ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਨਗਰ ਨੇ ਐਸ.ਐਮ.ਐਲ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
5 Dariya News
ਰੂਪਨਗਰ 01-Feb-2024
ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ ਵੱਲੋਂ ਐਸ.ਐਮ.ਐਲ. ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ ਨੇ ਦੱਸਿਆ ਕਿ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਸ. ਮਨਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਰੂਪਨਗਰ ਵਿੱਚ ਦੂਰ-ਦੁਰਾਡੇ ਪਿੰਡਾਂ ਵਿੱਚ ਰਹਿੰਦੇ ਲੋਕਾਂ ਵਿੱਚ ਕਾਨੂੰਨੀ ਜਾਗਰੂਕਤਾ ਲਿਆਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਐਸ.ਐਮ.ਐਲ. ਵੈਨ ਰਾਹੀਂ ਕਾਨੂੰਨੀ ਸਾਖਰਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
ਸ਼੍ਰੀਮਤੀ ਰਮੇਸ਼ ਕੁਮਾਰੀ ਨੇ ਦੱਸਿਆ ਕਿ ਇਹ ਐਸ.ਐਮ.ਐਲ. ਵੈਨ 01 ਫਰਵਰੀ 2024 ਤੋਂ 14 ਫਰਵਰੀ ਤੱਕ 15 ਦਿਨਾਂ ਲਈ ਰੂਪਨਗਰ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਰੂਪਨਗਰ, ਨੰਗਲ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਾਨੂੰਨੀ ਸਾਖਰਤਾ ਪ੍ਰੋਗਰਾਮ ਕਰਵਾਏ ਜਾਣਗੇ।ਉਨ੍ਹਾਂ ਦੱਸਿਆ ਕਿ ਇਸ ਵਿੱਚ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ, ਪੈਰਾ ਲੀਗਲ ਵਲੰਟੀਅਰਜ਼, ਪੈਨਲ ਐਡਵੋਕੇਟਜ਼ ਅਤੇ ਪੰਚਾਇਤ ਸਕੱਤਰ ਵੀ ਸ਼ਮੂਲੀਅਤ ਕਰਨਗੇ।
ਇਸ ਸੰਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਸੀ.ਜੇ.ਐਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਹਿਮਾਂਸ਼ੀ ਗਲਹੋਤਰਾ ਨੇ ਦੱਸਿਆ ਕਿ ਦੂਰ-ਦੁਰਾਡੇ ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ, ਦੇਸ਼ ਦੇ ਵੱਖ-ਵੱਖ ਕਾਨੂੰਨਾਂ ਬਾਰੇ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਚਲਾਈਆਂ ਜਾ ਰਹੀਆਂ ਨਾਲਸਾ ਸਕੀਮਾਂ, ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਅਤੇ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਪਹੁੰਚਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਵੈਨ ਰਾਹੀਂ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲੜੀ ਅਤੇ ਭਲਾਣ ਵਿਖੇ ਕਾਨੂੰਨੀ ਸਾਖਰਤਾ ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ ਰਾਹੀ ਪੈਨਲ ਐਡਵੋਕੇਟ ਸ੍ਰੀ ਅਨੰਦਪੁਰ ਸਾਹਿਬ ਸ਼੍ਰੀ ਗਗਨਦੀਪ ਬੱਸੀ ਅਤੇ ਪੀ.ਐਲ.ਵੀ. ਸ਼੍ਰੀ ਬਾਦਲ ਵੱਲੋਂ ਲੋਕਾਂ ਨੂੰ ਪੰਜਾਬ ਵਿਕਟਮ ਕੰਪਨਸੇਸ਼ਨ ਸਕੀਮ, 2017, ਜਿਨਸੀ ਸ਼ੋਸ਼ਣ, ਹੋਰ ਅਪਰਾਧਾਂ ਦੀਆਂ ਪੀੜਤ ਔਰਤਾਂ ਤੇ ਬੱਚੀਆਂ ਲਈ ਮੁਆਵਜ਼ਾ ਸਕੀਮ, 2018, ਨਸ਼ੇ ਦੀ ਦੁਰਵਰਤੋਂ ਦੇ ਪੀੜਤਾਂ ਲਈ ਕਾਨੂੰਨੀ ਸੇਵਾਵਾਂ ਸੰਬੰਧੀ ਨਾਲਸਾ ਸਕੀਮ, 2015, ਪ੍ਰੀ-ਇੰਸਟੀਚਿਊਸ਼ਨ ਮੇਡੀਏਸ਼ਨ, ਕੰਮ ਵਾਲੀ ਥਾਂ ਤੇ ਔਰਤਾਂ ਨਾਲ ਜਿਨਸੀ ਸੋਸ਼ਣ ਕੀ ਰੋਕਥਾਮ ਕਾਨੂੰਨ ਅਤੇ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਸੰਬੰਧੀ ਹੋਰ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ website: www.pulsa.gov.in ਅਤੇ ਟੋਲ ਫਰੀ ਨੰਬਰ 1968 ਅਤੇ 15100 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਦੇ ਨੰਬਰ 01881-220171 ਤੇ ਸੰਪਰਕ ਕੀਤਾ ਜਾ ਸਕਦਾ ਹੈ।