ਹੈ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਭਲਾਈ ਸਕੀਮਾਂ ਦਾ ਲਾਭ ਅਸਲ ਲੋੜਵੰਦਾਂ ਤੱਕ ਪਹੁੰਚਾਉਣ ਲਈ ਪੂਰੀ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ ਜਿਸਦੇ ਨਤੀਜੇ ਵਜੋਂ ਹੁਣ ਆਮ ਲੋਕਾਂ ਨੂੰ ਵੀ ਬਿਨਾ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਤੋਂ ਭਲਾਈ ਸਕੀਮਾਂ ਦਾ ਲਾਭ ਪਹਿਲ ਦੇ ਆਧਾਰ ਉੱਪਰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਵਿੱਚ ਭਲਾਈ ਸਕੀਮਾਂ ਦੇ ਨਾਲ-ਨਾਲ ਹਲਕੇ ਦੇ ਸਰਵਪੱਖੀ ਵਿਕਾਸ ਲਈ ਪ੍ਰੋਜੈਕਟਾਂ ਨੂੰ ਸਮੇਂ ਸਿਰ ਮਿਆਰੀ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ।
ਐਮ.ਐਲ.ਏ. ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪਿੰਡ ਜਲਾਣ ਵਿੱਚ ਪੰਜ ਮਰਲੇ ਦੇ ਪਲਾਟਾਂ ਦੇ ਮਾਲਕਾਨਾਂ ਹੱਕ ਲੋੜਵੰਦਾਂ ਨੂੰ ਦੇਣ ਦੇ ਨਾਲ-ਨਾਲ ਜਲਦ ਹੀ ਪਿੰਡ ਦੇ ਲੋਕਾਂ ਦੀ ਇੱਕ ਹੋਰ ਵੱਡੀ ਮੰਗ ਨੂੰ ਵੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਲਦ ਹੀ ਪਿੰਡ ਵਾਸੀਆਂ ਨੂੰ ਖੇਡ ਪਾਰਕ ਦੇ ਰੂਪ ਵਿੱਚ ਵੱਡਾ ਤੋਹਫ਼ਾ ਦਿੱਤਾ ਜਾਵੇਗਾ ਤਾਂ ਜੋ ਨੌਜਵਾਨਾਂ ਅਤੇ ਪਿੰਡ ਵਾਸੀਆਂ ਨੂੰ ਨਿਰੋਈ ਸਿਹਤ ਲਈ ਪ੍ਰੇਰਿਤ ਕੀਤਾ ਜਾ ਸਕੇ। ਇਸ ਮੌਕੇ ਸਮੂਹ ਵਰਕਰ ਵੀ ਹਾਜ਼ਰ ਸਨ।