5 Dariya News

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹੁਸ਼ਿਆਰਪੁਰ ਤੋਂ ਬੱਸ ਨੂੰ ਦਿਖਾਈ ਰਹੀ ਝੰਡੀ

ਹੁਸ਼ਿਆਰਪੁਰ ਤੋਂ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਏ.ਸੀ ਵਾਲਵੋ ਬੱਸ ਨੂੰ ਕੀਤਾ ਰਵਾਨਾ

5 Dariya News

ਹੁਸ਼ਿਆਰਪੁਰ 06-Feb-2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਜੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਬੱਸ ਨੂੰ ਹੁਸ਼ਿਆਰਪੁਰ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਕਮਿਸ਼ਨਰ ਨਗਰ ਨਿਗਮ ਜਿਓਤੀ ਬਾਲਾ ਮੱਟੂ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਅਤੇ ਡੀ.ਐਸ.ਪੀ ਅਮਰਨਾਥ ਵੀ ਮੌਜੂਦ ਸਨ।

ਹੁਸ਼ਿਆਰਪੁਰ ਤੋਂ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਜੀ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿਚ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾ ਲਈ ਜਾਣ ਦੇ ਲਈ ਸਫਰ ਦੀ ਸੁਵਿਧਾ ਮੁਫ਼ਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ’ਤੇ ਜਾਣ ਵਾਲੇ ਯਾਤਰੀਆਂ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਕਰੇਗੀ, ਜਿਸ ਵਿਚ ਉਨ੍ਹਾਂ ਦੇ ਆਉਣ-ਜਾਣ, ਠਹਿਰਣ ਅਤੇ ਖਾਣ-ਪੀਣ ਦਾ ਸਾਰਾ ਖ਼ਰਚਾ ਸ਼ਾਮਿਲ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਤਲਵੰਡੀ ਸਾਬੋ, ਸ੍ਰੀ ਸਾਲਾਸਰ ਧਾਮ, ਸ੍ਰੀ ਖਾਟੂ ਸ਼ਿਆਮ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਜਵਾਲਾ ਜੀ ਆਦਿ ਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਤਾ ਵੈਸ਼ਨੋ ਦੇਵੀ ਅਤੇ ਹੋਰ ਤੀਰਥ ਸਥਾਨਾਂ ਦੇ ਲਈ ਵੀ ਜਲਦ ਹੀ ਬੱਸਾਂ ਰਵਾਨਾ ਕੀਤੀ ਜਾਣਗੀਆਂ।

ਬ੍ਰਮ ਸ਼ੰਕਰ ਜਿੰਪਾ ਨੇ ਯਾਤਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਸ ਤੀਰਥ ਯਾਤਰਾ ’ਤੇ ਜਾਣ ਲਈ ਸਰਕਾਰ ਵਲੋਂ ਬਿਹਤਰੀਨ ਪ੍ਰਬੰਧ ਕੀਤੇ ਗਏ ਹਨ।  ਉਨ੍ਹਾਂ ਕਿਹਾ ਕਿ ਵੱਧ ਉਮਰ ਅਤੇ ਆਰਥਿਕ ਤੰਗੀ ਦੇ ਕਾਰਨ ਪੰਜਾਬ ਅਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਲੋਕਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਰਦਾਨ ਸਾਬਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੀ ਇਸ ਵਿਸ਼ੇਸ਼ ਯੋਜਨਾ ਲਈ ਵਿੱਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।