ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਫਤਿਹਗੜ੍ਹ ਛੰਨਾਂ ਵਿਖੇ 15.15 ਲੱਖ ਰੁਪਏ ਦੀ ਲਾਗਤ ਵਾਲੇ ਸਿੰਚਾਈ ਪ੍ਰੋਜੈਕਟ ਦਾ ਉਦਘਾਟਨ
ਛੱਪੜ ਦੇ ਸੋਧੇ ਹੋਏ ਪਾਣੀ ਨੂੰ ਜ਼ਮੀਨਦੋਜ਼ ਪਾਈਪਾਂ ਰਾਹੀਂ ਬਣਾਇਆ ਵਰਤੋਂਯੋਗ
5 Dariya News
ਸੰਗਰੂਰ 29-Jan-2024
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਫਤਿਹਗੜ੍ਹ ਛੰਨਾਂ ਵਿਖੇ ਛੱਪੜ ਦੇ ਸੋਧੇ ਹੋਏ ਪਾਣੀ ਨੂੰ ਜ਼ਮੀਨਦੋਜ਼ ਪਾਈਪਾਂ ਰਾਹੀਂ ਵਰਤੋਂ ਵਿੱਚ ਲਿਆਉਣ ਲਈ ਸਿੰਚਾਈ ਪ੍ਰੋਜੈਕਟ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਾਣੀ ਦੀ ਸੁਚੱਜੀ ਵਰਤੋਂ ਲਈ ਲੋਕਾਂ ਦੀ ਲੋੜ ਮੁਤਾਬਕ ਇਹ ਪ੍ਰੋਜੈਕਟ ਚਲਾਏ ਜਾ ਰਹੇ ਹਨ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਬੱਚਤ ਹੋ ਸਕੇ।
ਉਨ੍ਹਾਂ ਇਸ ਸਬੰਧੀ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਪਾਣੀ ਦੇ ਅਜਾਈਂ ਨਸ਼ਟ ਹੋਣ ’ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਪਾਣੀ ਕੁਦਰਤ ਦਾ ਅਨਮੋਲ ਸੋਮਾ ਹੈ ਜਿਸ ਨੂੰ ਬਚਾਉਣ ਲਈ ਹਰ ਨਾਗਰਿਕ ਨੂੰ ਮਨ ਵਿੱਚ ਦ੍ਰਿੜ ਸੰਕਲਪ ਕਰਨਾ ਚਾਹੀਦਾ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਦੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ।
ਵਿਧਾਇਕ ਨੇ ਕਿਹਾ ਕਿ ਇਸ ਪ੍ਰੋਜੈਕਟ ਅਧੀਨ 23 ਹੈਕਟੇਅਰ ਰਕਬਾ ਖੇਤਾਂ ਦੀ ਸਿੰਚਾਈ ਲਈ ਕਵਰ ਕੀਤਾ ਗਿਆ ਹੈ ਅਤੇ ਇਸ ਪ੍ਰੋਜੈਕਟ ’ਤੇ ਕੁਲ 15.15 ਲੱਖ ਰੁਪਏ ਦੀ ਲਾਗਤ ਆਈ ਹੈ ਜੋ ਕਿ ਸੌ ਫ਼ੀਸਦੀ ਸਬਸਿਡੀ ਹੀ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਸਹਾਇਕ ਸਾਬਤ ਹੋਵੇਗਾ ਅਤੇ ਨੇੜ ਭਵਿੱਖ ਵਿੱਚ ਹਲਕਾ ਸੰਗਰੂਰ ਵਿੱਚ ਅਜਿਹੇ ਪ੍ਰੋਜੈਕਟਾਂ ਨੂੰ ਹੋਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਭੂਮੀ ਪਾਲ ਸੁਖਵਿੰਦਰ ਸਿੰਘ ਅਤੇ ਮੰਡਲ ਭੂਮੀ ਰੱਖਿਆ ਅਫ਼ਸਰ ਗੁਰਬਿੰਦਰ ਸਿੰਘ ਢਿੱਲੋਂ, ਜਸਪਾਲ ਸਿੰਘ ਤੇ ਸ਼ਰੇਆਂਸ ਮਿੱਤਲ, ਬਲਾਕ ਪ੍ਰਧਾਨ ਗੁਰਪਿਆਰ ਸਿੰਘ, ਮਨਦੀਪ ਸਿੰਘ ਰੂਪਾਹੇੜੀ ਵੀ ਹਾਜ਼ਰ ਸਨ।